550ਵੇਂ ਪ੍ਰਕਾਸ਼ ਪੁਰਬ ਸਬੰਧੀ ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਮਿਲੇਗਾ ਪੰਜਾਬ ਦੇ ਮੰਤਰੀਆਂ ਦਾ ਸਮੂਹ

06/26/2019 10:15:52 AM

ਚੰਡੀਗੜ੍ਹ (ਅਸ਼ਵਨੀ) : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 'ਤੇ ਆਧਾਰਤ ਮੰਤਰੀਆਂ ਦੇ ਸਮੂਹ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ 29 ਜੂਨ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਭੇਂਟ ਕਰਕੇ ਅਗਵਾਈ ਲਈ ਜਾਵੇਗੀ।

ਉਸੇ ਦਿਨ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲ ਕੇ ਵੀ ਸਹਿਯੋਗ ਮੰਗਿਆ ਜਾਵੇਗਾ। ਇਹ ਫੈਸਲਾ ਇਥੇ ਸੈਕਟਰ-38 ਸਥਿਤ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਦਫਤਰ ਵਿਖੇ ਮੰਤਰੀਆਂ ਦੇ ਸਮੂਹ (ਜੀ. ਓ. ਐੱਮ.) ਦੀ ਹੋਈ ਮੀਟਿੰਗ 'ਚ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਸੂਬਾ ਸਰਕਾਰ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਤੱਕ ਪਹੁੰਚ ਕਰਨ ਲਈ ਮੰਤਰੀਆਂ ਦਾ ਸਮੂਹ ਬਣਾਇਆ ਗਿਆ ਹੈ।

ਮੀਟਿੰਗ ਦੇ ਵੇਰਵੇ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਤਰੀਆਂ ਵੱਲੋਂ ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਤੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਫੋਨ ਉਤੇ ਗੱਲਬਾਤ ਕਰ ਕੇ ਸਮਾਂ ਮੰਗਿਆਂ ਜਿਸ ਉਪਰੰਤ 29 ਜੂਨ ਨੂੰ ਮੁਲਾਕਾਤ ਕਰਨ ਦਾ ਫੈਸਲਾ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਆਰ, ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦੇ ਸੰਦੇਸ਼ ਦੀ ਤਰਜ਼ 'ਤੇ ਇਸ ਮਹਾਨ ਸਮਾਰੋਹ ਨੂੰ ਮਨਾਉਣ ਲਈ ਮੰਤਰੀਆਂ ਦਾ ਸਮੂਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ 29 ਜੂਨ ਨੂੰ ਭੇਂਟ ਕਰਕੇ ਸਿੰਘ ਸਾਹਿਬ ਤੋਂ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਅਗਵਾਈ ਹਾਸਲ ਕਰੇਗਾ।


Babita

Content Editor

Related News