Punjab: ਸਸਤੇ ''ਚ ਵਿਕ ਰਿਹੈ ''ਚਿੱਟਾ ਸੋਨਾ''! ਮੰਤਰੀ ਨੇ ਸਰਕਾਰ ਨੂੰ ਦਖ਼ਲ ਦੇਣ ਦੀ ਕੀਤੀ ਮੰਗ
Thursday, Sep 25, 2025 - 11:28 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸੂਬੇ ਦੇ ਨਰਮਾ ਕਾਸ਼ਤਕਾਰਾਂ ਦੀ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਭਾਰਤ ਸਰਕਾਰ ਵੱਲੋਂ ਐਲਾਨੇ ਗਏ ਘੱਟੋ-ਘੱਟ ਸਮਰਥਨ ਮੁੱਲ (MSP) 7,710 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸੂਬੇ ’ਚ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ (ਸੀ. ਸੀ. ਆਈ.) ਰਾਹੀਂ ਨਰਮੇ ਦੀ ਖਰੀਦ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਚਿੱਟੇ ਸੋਨੇ ਭਾਵ ਨਰਮੇ ਦੀ ਮੰਡੀਆਂ ’ਚ ਆਮਦ ਦੇ ਬਾਵਜੂਦ ਸੀ. ਸੀ. ਆਈ. ਦੀ ਗੈਰ-ਹਾਜ਼ਰੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਐੱਮ. ਐੱਸ. ਪੀ. ਤੋਂ ਘੱਟ ਕੀਮਤ ’ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣੀ ਪੈ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਸੂਬੇ ਦੇ ਨਰਮਾ ਕਾਸ਼ਤਕਾਰਾਂ ਲਈ ਕੇਂਦਰ ਦੇ ਖੋਖਲੇ ਵਾਅਦਿਆਂ ਦੀ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਫਸਲੀ ਵਿਭਿੰਨਤਾ ਸਬੰਧੀ ਸਰਗਰਮ ਪਹਿਲਕਦਮੀਆਂ ਸਦਕਾ ਸੂਬੇ ’ਚ ਨਰਮੇ ਦੀ ਕਾਸ਼ਤ ਹੇਠ ਰਕਬੇ ’ਚ 20 ਫੀਸਦੀ ਵਾਧਾ ਹੋਇਆ ਹੈ, ਜਦਕਿ ਹੁਣ ਖਰੀਦ ਪ੍ਰਕਿਰਿਆ ਸਮੇਂ ਸੀ. ਸੀ. ਆਈ. ਦੀ ਸ਼ੱਕੀ ਗੈਰ-ਹਾਜ਼ਰੀ ਕਿਸਾਨਾਂ ਲਈ ਨਿਰਾਸ਼ਾ ਦਾ ਸਬੱਬ ਬਣੀ ਹੋਈ ਹੈ। ਨਰਮਾ ਕਾਸ਼ਤਕਾਰਾਂ ਲਈ MSP ’ਤੇ ਖ਼ਰੀਦ ਦੇ ਵਾਅਦੇ ਨੂੰ ਪੂਰਾ ਕਰਨ ’ਚ ਕੇਂਦਰ ਦੀ ਨਾਕਾਮੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਖੇਤੀਬਾੜੀ ਮੰਤਰੀ ਨੇ ਸਵਾਲ ਕੀਤਾ ਕਿ ਹੁਣ ਮੰਡੀਆਂ ’ਚ ਕਿਸਾਨ ਨਰਮੇ ਦੀ ਫਸਲ ਲੈ ਕੇ ਬੈਠੇ ਹਨ, ਪਰ ਭਾਰਤ ਸਰਕਾਰ ਦੀ ਸੀ. ਸੀ. ਆਈ. ਕਿੱਥੇ ਹੈ?
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8