ਢਾਈ ਲੱਖ ਦੀ ਠੱਗੀ ਮਾਰਨ ਵਾਲੇ ਥਾਣੇਦਾਰ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ

Monday, Jul 10, 2023 - 05:24 PM (IST)

ਮੋਗਾ (ਆਜ਼ਾਦ) : ਮੋਗਾ ਜ਼ਿਲ੍ਹੇ ਦੇ ਪਿੰਡ ਕੋਕਰੀ ਫੂਲਾ ਸਿੰਘ ਵਾਲਾ ਨਿਵਾਸੀ ਮਨਪ੍ਰੀਤ ਸਿੰਘ ਨੇ ਪੰਜਾਬ ਪੁਲਸ ਵਿਚ ਤਾਇਨਾਤ ਆਪਣੇ ਦੋਸਤ ’ਤੇ ਉਸ ਨਾਲ ਢਾਈ ਲੱਖ ਰੁਪਏ ਦੀ ਠੱਗੀ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਇਸ ਸਬੰਧ ਵਿਚ ਪੁਲਸ ਵੱਲੋਂ ਜਾਂਚ ਤੋਂ ਬਾਅਦ ਪਰਮਜੀਤ ਸਿੰਘ ਨਿਵਾਸੀ ਨਵਾਂ ਸ਼ਹਿਰ ਖ਼ਿਲਾਫ਼ ਥਾਣਾ ਅਜੀਤਵਾਲ ਵਿਚ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਮਨਪ੍ਰੀਤ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਪਰਮਜੀਤ ਸਿੰਘ ਉਸਦਾ ਦੋਸਤ ਹੈ ਉਸਨੇ ਕਰੀਬ 3 ਸਾਲ ਪਹਿਲਾਂ ਉਸ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣਾ ਹੈ, ਇਸ ਲਈ ਮੈਂਨੂੰ ਪੈਸਿਆਂ ਦੀ ਲੋੜ ਹੈ। ਮੈਂ ਉਸ ’ਤੇ ਭਰੋਸਾ ਕਰ ਕੇ ਉਸ ਨੂੰ ਪੰਜ ਲੱਖ ਰੁਪਏ ਦੇ ਦਿੱਤੇ, ਜਦੋਂ ਮੈਂ ਪੈਸੇ ਵਾਪਸ ਮੰਗੇ ਤਾਂ ਉਹ ਟਾਲ-ਮਟੋਲ ਕਰਨ ਲੱਗਾ।

ਸਾਡੇ ਵੱਲੋਂ ਜ਼ਿਆਦਾ ਕਹਿਣ ’ਤੇ ਉਸ ਨੇ ਢਾਈ ਲੱਖ ਰੁਪਏ ਵਾਪਸ ਕਰ ਦਿੱਤੇ ਅਤੇ ਬਾਕੀ ਪੈਸੇ ਵਾਪਸ ਨਹੀਂ ਕੀਤੇ। ਇਸ ਤਰ੍ਹਾਂ ਮੇਰੇ ਨਾਲ ਧੋਖਾਦੇਹੀ ਕੀਤੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਵੱਲੋਂ ਕੀਤੀ ਗਈ। ਜਾਂਚ ਅਧਿਕਾਰੀ ਨੇ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ। ਜਾਂਚ ਤੋਂ ਬਾਅਦ ਸ਼ਿਕਾਇਤਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਕਥਿਤ ਦੋਸ਼ੀ ਖ਼ਿਲਾਫ ਉਕਤ ਮਾਮਲਾ ਦਰਜ ਕੀਤਾ ਗਿਆ, ਗ੍ਰਿਫਤਾਰੀ ਬਾਕੀ ਹੈ।


Gurminder Singh

Content Editor

Related News