ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਤੀਜਾ ਕਾਰਕੁਨ ਗ੍ਰਿਫ਼ਤਾਰ

10/02/2022 1:42:10 AM

ਚੰਡੀਗੜ੍ਹ/ਜਲੰਧਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜਾਰੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ ਆਈ.ਐੱਸ. ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਤੀਜੇ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਜੋਗੇਵਾਲ ਦੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਵਜੋਂ ਹੋਈ ਹੈ। ਇਹ ਕਾਰਵਾਈ ਏ.ਆਈ.ਜੀ. ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਕਾਊਂਟਰ ਇੰਟੈਲੀਜੈਂਸ ਜਲੰਧਰ ਟੀਮ ਵੱਲੋਂ ਇਸ ਮਾਡਿਊਲ ਦੇ ਦੋ ਸੰਚਾਲਕਾਂ, ਜਿਨ੍ਹਾਂ ਦੀ ਪਛਾਣ ਬਲਜੀਤ ਸਿੰਘ ਮੱਲੀ ਅਤੇ ਗੁਰਬਖਸ਼ ਸਿੰਘ ਉਰਫ ਗੋਰਾ ਸੰਧੂ, ਦੋਵੇਂ ਵਾਸੀ ਫ਼ਿਰੋਜ਼ਪੁਰ ਵਜੋਂ ਹੋਈ ਸੀ, ਦੀ ਗ੍ਰਿਫ਼ਤਾਰੀ ਤੋਂ ਅੱਠ ਦਿਨ ਬਾਅਦ ਸਾਹਮਣੇ ਆਈ ਹੈ। ਪੁਲਸ ਨੇ ਗੁਰਬਖਸ਼ ਸਿੰਘ ਵੱਲੋਂ ਉਸ ਦੇ ਪਿੰਡ ’ਚ ਦੱਸੇ ਟਿਕਾਣੇ ਤੋਂ ਦੋ ਮੈਗਜ਼ੀਨ, 90 ਜ਼ਿੰਦਾ ਕਾਰਤੂਸ ਅਤੇ ਦੋ ਗੋਲ਼ੀਆਂ ਦੇ ਖੋਲ ਸਮੇਤ ਇਕ ਆਧੁਨਿਕ ਏ.ਕੇ.-56 ਅਸਾਲਟ ਰਾਈਫਲ ਵੀ ਬਰਾਮਦ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, ਦੁਬਈ ਤੋਂ ਕਿਸ ਨੇ ਭੇਜਿਆ, ‘ਆਪ’ ਸਰਕਾਰ ਕਰਵਾਏ ਜਾਂਚ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਬਲਜੀਤ ਮੱਲੀ ਦੇ ਖ਼ੁਲਾਸੇ ਤੋਂ ਬਾਅਦ ਪੁਲਸ ਟੀਮ ਨੇ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੂੰ ਗ੍ਰਿਫ਼ਤਾਰ ਕਰਨ ’ਚ ਕਾਮਯਾਬੀ ਹਾਸਲ ਕੀਤੀ ਹੈ, ਜੋ ਇਟਲੀ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ ਹੈਪੀ ਸੰਘੇੜਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸੰਪਰਕ ’ਚ ਵੀ ਸੀ। ਜ਼ਿਕਰਯੋਗ ਹੈ ਕਿ ਬਲਜੀਤ ਸਿੰਘ ਵੀ ਹੈਪੀ ਸੰਘੇੜਾ ਦੇ ਸੰਪਰਕ ’ਚ ਸੀ ਅਤੇ ਉਸ ਦੇ ਨਿਰਦੇਸ਼ਾਂ ’ਤੇ ਹੀ ਉਸ ਨੇ ਜੁਲਾਈ 2022 ’ਚ ਪਿੰਡ ਸੂਦਣ ਵਿਖੇ ਮੱਖੂ-ਲੋਹੀਆਂ ਰੋਡ ’ਤੇ ਸਥਿਤ ਨਿਸ਼ਾਨਦੇਹੀ ਤੋਂ ਹਥਿਆਰਾਂ ਦੀ ਖੇਪ ਹਾਸਲ ਕੀਤੀ ਸੀ। ਡੀ. ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਹਰਪ੍ਰੀਤ ਸਿੰਘ ਉਰਫ ਹਰ ਸਰਪੰਚ ਨੇ ਲਖਬੀਰ ਲੰਡਾ ਦੇ ਸਾਥੀ ਜਗਜੀਤ ਸਿੰਘ ਉਰਫ ਜੋਟਾ ਵਾਸੀ ਮਹਿਤਾ ਰੋਡ ਅੰਮ੍ਰਿਤਸਰ ਅਤੇ ਉਸ ਦੇ ਸਾਥੀ ਲਈ ਫਿਰੋਜ਼ਪੁਰ ਦੇ ਮੱਖੂ ਖੇਤਰ ’ਚ ਇਕ ਖਾਲੀ ਪਏ ਘਰ ’ਚ 10 ਦਿਨ ਠਹਿਰਨ ਦਾ ਪ੍ਰਬੰਧ ਕਰਨ ਦੀ ਗੱਲ ਕਬੂਲੀ ਹੈ। ਉਨ੍ਹਾਂ ਕਿਹਾ ਕਿ ਜੋਟਾ ’ਤੇ ਚਾਰ ਅਪਰਾਧਿਕ ਕੇਸ ਚੱਲ ਰਹੇ ਹਨ ਅਤੇ ਉਹ ਇਸ ਵੇਲੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿਖੇ ਬੰਦ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਹਰ ਸਰਪੰਚ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਤਰਨਤਾਰਨ ਪੁਲਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਗਏ ਨਛੱਤਰ ਸਿੰਘ ਉਰਫ ਮੋਤੀ ਦੇ ਨਜ਼ਦੀਕੀ ਸੰਪਰਕ ’ਚ ਸੀ ਅਤੇ ਆਪਣੀ ਨੀਲੇ ਰੰਗ ਦੀ ਬੀ.ਐੱਮ.ਡਬਲਿਊ. ਕਾਰ ਵਿਚ ਉਸ ਵੱਲੋਂ ਨਸ਼ੇ ਦੀ ਖੇਪ ਲਿਆਉਣ-ਲਿਜਾਣ ਵਰਤਦਾ ਸੀ।

ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਗੈਂਗ ਦੇ ਖ਼ਤਰਨਾਕ ਗੈਂਗਸਟਰ ਜਾਂਬਾ ਨੂੰ STF ਨੇ ਕੀਤਾ ਗ੍ਰਿਫ਼ਤਾਰ, ਵਿਦੇਸ਼ੀ ਹਥਿਆਰ ਬਰਾਮਦ

ਜ਼ਿਕਰਯੋਗ ਹੈ ਕਿ ਹਾਲ ਹੀ ’ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਉਕਤ ਬੀ.ਐੱਮ.ਡਬਲਿਊ. ਕਾਰ ਨੂੰ ਜ਼ਬਤ ਕੀਤਾ ਗਿਆ ਸੀ। ਹੋਰ ਜਾਣਕਾਰੀ ਦਿੰਦੇ ਹੋਏ ਏ. ਆਈ. ਜੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਹਰ ਸਰਪੰਚ ਗੈਂਗਸਟਰਾਂ ਲਖਬੀਰ ਲੰਡਾ ਅਤੇ ਹੈਪੀ ਸੰਘੇੜਾ ਦੇ ਨਾਂ ’ਤੇ ਪੈਸੇ ਇਕੱਠੇ ਕਰਦਾ ਸੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮਾਲੀ ਸਹਾਇਤਾ ਅਤੇ ਲਾਜਿਸਟਿਕ ਸਹਾਇਤਾ ਦਿੰਦਾ ਸੀ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਹਰ ਸਰਪੰਚ ਵੱਲੋਂ ਜਲਦ ਹੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ਸਥਿਤ ਲੰਡਾ ਪਾਕਿਸਤਾਨ ਸਥਿਤ ਲੋੜੀਂਦੇ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ’ਚ ਸ਼ਾਮਲ ਹੋਏ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ ਅਤੇ ਇਨ੍ਹਾਂ ਦੇ ਆਈ.ਐੱਸ.ਆਈ. ਨਾਲ ਵੀ ਨੇੜਲੇ ਸਬੰਧ ਹਨ। ਲੰਡਾ ਨੇ ਮੋਹਾਲੀ ’ਚ ਪੰਜਾਬ ਪੁਲਸ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ’ਚ ਮੁੱਖ ਭੂਮਿਕਾ ਨਿਭਾਈ ਸੀ ਅਤੇ ਅੰਮ੍ਰਿਤਸਰ ’ਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇਕ ਆਈ.ਈ.ਡੀ. ਵੀ ਲਾਇਆ ਸੀ। ਦੱਸਣਯੋਗ ਹੈ ਕਿ ਇਸ ਸਬੰਧ ’ਚ ਇਕ ਐੱਫ.ਆਈ.ਆਰ. ਨੰਬਰ 29, ਮਿਤੀ 22.09.2022 ਨੂੰ ਯੂ.ਏ. (ਪੀ ) ਐਕਟ ਦੀਆਂ ਧਾਰਾਵਾਂ 10, 13, 18 ਅਤੇ 20 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ  ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।


Manoj

Content Editor

Related News