ਪੰਜਾਬ ਮੰਡੀ ਬੋਰਡ ਦੀ ਗਰੀਨ ਊਰਜਾ ਵੱਲ ਵੱਡੀ ਪੁਲਾਂਘ! ਅਨਾਜ ਮੰਡੀਆਂ ’ਚ ਲੱਗਣਗੇ ਸੋਲਰ ਪ੍ਰੋਜੈਕਟ

Wednesday, Jul 16, 2025 - 09:32 PM (IST)

ਪੰਜਾਬ ਮੰਡੀ ਬੋਰਡ ਦੀ ਗਰੀਨ ਊਰਜਾ ਵੱਲ ਵੱਡੀ ਪੁਲਾਂਘ! ਅਨਾਜ ਮੰਡੀਆਂ ’ਚ ਲੱਗਣਗੇ ਸੋਲਰ ਪ੍ਰੋਜੈਕਟ

ਮੋਹਾਲੀ (ਰਣਬੀਰ) : ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫ਼ਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ’ਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਾਵਰ ਪਲਾਂਟ ਲਾਉਣ ਦੀ ਯੋਜਨਾ ਬਣਾਈ ਹੈ। ਇਸ ਨਾਲ ਬਿਜਲੀ ਦੇ ਖ਼ਰਚਿਆਂ ’ਚ ਸਾਲਾਨਾ ਲਗਭਗ 3.5 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਉੱਚ ਅਧਿਕਾਰੀਆਂ ਨਾਲ ਅਨਾਜ ਮੰਡੀਆਂ, ਫਲ ਤੇ ਸਬਜ਼ੀ ਮੰਡੀਆਂ ਮਾਰਕੀਟ ਕਮੇਟੀਆਂ ਅਤੇ ਈ-ਨੈਮ ਸਬੰਧੀ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆਂ ’ਚ 50,000 ਤੋਂ ਵੱਧ ਬੂਟੇ ਲਾਵੇਗਾ। ਇਹ ਉਪਰਾਲਾ ਪੰਜਾਬ ਭਰ ਦੀਆਂ ਮੰਡੀਆਂ ਤੇ ਉਸ ਦੇ ਆਲੇ-ਦੁਆਲੇ ਹਰਿਆਲੀ ਵਧਾਉਣ ਤੇ ਵਾਤਾਵਰਨ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਬੋਰਡ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਤਲਵੰਡੀ ਸਾਬੋ ਸਥਿਤ ਗੈਸਟ ਹਾਊਸ ਦੇ ਨਵੀਨੀਕਰਨ ਦੇ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਨੂੰ ਕਿਸਾਨ ਭਵਨ, ਚੰਡੀਗੜ੍ਹ ਦੀ ਤਰਜ਼ ’ਤੇ ਚਲਾਇਆ ਜਾ ਸਕੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਬੋਰਡ ਦੀਆਂ ਰਿਹਾਇਸ਼ੀ ਕਾਲੋਨੀਆਂ ’ਚ ਖਾਲੀ ਪਏ ਮਕਾਨਾਂ ਨੂੰ ਅਲਾਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਸਬਜ਼ੀ ਮੰਡੀਆਂ ਦੇ ਆਧੁਨਿਕੀਕਰਨ ਤਹਿਤ ਸਬਜ਼ੀ ਮੰਡੀ, ਸਨੌਰ (ਪਟਿਆਲਾ) ’ਚ ਬੂਮ ਬੈਰੀਅਰ ਲਾਏ ਗਏ ਸਨ, ਜਿਸ ਨਾਲ ਮਾਰਕੀਟ ਫੀਸ ’ਚ ਵਾਧਾ ਹੋਇਆ। ਇਸ ਪ੍ਰੋਜੈਕਟ ਦੀ ਸਫਲਤਾ ਨੂੰ ਦੇਖਦਿਆਂ ਇਸ ਨੂੰ ਰਾਜ ਭਰ ਦੀਆਂ ਹੋਰ ਮੰਡੀਆਂ ’ਚ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਦੀਆਂ ਮੰਡੀਆਂ ’ਚ ਹੋਏ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ, ਨਾਲ ਹੀ ਸਬਜ਼ੀ ਮੰਡੀਆਂ ਦੀ ਸਫ਼ਾਈ ਬਣਾਈ ਰੱਖਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ’ਚ ਪੈਦਾ ਹੋਣ ਵਾਲੇ ਰਹਿੰਦ-ਖੂੰਹਦ ਦੇ ਰੋਜ਼ਾਨਾ ਨਿਪਟਾਰੇ ਨੂੰ ਯਕੀਨੀ ਬਣਾਉਣ ਤੇ ਇਸ ਬਾਇਓ-ਵੇਸਟ ਰਾਹੀਂ ਆਮਦਨ ਪੈਦਾ ਕਰਨ ਦੇ ਉਪਰਾਲੇ ਕਰਨ।

ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੂੰ ਇਸ ਸਾਲ ਹੁਣ ਤੱਕ 842 ਪਲਾਟਾਂ ਦੀ ਈ-ਨੀਲਾਮੀ ਰਾਹੀਂ 373 ਕਰੋੜ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਸੂਬੇ ਦੀਆਂ ਮੰਡੀਆਂ ਦੇ ਕਵਰ ਸ਼ੈੱਡਾਂ ਨੂੰ ਆਫ-ਸੀਜ਼ਨ ਦੌਰਾਨ ਲੋਕਾਂ ਦੀ ਵਰਤੋਂ ਲਈ ਖੋਲ੍ਹਣ ਦੀ ਪਹਿਲਕਦਮੀ ਬਾਰੇ ਦੱਸਿਆ ਕਿ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਇਸ ਨਾਲ ਇਕ ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਕਿ ਮੰਡੀਆਂ ’ਚ ਮੌਜੂਦਾ ਬੁਨਿਆਦੀ ਢਾਂਚੇ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਬੋਰਡ ਦੇ ਯਤਨਾਂ ਨੂੰ ਦਰਸਾਉਂਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News