ਪੰਜਾਬ ਨੂੰ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਬਣਾਵਾਂਗੇ ਨੰਬਰ ਇਕ ਸੂਬਾ : ਮਨੀਸ਼ ਸਿਸੋਦੀਆ
Saturday, Dec 17, 2022 - 12:50 AM (IST)

ਤਰਨਤਾਰਨ (ਰਮਨ ਚਾਵਲਾ)-ਸੂਬੇ ਦੇ ਸਰਕਾਰੀ ਸਕੂਲਾਂ ’ਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ’ਚ ਦੇਸ਼ ਦਾ ਨੰਬਰ ਇਕ ਸੂਬਾ ਬਣਾਵਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ’ਚ ਸੁਧਾਰ ਲਿਆਉਣ ਦੇ ਮਕਸਦ ਨਾਲ ਬੀਤੇ ਕੱਲ੍ਹ ਤੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਸਣੇ ਉੱਚ ਸਿੱਖਿਆ ਅਧਿਕਾਰੀਆਂ ਦੀ ਟੀਮ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਲਤੀਫਪੁਰਾ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਜਾਣੋ ਕੀ ਕਿਹਾ
ਅੱਜ ਦੇ ਦੌਰੇ ਦੌਰਾਨ ਉੱਪ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨਤਾਰਨ, ਸਰਕਾਰੀ ਮਿਡਲ ਸਕੂਲ ਉਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ’ਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਸੁਧਾਰਾਂ ਸਬੰਧੀ ਸੁਝਾਅ ਲਏ। ਇਸ ਦੌਰਾਨ ਸਿਸੋਦੀਆ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਦੀ ਇਮਾਰਤ ਤੇ ਵਿੱਦਿਅਕ ਪ੍ਰਬੰਧਾਂ ਦੀ ਪ੍ਰਸ਼ੰਸਾ ਕੀਤੀ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਲਤੀਫ਼ਪੁਰਾ (ਜਲੰਧਰ) ’ਚ ਪ੍ਰਭਾਵਿਤ ਪਰਿਵਾਰਾਂ ਨੂੰ ਲੈ ਕੇ ‘ਆਪ’ ਸਰਕਾਰ ਨੇ ਕੀਤਾ ਵੱਡਾ ਐਲਾਨ
ਸਿੱਖਿਆ ਮੰਤਰੀ ਨੇ ਇਹ ਵੀ ਨੋਟਿਸ ਲਿਆ ਕਿ ਸਕੂਲ ਵਿਖੇ ਦੋ ਕੰਪਿਊਟਰ ਲੈਬਜ਼ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਿਰਫ਼ ਕੰਪਿਊਟਰ ਵਿਸ਼ੇ ਦੀਆਂ ਕਿਤਾਬਾਂ ਪੜ੍ਹਾ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ, ਜੋ ਬਰਦਾਸ਼ਤਯੋਗ ਨਹੀਂ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀਜਾਮਾ ਪਹਿਨਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।