ਵੱਡੀ ਖ਼ਬਰ: ਵਿਦੇਸ਼ ਭੱਜ ਚੱਲੇ ਮੁਲਜ਼ਮਾਂ ਨੂੰ ਰਾਹ ''ਚੋਂ ਫੜ ਲਿਆਈ ਪੰਜਾਬ ਪੁਲਸ
Wednesday, May 13, 2026 - 05:53 PM (IST)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਇਕ ਬਹੁਤ ਹੀ ਗੁਪਤ ਅਤੇ ਤਾਲਮੇਲ ਵਾਲੇ ਆਪ੍ਰੇਸ਼ਨ ਦੌਰਾਨ ਬਟਾਲਾ ਦੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਵਿਚ ਲੋੜੀਂਦੇ ਤਿੰਨ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਗ੍ਰਿਫ਼ਤਾਰੀ ਪੱਛਮੀ ਬੰਗਾਲ ਵਿਚ ਭਾਰਤ-ਭੂਟਾਨ ਸਰਹੱਦ ਤੋਂ ਕੀਤੀ ਗਈ ਹੈ, ਜਿੱਥੋਂ ਮੁਲਜ਼ਮ ਗੁਆਂਢੀ ਦੇਸ਼ ਭੂਟਾਨ ਵਿਚ ਫਰਾਰ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।
ਇਹ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਅੱਗੇ ਦੱਸਿਆ ਕਿ ਮੁਢਲੀ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿਚ ਬੈਠੇ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਸਿੱਧੇ ਸੰਪਰਕ ਵਿਚ ਸਨ। ਇਨ੍ਹਾਂ ਮੁਲਜ਼ਮਾਂ ਨੇ ਬਟਾਲਾ ਦੇ ਪਿੰਡ ਭੋਮਾ ਵਿਚ ਹੋਏ ਦੋਹਰੇ ਕਤਲ ਕਾਂਡ ਨੂੰ ਹੈਪੀ ਜੱਟ ਦੇ ਨਿਰਦੇਸ਼ਾਂ 'ਤੇ ਹੀ ਅੰਜਾਮ ਦਿੱਤਾ ਸੀ।
ਡੀ. ਜੀ. ਪੀ. ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਪੰਜਾਬ ਪੁਲਸ ਦੀ AGTF, OFTEC ਪੰਜਾਬ, ਬਟਾਲਾ ਪੁਲਸ ਅਤੇ ਕੇਂਦਰੀ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਨੇਪਰੇ ਚਾੜ੍ਹੀ ਗਈ ਹੈ। ਪੁਲਸ ਵੱਲੋਂ ਇਨ੍ਹਾਂ ਮੁਲਜ਼ਮਾਂ ਦੀ ਹਰ ਹਰਕਤ 'ਤੇ ਨਜ਼ਰ ਰੱਖੀ ਜਾ ਰਹੀ ਸੀ, ਜਿਸ ਕਾਰਨ ਇਨ੍ਹਾਂ ਨੂੰ ਸਰਹੱਦ ਪਾਰ ਕਰਨ ਤੋਂ ਪਹਿਲਾਂ ਹੀ ਦਬੋਚ ਲਿਆ ਗਿਆ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਪੁਲਸ ਸੂਬੇ ਵਿਚੋਂ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ। ਅਧਿਕਾਰੀਆਂ ਅਨੁਸਾਰ, ਇਸ ਗ੍ਰਿਫ਼ਤਾਰੀ ਨਾਲ ਅਪਰਾਧਿਕ ਅਨਸਰਾਂ ਨੂੰ ਇਕ ਸਖ਼ਤ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕਦੇ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
