ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION! ਰੱਖੀ ਗਈ ਵੱਡੀ ਮੰਗ, ਪੜ੍ਹੋ ਪੂਰਾ ਮਾਮਲਾ

Sunday, Jul 19, 2026 - 03:43 PM (IST)

ਪੰਜਾਬ : ਪ੍ਰਿੰਸੀਪਲਾਂ-ਹੈੱਡਮਾਸਟਰਾਂ ਨੂੰ ਤੁਰੰਤ ਦਿਓ PROMOTION!  ਰੱਖੀ ਗਈ ਵੱਡੀ ਮੰਗ, ਪੜ੍ਹੋ ਪੂਰਾ ਮਾਮਲਾ

ਬਠਿੰਡਾ (ਮਨਜੀਤ) : ਪੰਜਾਬ ਦੇ ਸਿੱਖਿਆ ਸਕੱਤਰ ਵੱਲੋਂ ਸਕੂਲਾਂ ਦੇ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਤਨਖ਼ਾਹ ਲੇਟ ਪਵਾਉਣ ਕਰ ਕੇ ਦੋਸ਼ ਸੂਚੀ ਜਾਰੀ ਕੀਤੀ ਹੈ, ਜੋ ਕਿ ਤਰਕਹੀਣ ਅਤੇ ਸਰਾਸਰ ਗਲਤ ਹੈ। ਸਰਕਾਰ ਆਪਣੀਆਂ ਨਕਾਮੀਆਂ ਦਾ ਠੀਕਰਾ ਉਨ੍ਹਾਂ ਪ੍ਰਿੰਸੀਪਲਾਂ ਅਤੇ ਹੈੱਡ ਮਾਸਟਰਾਂ ਸਿਰ ਭੰਨ ਰਹੀ ਹੈ, ਜਿਨ੍ਹਾਂ ਨੂੰ ਇਕ ਸਕੂਲ ਦੀ ਥਾਂ 6 ਤੋਂ 7 ਸਕੂਲਾਂ ਦਾ ਕੰਮ ਦਿੱਤਾ ਗਿਆ ਹੈ। ਅਧਿਆਪਕਾਂ ਦੀ ਨੁਮਾਇੰਦਾ ਜੱਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਬਠਿੰਡਾ ਜ਼ਿਲ੍ਹੇ ਦੇ ਪ੍ਰਧਾਨ ਬਲਜਿੰਦਰ ਸਿੰਘ ਸਕੱਤਰ ਜਸਵਿੰਦਰ ਸਿੰਘ ਨੇ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨ ਸਿੱਖਿਆ ਸਕੱਤਰ ਸੋਨਾਲੀ ਗਿਰੀ ਦੇ ਦਸਤਖ਼ਤਾਂ ਹੇਠ ਜਾਰੀ ਹੋਈ ਸੂਚੀ ਵਿਚ 68 ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨੂੰ ਇਸ ਲਈ ਦੋਸ਼ੀ ਬਣਾਇਆ ਗਿਆ ਹੈ ਕਿ ਉਨ੍ਹਾਂ ਨੇ ਆਪਣੇ ਅਧੀਨ ਕਰਮਚਾਰੀਆਂ ਨੂੰ ਤਨਖ਼ਾਹ ਲੇਟ ਦਿੱਤੀ ਹੈ। ਡੀ. ਟੀ. ਐੱਫ. ਆਗੂਆਂ ਨੇ ਕਿਹਾ ਕਿ ਜਿੱਥੇ ਪੰਜਾਬ ਦੇ ਸੈਕੰਡਰੀ ਸਕੂਲਾਂ 'ਚ ਪ੍ਰਿੰਸੀਪਲਾਂ ਦੀਆਂ 1900 ਵਿਚੋਂ 1100 ਤੋਂ ਵੱਧ ਪੋਸਟਾਂ ਖ਼ਾਲੀ ਪਈਆਂ ਹਨ, ਹੈੱਡਮਾਸਟਰਾਂ ਦੀਆਂ 50 ਫ਼ੀਸਦੀ ਪੋਸਟਾਂ ਖ਼ਾਲੀ ਪਈਆਂ ਹਨ ਅਤੇ ਬਠਿੰਡਾ ਵਰਗੇ ਜ਼ਿਲ੍ਹੇ 'ਚ ਸੱਤ ਵਿਚੋਂ ਸਿਰਫ ਇਕ ਵੀ ਬੀ. ਪੀ. ਈ. ਓ. ਹੈ, ਉੱਥੇ ਕਰਮਚਾਰੀਆਂ ਨੂੰ ਤਨਖ਼ਾਹਾਂ ਕਿਵੇਂ ਸਮੇਂ ਸਿਰ ਮਿਲ ਸਕਦੀਆਂ ਹਨ?

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਕ ਇਕ ਪ੍ਰਿੰਸੀਪਲ 6 ਤੋਂ 7 ਸਕੂਲਾਂ ਦਾ ਤਨਖ਼ਾਹ ਬਣਾਉਣ, ਗ੍ਰਾਂਟਾਂ ਖਰਚਣ ਅਤੇ ਹੋਰ ਸੈਂਕੜੇ ਤਰ੍ਹਾਂ ਦੇ ਕੰਮ ਸਾਂਭ ਰਿਹਾ ਹੈ। ਇਕ-ਇਕ ਕਲਰਕ ਕਈ-ਕਈ ਸਕੂਲਾਂ ਦੀਆਂ ਤਨਖ਼ਾਹਾਂ ਬਣਾ ਰਿਹਾ ਹੈ ਤਾਂ ਤਨਖ਼ਾਹਾਂ ਸਮੇਤ ਹੋਰ ਕੰਮਾਂ ਦਾ ਲਟਕਣਾ ਸੁਭਾਵਿਕ ਹੈ। ਇਸ ਲਈ ਪ੍ਰਿੰਸੀਪਲਾਂ ਨੂੰ ਦੋਸ਼ੀ ਬਣਾਉਣਾ ਤਰਕਹੀਣ ਅਤੇ ਸਰਾਸਰ ਗਲਤ ਹੈ। ਜੱਥੇਬੰਦੀ ਨੇ ਮੰਗ ਕੀਤੀ ਹੈ ਕਿ ਸਰਕਾਰ ਸਕੂਲਾਂ 'ਚ ਹੈੱਡਮਾਸਟਰਾਂ, ਪ੍ਰਿੰਸੀਪਲਾਂ ਅਤੇ ਪ੍ਰਾਇਮਰੀ ਸਕੂਲਾਂ ਦੇ ਬਲਾਕਾਂ ਦੇ ਬਲਾਕ ਅਫ਼ਸਰਾਂ ਦੀਆਂ ਖ਼ਾਲੀ ਰੱਖੀਆਂ ਅਸਾਮੀਆਂ ਸਬੰਧੀ ਵਾਈਟ ਪੇਪਰ ਜਾਰੀ ਕਰੇ। ਜ਼ਿਲ੍ਹੇ ਦੇ ਪ੍ਰਧਾਨ ਵਿਕਾਸ ਗਰਗ, ਸਹਿ ਸਕੱਤਰ ਕੁਲਵਿੰਦਰ ਵਿਰਕ ਸਕੱਤਰ ਅਨਿਲ ਭੱਟ ਨੇ ਕਿਹਾ ਕਿ ਜੱਥੇਬੰਦੀ ਇਨ੍ਹਾਂ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਦੋਸ਼ ਸੂਚੀ ਨੂੰ ਵਾਪਸ ਕਰਵਾਉਣ ਲਈ ਸਖ਼ਤ ਸੰਘਰਸ਼ ਕਰੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ

ਜੱਥੇਬੰਦੀ ਦੇ ਬਲਾਕ ਪ੍ਰਧਾਨ ਭੁਪਿੰਦਰ ਮਾਈਸਰਖਾਨਾ, ਭੋਲਾ ਰਾਮ, ਰਾਜਵਿੰਦਰ ਜਲਾਲ, ਬਲਕਰਨ ਕੋਟ ਸ਼ਮੀਰ, ਜ਼ਿਲਾ ਕਮੇਟੀ ਮੈਂਬਰ ਹਰਜੀਤ ਜੀਦਾ, ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਜਗਦੀਪ ਸਿੰਘ ਮਾਨ ਅਤੇ ਦਰਸ਼ਨ ਭਗਤਾ ਨੇ ਕਿਹਾ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਲੰਬੇ ਸਮੇਂ ਤੋਂ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀ. ਪੀ. ਈ. ਓਜ. ਦੀਆਂ ਪ੍ਰਮੋਸ਼ਨਾਂ ਕਰਨ ਦੀ ਮੰਗ ਕਰ ਰਹੀ ਹੈ ਪਰ ਵਿਭਾਗ ਦੇ ਅਧਿਕਾਰੀ ਇਸ ਨੂੰ ਕਿਸੇ ਤਣ ਪੱਤਣ ਨਹੀਂ ਲਾ ਰਹੇ, ਜਿਸ ਕਾਰਨ ਸਕੂਲਾਂ ਅਤੇ ਦਫ਼ਤਰਾਂ ਦਾ ਕੰਮ ਬੁਰੀ ਤਰਾਂ ਪ੍ਰਭਾਵਿਤ ਹੋ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਇਹ ਦੋਸ਼ ਸੂਚੀ ਤੁਰੰਤ ਵਾਪਸ ਲਈ ਜਾਵੇ ਅਤੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਬੀ. ਪੀ. ਈ. ਓਜ਼. ਦੀਆਂ ਪ੍ਰਮੋਸ਼ਨਾਂ ਤੁਰੰਤ ਕੀਤੀਆਂ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News