ਪੰਜਾਬ ਵਿਧਾਨ ਸਭਾ 'ਚ ਰਾਸ਼ਟਰਪਤੀ ਚੋਣ ਲਈ ਵੋਟਿੰਗ ਜਾਰੀ, ਵਿਧਾਇਕ ਪਾ ਰਹੇ ਵੋਟਾਂ
Monday, Jul 18, 2022 - 12:59 PM (IST)
ਚੰਡੀਗੜ੍ਹ : ਦੇਸ਼ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਦੇ ਮੱਦੇਨਜ਼ਰ ਸੰਸਦ ਭਵਨ ਅਤੇ ਰਾਜ ਵਿਧਾਨ ਸਭਾਵਾਂ 'ਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਰੁਣਾ ਚੌਧਰੀ ਨੇ ਵੋਟ ਪਾਈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨੇ ਵੀ ਰਾਸ਼ਟਰਪਤੀ ਦੀ ਚੋਣ ਲਈ ਵੋਟ ਪਾਈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਰੂਰ ਤੋਂ ਨਵੇਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਦਿੱਤੇ ਬਿਆਨ ਦੀ ਨਿਖ਼ੇਧੀ ਕੀਤੀ। ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਜਿਹੜੇ ਸਾਡੀ ਕੌਮ ਦੇ ਸਰਮਾਏ ਹੁੰਦੇ ਹਨ, ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਇੱਜ਼ਤ ਨੂੰ ਸੰਭਾਲ ਕੇ ਰੱਖੀਏ। ਉਨ੍ਹਾਂ ਕਿਹਾ ਕਿ ਆਪਣੇ ਕਿਸੇ ਸਿਆਸੀ ਹਿੱਤ ਲਈ ਇਸਤੇਮਾਲ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦਾ ਐਵਾਰਡ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਿਮਰਨਜੀਤ ਸਿੰਘ ਮਾਨ ਉਸੇ ਪਾਰਲੀਮੈਂਟ 'ਚ ਸਹੁੰ ਚੁੱਕ ਰਹੇ ਹਨ, ਜਿਸ ਨੂੰ ਆਜ਼ਾਦ ਕਰਾਉਣ ਲਈ ਸ਼ਹੀਦ ਭਗਤ ਸਿੰਘ ਨੇ ਆਪਣੀ ਜਾਨ ਵਾਰ ਦਿੱਤੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ