ਚੰਗੀ ਖ਼ਬਰ : ਪੰਜਾਬ ਪੁਲਸ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੋਕਾਂ ਦਾ ਮਿਲਿਆ ਭਰਪੂਰ ਸਮਰਥਨ

02/07/2023 5:15:18 PM

ਚੰਡੀਗੜ੍ਹ : ਪੰਜਾਬ ਪੁਲਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਪੁਲਿਸ ਨੂੰ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬ ਪੁਲਸ ਵੱਲੋਂ ਸਮੇਂ-ਸਮੇਂ 'ਤੇ ਸੂਬੇ 'ਚ ਨਸ਼ਿਆਂ ਸਬੰਧੀ ਸੰਵੇਦਨਸ਼ੀਲ ਥਾਵਾਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ (ਸੀ. ਏ. ਐੱਸ. ਓਜ਼.) ਚਲਾਈਆਂ ਜਾ ਰਹੀਆਂ ਹਨ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਪੁਲਸ ਬਲ ਦੀ ਕਾਰਵਾਈ ਅਤੇ ਪੁਲਸ ਟੀਮਾਂ ਦੇ ਸਹਿਯੋਗ ਤੋਂ ਬਹੁਤ ਖੁਸ਼ ਹਨ। ਪੰਚਾਇਤ ਨੇ ਨਸ਼ਾ ਮੁਕਤ ਐਲਾਨੇ ਪਿੰਡ ਖਰੌੜੀ (ਫ਼ਤਹਿਗੜ੍ਹ ਸਾਹਿਬ) ਦੇ ਸਰਪੰਚ ਹਰਪਿੰਦਰ ਸਿੰਘ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਸ ਦਾ ਧੰਨਵਾਦ ਕੀਤਾ। ਉਨ੍ਹਾਂ ਪੰਚਾਇਤ ਦੀ ਤਰਫੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਇਸ ਜੰਗ 'ਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ.) ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ, ਤਰਨਤਾਰਨ, ਪਠਾਨਕੋਟ, ਹੁਸ਼ਿਆਰਪੁਰ ਅਤੇ ਅੰਮ੍ਰਿਤਸਰ ਦਿਹਾਤੀ ਸਮੇਤ ਪੰਜ ਜ਼ਿਲ੍ਹਿਆਂ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਅਤੇ ਨਾਕਾਬੰਦੀਆਂ ਕੀਤੀਆਂ। ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਟੀਮਾਂ ਨੇ ਮੁੜ ਵਸੇਬਾ ਕੇਂਦਰਾਂ ਦਾ ਦੌਰਾ ਵੀ ਕੀਤਾ ਤਾਂ ਜੋ ਇਲਾਜ ਅਧੀਨ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਮੁੱਖ ਧਾਰਾ 'ਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ ਲਈ ਮਾਣ ਵਾਲੀ ਗੱਲ : ISRO ਸੈਟੇਲਾਈਟ 'ਚ ਲੱਗੀ ਇਨ੍ਹਾਂ ਵਿਦਿਆਰਥਣਾਂ ਦੀ ਚਿੱਪ, CM ਮਾਨ ਨੇ ਦਿੱਤੀ ਹੱਲਾਸ਼ੇਰੀ

ਡੀ. ਜੀ. ਪੀ. ਨੇ ਕਿਹਾ ਕਿ ਪੰਜ ਜ਼ਿਲ੍ਹਿਆਂ 'ਚ ਚਲਾਏ ਗਏ ਇਸ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਅਤੇ ਵੱਡਾ ਸਮਰਥਨ ਮਿਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਅਕਤੀ ਦੇ ਨਸ਼ਾ ਵੇਚਣ/ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਉਹ ਪੁਲਸ ਨਾਲ ਜਾਣਕਾਰੀ ਸਾਂਝੀ ਕਰਨ। ਅੰਮ੍ਰਿਤਸਰ ਦਿਹਾਤੀ ਪੁਲਸ ਨੇ ਖਿਆਲਾ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ ਅਤੇ ਇਲਾਜ ਅਧੀਨ ਨੌਜਵਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਵਿੱਚ ਸਨਮਾਨਜਨਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪੁਲਸ ਨੇ ਉਨ੍ਹਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਉਨ੍ਹਾਂ ਨੂੰ ਮੁੱਖ ਧਾਰਾ 'ਚ ਵਾਪਸ ਆਉਣ ਲਈ ਪ੍ਰੇਰਿਤ ਕੀਤਾ ਅਤੇ ਕੁੱਝ ਸਮਾਂ ਉਨ੍ਹਾਂ ਨਾਲ ਖੇਡਾਂ ਖੇਡਣ ਦੇ ਨਾਲ ਹੀ ਉਨ੍ਹਾਂ ਨੂੰ ਮਠਿਆਈਆਂ ਤੇ ਫਲ ਵੀ ਭੇਂਟ ਕੀਤੇ। ਹੁਸ਼ਿਆਰਪੁਰ ਪੁਲਸ ਨੇ ਪਿੰਡ ਭੁੰਗਰਨੀ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਉਣ ਸਬੰਧੀ ਕਾਰਵਾਈ ਕਰਦਿਆਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਦੋ ਐੱਫ. ਆਈ. ਆਰਜ਼. ਦਰਜ ਕੀਤੀਆਂ। ਪੁਲਸ ਟੀਮਾਂ ਨੇ ਨਸ਼ੇ ਦੇ ਆਦੀ 9 ਨੌਜਵਾਨਾਂ ਨੂੰ ਪ੍ਰੇਰਿਤ ਵੀ ਕੀਤਾ ਅਤੇ ਉਨ੍ਹਾਂ ਨੂੰ ਹੁਸ਼ਿਆਰਪੁਰ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪੇਸ਼ੀ, ਅਦਾਲਤ ਨੇ 3 ਦਿਨਾਂ ਦੇ ਰਿਮਾਂਡ 'ਤੇ ਭੇਜਿਆ

ਪੁਲਸ ਵੱਲੋਂ ਫ਼ਤਹਿਗੜ੍ਹ ਸਾਹਿਬ 'ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮਾਂ ਚਲਾਈਆਂ ਗਈਆਂ ਅਤੇ ਸਖ਼ਤ ਨਾਕਾਬੰਦੀ ਕੀਤੀ ਗਈ, ਪੁਲਸ ਟੀਮਾਂ ਨੇ ਪਿੰਡ ਖੜੌਰੀ ਦਾ ਦੌਰਾ ਵੀ ਕੀਤਾ, ਜਿੱਥੇ ਪੰਚਾਇਤ ਨੇ ਮਤਾ ਪਾਸ ਕਰਕੇ ਪਿੰਡ ਨੂੰ ਨਸ਼ਾ ਮੁਕਤ ਐਲਾਨਿਆ ਹੈ। ਦਿਲਚਸਪ ਗੱਲ ਇਹ ਹੈ ਕਿ ਇਸ ਮੌਕੇ ਸਮਾਜ ਦੇ ਹਰ ਵਰਗ ਦੇ ਲੋਕ ਹਾਜ਼ਰ ਸਨ ਅਤੇ ਉਹ ਸਾਰੇ ਪੰਜਾਬ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੋਂ ਸੰਤੁਸ਼ਟ ਸਨ। ਇਸੇ ਤਰ੍ਹਾਂ ਤਰਨਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ 'ਚ ਵੀ ਕਾਰਵਾਈਆਂ ਕੀਤੀਆਂ ਗਈਆਂ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਲੋਕਾਂ ਵੱਲੋਂ ਪੰਜਾਬ ਪੁਲਸ ਨੂੰ ਪੂਰਨ ਸਹਿਯੋਗ ਦੇਣ ਉਪਰੰਤ ਅੱਜ ਸਾਡੀ ਨਸ਼ਾ ਵਿਰੋਧੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News