ਡਿਫਾਲਟਰ ਕਿਸਾਨਾਂ ਦੀ ਜ਼ਮੀਨ ਵੇਚਣ ਦੀ ਕੋਈ ਵੀ ਤਜਵੀਜ਼ ਨਹੀਂ : ਖੇਤੀ ਬੈਂਕ

Thursday, Jul 19, 2018 - 06:27 AM (IST)

ਚੰਡੀਗੜ੍ਹ (ਭੁੱਲਰ) - ਪੰਜਾਬ ਖੇਤੀਬਾੜੀ ਬੈਂਕ ਨੇ 6 ਜ਼ਿਲਿਆਂ ਦੇ 12 ਹਜ਼ਾਰ ਡਿਫਾਲਟਰ ਕਿਸਾਨਾਂ ਦੀ ਜ਼ਮੀਨ ਵੇਚਣ ਸਬੰਧੀ ਸਪੱਸ਼ਟ ਕੀਤਾ ਹੈ ਕਿ ਡਿਫਾਲਟਰ ਕਿਸਾਨਾਂ ਦੀ ਜ਼ਮੀਨ ਵੇਚਣ ਦੀ ਕੋਈ ਤਜਵੀਜ਼ ਨਹੀਂ ਹੈ।ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਐੱਮ. ਡੀ. ਐੱਚ.ਐੱਸ. ਸਿੱਧੂ ਨੇ ਕਿਹਾ ਕਿ ਕਿਸੇ ਵੀ ਡਿਫਾਲਟਰ ਕਿਸਾਨ ਦੀ ਕੋਈ ਵੀ ਜ਼ਮੀਨ ਵੇਚੀ ਨਹੀਂ ਜਾ ਰਹੀ ਹੈ ਅਤੇ ਨਾ ਹੀ ਭਵਿੱਖ ਵਿਚ ਕੋਈ ਜ਼ਮੀਨ ਵੇਚਣ ਦੀ ਤਜਵੀਜ਼ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਡਿਫਾਲਟਰ ਕਿਸਾਨਾਂ ਖਿਲਾਫ ਖਾਸ ਕਰ ਕੇ ਵੱਡੇ ਸਮਰਥਾਵਾਨ ਕਿਸਾਨਾਂ ਖਿਲਾਫ ਕਾਨੂੰਨੀ ਕਾਰਵਾਈ ਆਰੰਭ ਕਰਨੀ ਬੈਂਕ ਦੀ ਰੁਟੀਨ ਪ੍ਰਕਿਰਿਆ ਹੈ ਪਰ ਇਸ ਕਾਨੂੰਨੀ ਕਾਰਵਾਈ ਦਾ ਇਹ ਮਤਲਬ ਬਿਲਕੁਲ ਨਹੀਂ ਬਣਦਾ ਕਿ ਬੈਂਕ ਕਿਸਾਨਾਂ ਦੀ ਜ਼ਮੀਨ ਵੇਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੈਂਕ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਲਈ ਕਾਰਵਾਈ ਜ਼ਰੂਰ ਆਰੰਭ ਕਰਦਾ ਹੈ ਪਰ ਪਹਿਲਾਂ ਹੀ ਚਿੰਤਾ ਵਿਚ ਡੁੱਬੇ ਕਿਸਾਨ ਨੂੰ ਕਦੇ ਪ੍ਰੇਸ਼ਾਨ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਬਹੁਤ ਕਿਸਾਨ ਅਜਿਹੇ ਹੁੰਦੇ ਹਨ ਜੋ ਕਰਜ਼ਾ ਮੋੜਨ ਦੀ ਸਮਰੱਥਾ ਤਾਂ ਰੱਖਦੇ ਹੁੰਦੇ ਹਨ ਪਰ ਜਾਣ-ਬੁੱਝ ਕੇ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਮੋੜਦੇ। ਉਨ੍ਹਾਂ ਕਿਹਾ ਕਿ ਪਹਿਲੀ ਫਰਵਰੀ 2018 ਨੂੰ ਬੈਂਕ ਦਾ 1363.87 ਕਰੋੜ ਰੁਪਏ ਦਾ ਕਰਜ਼ਾ 71,432 ਕਿਸਾਨਾਂ ਵੱਲ ਬਕਾਇਆ ਖੜ੍ਹਾ ਹੈ। ਇਨ੍ਹਾਂ ਵਿਚੋਂ ਬੈਂਕ ਨੇ 30 ਜੂਨ 2018 ਤੱਕ 16469 ਕਿਸਾਨਾਂ ਤੋਂ 194.74 ਕਰੋੜ ਦੀ ਰਿਕਵਰੀ ਹਾਸਲ ਕਰ ਲਈ ਅਤੇ ਇਕ ਵੀ ਕਿਸਾਨ ਦੀ ਜ਼ਮੀਨ ਨਹੀਂ ਵੇਚੀ।


Related News