ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋਕਾਂ ਦੇ ਘਰੇ ਤੱਕ ਪਹੁੰਚਾਇਆ ਜਾਵੇਗਾ ਨਹਿਰੀ ਪਾਣੀ: ਇੰਦਰਬੀਰ ਨਿੱਝਰ
Saturday, Sep 17, 2022 - 01:24 PM (IST)
ਜਲੰਧਰ (ਧਵਨ)– ਪੰਜਾਬ ਦੇ ਲੋਕਲ ਬਾਡੀਜ਼, ਸੰਸਦੀ ਅਤੇ ਭੂਮੀ ਤੇ ਜਲ ਸੁਰੱਖਿਆ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਉਣ ਵਾਲੇ 5 ਸਾਲਾਂ ਵਿਚ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਨਹਿਰੀ ਪਾਣੀ ਨੂੰ ਫਿਲਟਰ ਕਰਕੇ ਲੋਕਾਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਡਿੱਗ ਰਹੇ ਧਰਤੀ ਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ। ਉਹ ਸ਼ੁੱਕਰਵਾਰ ਹੁਸ਼ਿਆਰਪੁਰ ਦੇ ਵਾਰਡ ਨੰਬਰ 27 ਦੇ ਮੁਹੱਲਾ ਦੀਪ ਨਗਰ ਵਿਚ 25 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈੱਲ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਪੰਜਾਬ ਬ੍ਰਹਮਸ਼ੰਕਰ ਜ਼ਿੰਪਾ, ਵਿਧਾਇਕ ਸ਼ਾਮ ਚੌਰਾਸੀ ਡਾ. ਰਵਜੋਤ ਸਿੰਘ, ਮੇਅਰ ਸੁਰਿੰਦਰ ਕੁਮਾਰ, ਸ਼ਹਿਰੀ ਜ਼ਿਲਾ ਪ੍ਰਧਾਨ ਕਰਮਜੀਤ ਕੌਰ, ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਵਲਾ ਵੀ ਮੌਜੂਦ ਸਨ।
ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਰੈਸਟ ਹਾਊਸ ਵਿਚ ਐੱਸ. ਐੱਸ. ਪੀ. ਸਰਤਾਜ ਸਿੰਘ ਚਾਹਲ ਅਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਆਮ) ਅਮਿਤ ਮਹਾਜਨ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਵੱਖ-ਵੱਖ ਕਰਮਚਾਰੀ ਸੰਗਠਨਾਂ ਤੇ ਕੌਂਸਲਰਾਂ ਨਾਲ ਮੁਲਾਕਾਤ ਕਰਦੇ ਹੋਏ ਨਗਰ ਨਿਗਮ ਦੀਆਂ ਸਮੱਸਿਆਵਾਂ ਨੂੰ ਛੇਤੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਸ਼ਹਿਰਾਂ ਦੀ ਸਫ਼ਾਈ, ਪੀਣ ਵਾਲਾ ਸਾਫ਼ ਪਾਣੀ, ਸਟ੍ਰੀਟ ਲਾਈਟ, ਸੀਵਰੇਜ ਵਰਗੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਮੁੱਖ ਪਹਿਲ ਹੈ।
ਇਹ ਵੀ ਪੜ੍ਹੋ: ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਸਬੰਧੀ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ
ਇਸ ਦੌਰਾਨ ਉਨ੍ਹਾਂ ਆਊਟਸੋਰਸ ਮਜ਼ਦੂਰ ਫੈੱਡਰੇਸ਼ਨ, ਸਫ਼ਾਈ ਕਰਮਚਾਰੀ ਸੰਗਠਨ ਅਤੇ ਹੋਰ ਕਰਮਚਾਰੀ ਸੰਗਠਨਾਂ ਦੀਆਂ ਮੰਗਾਂ ਦੇ ਛੇਤੀ ਹੱਲ ਹੋਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਹੌਲੀ-ਹੌਲੀ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਨੂੰ ਲੈ ਕੇ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਗਰ ਨਿਗਮ ਦੀਆਂ ਮੰਗਾਂ ਦਾ ਵੀ ਛੇਤੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੇ ਮਸਲਿਆਂ ਦਾ ਨਿਪਟਾਰਾ ਛੇਤੀ ਕਰੇਗੀ।
ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਦੇ ਵਿਕਾਸ ਲਈ ਵਿਆਪਕ ਪੱਧਰ ’ਤੇ ਯੋਜਨਾ ਬਣਾਈ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੀਆਂ ਸਾਰੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਲ ਬਾਡੀਜ਼ ਵਿਭਾਗ ਦੇ ਸਹਿਯੋਗ ਨਾਲ ਨਗਰ ਨਿਗਮ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਂਦੇ ਹੋਏ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸਵੱਛ ਬਣਾਇਆ ਜਾਵੇਗਾ।
ਇਸ ਦੌਰਾਨ ਬ੍ਰਹਮਸ਼ੰਕਰ ਜ਼ਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਚਲਾਈ ਜਾ ਰਹੀ ‘ਮੇਰਾ ਵਾਰਡ-ਮੇਰਾ ਮਾਨ’ ਮੁਹਿੰਮ ਸੰਬੰਧੀ ਵੀ ਸ਼ਹਿਰ ਵਾਸੀਆਂ ਕੋਲੋਂ ਸਹਿਯੋਗ ਦੀ ਅਪੀਲ ਕੀਤੀ। ਸਫਾਈ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਚੰਦਨ ਗਰੇਵਾਲ, ਆਊਟਸੋਰਸ ਮਜ਼ਦੂਰ ਫੈੱਡਰੇਸ਼ਨ ਦੇ ਚੇਅਰਮੈਨ ਕਮਲ ਭੱਟੀ, ਪੰਜਾਬ ਨਗਰ ਕੌਂਸਲ ਯੂਨੀਅਨ ਦੇ ਨੇਤਾ ਕੁਲਵੰਤ ਸਿੰਘ ਸੈਣੀ ਨੇ ਲੋਕਲ ਬਾਡੀਜ਼ ਮੰਤਰੀ ਨੂੰ ਕਰਮਚਾਰੀਆਂ ਦੀਆਂ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਮੰਗ ਪੱਤਰ ਸੌਂਪੇ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਵਿਖੇ ਬੀਜ ਵਿਕਰੇਤਾ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ CM ਮਾਨ ਨੂੰ ਸੁਸਾਈਡ ਨੋਟ 'ਚ ਕੀਤੀ ਫਰਿਆਦ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ