ਪੰਜਾਬ ਦੀ ਸਿਆਸਤ ''ਚ ''ਕੋਰੋਨਾ'' ਨੇ ਮਚਾਈ ਤੜਥੱਲੀ, 4 ਮੰਤਰੀਆਂ ਸਣੇ ਹੁਣ ਤੱਕ ਇਹ ਆਗੂ ਹੋ ਚੁੱਕੇ ਨੇ ਸ਼ਿਕਾਰ

08/25/2020 3:54:31 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਰੋਜ਼ਾਨਾ ਵੱਡੀ ਗਿਣਤੀ 'ਚ ਜਿੱਥੇ ਕੋਰੋਨਾ ਪੀੜਤ ਮਰੀਜ਼ ਸਾਹਮਣੇ ਆ ਰਹੇ ਹਨ, ਉੱਥੇ ਹੀ ਸੂਬੇ ਅੰਦਰ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ। ਕੋਰੋਨਾ ਮਹਾਮਾਰੀ ਤੋਂ ਪੰਜਾਬ ਦੀ ਸਿਆਸਤ ਵੀ ਅਛੂਤੀ ਨਹੀਂ ਰਹੀ। ਪੰਜਾਬ ਦੇ ਕਈ ਸਿਆਸੀ ਆਗੂ ਹੁਣ ਤੱਕ ਇਸ ਭਿਆਨਕ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਵਾਲਾ ਹੈ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਦੀ ਕੈਬਨਿਟ ਦੇ 4 ਮੰਤਰੀ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ।
ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ
ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੀ ਕੋਰੋਨਾ ਰਿਪੋਰਟ ਹਾਲ 'ਚ ਹੀ ਪਾਜ਼ੇਟਿਵ ਪਾਈ ਗਈ ਹੈ ਅਤੇ ਇਸ ਸਮੇਂ ਉਹ ਆਪਣੀ ਚੰਡੀਗੜ੍ਹ ਰਿਹਾਇਸ਼ ਵਿਖੇ ਇਕਾਂਤਵਾਸ ਹਨ। ਉਨ੍ਹਾਂ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਾਉਣ ਲਈ ਕਿਹਾ ਹੈ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ
ਕੈਬਟਿਨ ਮੰਤਰੀ ਰੰਧਾਵਾ ਵੱਲੋਂ ਬੀਤੇ ਦਿਨੀਂ ਕੋਰੋਨਾ ਟੈਸਟ ਲਈ ਨਮੂਨਾ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਬਾਰੇ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਟਵੀਟ ਕਰਕੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਜੇਲ ਮੰਤਰੀ ਰੰਧਾਵਾ ਕੋਰੋਨਾ ਪਾਜ਼ੇਟਿਵ ਹਨ ਅਤੇ ਉਹ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹਨ।
ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਆਜ਼ਾਦੀ ਦਿਹਾੜੇ ਦੇ ਸਮਾਰੋਹ ਦੌਰਾਨ ਝੰਡਾ ਲਹਿਰਾਉਣ ਵਾਲੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਕੁੱਝ ਦਿਨਾਂ ਤੋਂ ਬੀਮਾਰ ਚੱਲ ਰਹੇ ਕਾਂਗੜ ਵੱਲੋਂ ਇਕ ਸਮਾਰਟ ਸਕੂਲ ਦਾ ਉਦਘਾਟਨ ਵੀ ਕੀਤਾ ਗਿਆ ਸੀ ਅਤੇ ਸਕੂਲੀ ਬੱਚਿਆਂ ਨਾਲ ਮੁਲਾਕਾਤ ਵੀ ਕੀਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ 10 ਲੋਕ ਕੋਰੋਨਾ ਦੀ ਚਪੇਟ 'ਚ ਆ ਗਏ ਸਨ।
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ
ਸੂਬੇ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੋਰੋਨਾ ਦਾ ਸ਼ਿਕਾਰ ਹੋ ਗਏ ਸਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਵੀ ਕੋਰੋਨਾ ਹੋ ਗਿਆ ਸੀ, ਜਿਨ੍ਹਾਂ ਨੇ ਇਸ ਬੀਮਾਰੀ ਨੂੰ ਮਾਤ ਪਾ ਦਿੱਤੀ।
ਪਟਿਆਲਾ ਦੇ 2 ਵਿਧਾਇਕਾਂ ਦੀ ਰਿਪੋਰਟ ਪਾਜ਼ੇਟਿਵ
ਹਲਕਾ ਸਨੌਰ ਦੇ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਅਤੇ ਰਾਜਪੁਰਾ ਤੋਂ ਵਿਧਾਇਕ  ਹਰਦਿਆਲ ਸਿੰਘ ਕੰਬੋਜ ਕੋਰੋਨਾ ਟੈਸਟ ਪਾਜ਼ੇਟਿਵ ਆਏ ਹਨ। ਹਰਿੰਦਰ ਪਾਲ ਸਿੰਘ ਚੰਦੂਮਾਜਰਾ ਪਿਛਲੇ ਕੁਝ ਦਿਨਾਂ ਤੋਂ ਹੀ ਆਪਣੇ ਘਰ 'ਚ ਇਕਾਂਤਵਾਸ ਸਨ ਅਤੇ ਹੁਣ ਰਿਪੋਰਟ ਪਾਜ਼ੇਟਿਵ ਆਉਣ ਦੇ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਪਰਿਵਾਰ ਤੋਂ ਪੂਰੀ ਤਰ੍ਹਾਂ ਵੱਖ ਕਰ ਲਿਆ ਹੈ। 
ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ
ਲੁਧਿਆਣਾ ਜ਼ਿਲ੍ਹੇ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਪਾਈ ਗਈ ਸੀ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ਦੇ ਮਾਧਿਅਮ ਰਾਹੀਂ ਆਮ ਜਨਤਾ ਨਾਲ ਸਾਂਝੀ ਕੀਤੀ।
ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ। 69 ਸਾਲਾ ਅਜਾਇਬ ਸਿੰਘ ਭੱਟੀ ਮਲੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਅਤੇ ਉਨ੍ਹਾਂ ਨੇ ਵੀ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਇਆ ਸੀ।
'ਆਪ' ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ
ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਸੰਪਰਕ 'ਚ ਆਉਣ ਕਾਰਨ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੀ ਕੋਰੋਨਾ ਦਾ ਸ਼ਿਕਾਰ ਹੋ ਗਏ। ਫਿਲਹਾਲ ਮਾਨਸ਼ਾਹੀਆ ਨੇ ਖੁਦ ਨੂੰ ਇਕਾਂਤਵਾਸ ਕੀਤਾ ਹੋਇਆ ਹੈ।
ਸੀਨੀਅਰ ਅਕਾਲੀ ਆਗੂ ਰੋਜ਼ੀ ਬਰਕੰਦੀ
ਮੁਕਤਸਰ ਸਾਹਿਬ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਰੋਜ਼ੀ ਬਰਕੰਦੀ ਨੇ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਕੋਰੋਨਾ ਦਾ ਨਮੂਨਾ ਦਿੱਤਾ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ ਉਨ੍ਹਾਂ ਦੇ ਪਰਿਵਾਰ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

Babita

This news is Content Editor Babita