ਸਿੱਧੂ ਦੇ ਸਲਾਹਕਾਰਾਂ ਵੱਲੋਂ ਦਿੱਤੇ ਬਿਆਨਾਂ ''ਤੇ ਪੰਜਾਬ ਦੇ ਮੰਤਰੀਆਂ ਵੱਲੋਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

08/24/2021 3:39:00 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਦੀਆਂ ਦੇਸ਼ ਵਿਰੋਧੀ ਅਤੇ ਪਾਕਿਸਤਾਨ ਪੱਖੀ ਟਿੱਪਣੀਆਂ ਦਾ ਪੰਜਾਬ ਕਾਂਗਰਸ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਸਮੂਹ ਵੱਲ਼ੋਂ ਸਖ਼ਤ ਨੋਟਿਸ ਲਿਆ ਗਿਆ ਹੈ। ਸਮੂਹ 'ਚ ਸ਼ਾਮਲ ਮੰਤਰੀਆਂ ਬ੍ਰਹਮ ਮਹਿੰਦਰਾ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸੂ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਸਿੱਧੂ ਦੇ ਨਵੇਂ 2 ਸਲਾਹਕਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਹਾਈਵੇਅ 'ਤੇ ਲੱਗੇ ਧਰਨੇ ਕਾਰਨ ਸੜਕਾਂ 'ਤੇ ਜਾਮ ਨਾਲ ਹਾਹਾਕਾਰ, ਤੀਜੀ ਵਾਰ ਬਦਲਿਆ 'ਰੂਟ ਪਲਾਨ'

ਇਨ੍ਹਾਂ ਮੰਤਰੀਆਂ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ਸਪੱਸ਼ਟ ਤੌਰ 'ਤੇ ਭਾਰਤ ਦੇ ਹਿੱਤਾਂ ਖ਼ਿਲਾਫ਼ ਅਤੇ ਰਾਸ਼ਟਰੀ ਸੁਰੱਖਿਆ ਲਈ ਹਾਨੀਕਾਰਕ ਹਨ। ਉਕਤ ਸਮੂਹ ਨੇ ਮਾਲੀ ਅਤੇ ਗਰਗ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਤੋਂ ਇਲਾਵਾ ਕਾਂਗਰਸ ਹਾਈਕਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਿੱਧੂ ਨੂੰ ਪਾਰਟੀ ਅਤੇ ਦੇਸ਼ ਦੇ ਹਿੱਤ 'ਚ ਤੁਰੰਤ ਆਪਣੇ ਸਹਿਯੋਗੀਆਂ 'ਤੇ ਲਗਾਮ ਲਾਉਣ ਦੇ ਨਿਰਦੇਸ਼ ਦੇਣ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਸੌਖੀ ਨਹੀਂ ਹੋਵੇਗੀ 'ਬਿਜਲੀ ਬਿੱਲਾਂ' ਦੀ ਅਦਾਇਗੀ, ਜਾਣੋ ਕੀ ਹੈ ਕਾਰਨ

ਮੰਤਰੀਆਂ ਦੇ ਸਮੂਹ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੀ ਸੁਰੱਖਿਆ ਅਤੇ ਸ਼ਾਂਤੀ ਦੀ ਰਾਖੀ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਕਿਸੇ ਨੂੰ ਵੀ ਇਨ੍ਹਾਂ ਕੁਰਬਾਨੀਆਂ ਨੂੰ ਕਮਜ਼ੋਰ ਕਰਨ ਅਤੇ ਸਾਡੇ ਦੇਸ਼ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਨੂੰ ਖ਼ਤਰੇ 'ਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨਾਂ ਨਾਲ ਸਰਹੱਦੀ ਸੂਬੇ ਪੰਜਾਬ 'ਤੇ ਡੂੰਘੇ ਪ੍ਰਭਾਵ ਪੈ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita