ਪੰਜਾਬ ਭਾਰੀ ਆਰਥਿਕ ਸੰਕਟ ''ਚ, ਸਰਕਾਰ ਨਵੇਂ ਸੋਮੇ ਪੈਦਾ ਕਰਨ ''ਚ ਜੁਟੀ : ਅਮਰਿੰਦਰ

02/26/2018 6:53:22 AM

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸੂਬਾ ਇਸ ਸਮੇਂ ਭਾਰੀ ਵਿੱਤੀ ਸੰਕਟ ਦੇ ਦੌਰ 'ਚੋਂ ਗੁਜ਼ਰ ਰਿਹਾ ਹੈ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਪੰਜਾਬ 'ਤੇ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹ ਗਿਆ ਪਰ ਕਾਂਗਰਸ ਸਰਕਾਰ ਸੂਬੇ ਨੂੰ ਆਰਥਿਕ ਸੰਕਟ ਤੋਂ ਬਾਹਰ ਕੱਢਣ ਲਈ ਭਾਰੀ ਕੋਸ਼ਿਸ਼ਾਂ ਕਰ ਰਹੀ ਹੈ। ਆਰਥਿਕ ਸਥਿਤੀ ਸੁਧਾਰਨ ਲਈ ਨਵੇਂ ਆਰਥਿਕ ਸੋਮੇ ਪੈਦਾ ਕੀਤੇ ਜਾ ਰਹੇ ਹਨ। ਸਰਕਾਰੀ ਫੰਡਾਂ ਦੀ ਦੁਰਵਰਤੋਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਤਪਾਦਕ ਕੰਮਾਂ ਲਈ ਹੀ ਸਰਕਾਰੀ ਫੰਡਾਂ ਦੀ ਵਰਤੋਂ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ-ਆਪਣੇ ਵਿਭਾਗਾਂ ਦੀ ਆਮਦਨ 'ਚ ਵਾਧਾ ਕਰਨ ਲਈ ਢੁਕਵੇਂ ਕਦਮ ਚੁੱਕਣ। ਨਾਲ ਹੀ ਨਵੇਂ ਆਰਥਿਕ ਸੋਮਿਆਂ ਨੂੰ ਲੱਭਣ ਲਈ ਢੁਕਵੀਂ ਕਾਰਵਾਈ ਕੀਤੀ ਜਾਏ ਤਾਂ ਜੋ ਸੂਬੇ ਦੀ ਆਰਥਿਕ ਸਥਿਤੀ ਨੂੰ ਵੀ ਵਧੀਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਕਦਮ ਚੁੱਕਦੇ ਹੋਏ ਪੰਜਾਬ ਮਿਊਂਸੀਪਲ ਆਊਟ ਡੋਰ ਐਡਵਰਟਾਈਜ਼ਮੈਂਟ ਪਾਲਿਸੀ 2018 ਨੂੰ ਆਪਣੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸਰਕਾਰ ਨੂੰ 200 ਕਰੋੜ ਰੁਪਏ ਦਾ ਵਾਧੂ ਮਾਲੀਆ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਅਧੀਨ ਹੁਣ ਢੁਕਵੀਆਂ ਥਾਵਾਂ ਦੀ ਚੋਣ ਕੀਤੀ ਜਾਏਗੀ ਜਿਸ ਲਈ ਐਡਵਰਟਾਈਜ਼ਮੈਂਟ ਰਾਈਟਸ ਦਿੱਤੇ ਜਾਣਗੇ। ਉਨ੍ਹਾਂ ਸਰਕਾਰ ਵਲੋਂ ਸੂਬੇ 'ਚ ਪੜ੍ਹੇ-ਲਿਖੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇਣ ਦੇ ਇਰਾਦੇ ਨਾਲ 20 ਫਰਵਰੀ ਤੋਂ ਨੌਕਰੀ ਮੇਲਿਆਂ ਦਾ ਆਯੋਜਨ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ 8 ਮਾਰਚ ਤਕ ਚੱਲੇਗਾ। ਇਸ ਲਈ ਇਸ 'ਚ ਪੜ੍ਹੇ-ਲਿਖੇ ਬੇਰੋਜ਼ਗਾਰ ਰੋਜ਼ਗਾਰ ਲੈਣ ਲਈ ਆਪਣੇ ਨਾਵਾਂ ਦੀ ਰਜਿਸਟ੍ਰੇਸ਼ਨ ਕਰਵਾ ਸਕਣ।