ਪੰਜਾਬ ਪੁਲਸ ਵੱਲੋਂ ਕਰੋੜਾਂ ਦੀ ਹੈਰੋਇਨ ਸਣੇ ਇਕ ਤਸਕਰ ਗ੍ਰਿਫ਼ਤਾਰ, DGP ਨੇ ਕੀਤੇ ਵੱਡੇ ਖੁਲਾਸੇ
Friday, Apr 11, 2025 - 06:36 PM (IST)
 
            
            ਅੰਮ੍ਰਿਤਸਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 18.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰ ਦੀ ਪਛਾਣ ਹੀਰਾ ਸਿੰਘ ਉਰਫ਼ ਹੀਰਾ ਵਾਸੀ ਪਿੰਡ ਖੈਰਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸਦੀ ਐਚ.ਐਫ. ਡੀਲਕਸ ਮੋਟਰਸਾਈਕਲ (ਪੀਬੀ 02 ਬੀਡਬਲਿਊ 7803) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਨੂੰ ਉਹ ਚਲਾ ਰਿਹਾ ਸੀ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਹੀਰਾ ਸਿੰਘ ਅਤੇ ਉਸਦਾ ਸਾਥੀ, ਜਿਸ ਦੀ ਪਛਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਪਿੰਡ ਦਾਉਕੇ, ਅੰਮ੍ਰਿਤਸਰ ਵਜੋਂ ਹੋਈ ਹੈ, ਪਾਕਿਸਤਾਨ ਅਧਾਰਤ ਨਸ਼ਾ ਤਸਕਰ ਬਿੱਲਾ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਬਿੱਲਾ ਪਿਛਲੇ ਸਾਲ ਤੋਂ ਸਰਹੱਦ ਪਾਰੋਂ ਹੈਰੋਇਨ ਦੀਆਂ ਵੱਡੀਆਂ ਖੇਪਾਂ ਨੂੰ ਇਸ ਪਾਰ ਡਰੋਨ ਦੀ ਵਰਤੋਂ ਕਰਕੇ ਪਹੁੰਚਾ ਰਿਹਾ ਸੀ। ਡੀਜੀਪੀ ਨੇ ਕਿਹਾ ਕਿ ਦੋਸ਼ੀ ਕੁਲਵਿੰਦਰ ਸਿੰਘ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲੱਗ ਗਈ ਵੱਡੀ ਪਾਬੰਦੀ, 3 ਮਹੀਨੇ ਲਾਗੂ ਰਹਿਣਗੇ ਹੁਕਮ
ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ ਨੇ ਦੱਸਿਆ ਕਿ ਏਐਨਟੀਐਫ ਬਾਰਡਰ ਰੇਂਜ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਦੋਸ਼ੀ ਹੀਰਾ ਸਿੰਘ ਅਤੇ ਕੁਲਵਿੰਦਰ ਸਿੰਘ ਨਾਮੀ ਨਸ਼ਾ ਤਸਕਰ ਹਨ ਅਤੇ ਪਿਛਲੇ ਸਾਲ ਤੋਂ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ।
ਪ੍ਰਾਪਤ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਐਸਪੀ ਏਐਨਟੀਐਫ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕੀਤੀ ਅਤੇ ਦੋਸ਼ੀ ਹੀਰਾ ਸਿੰਘ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਮੋਟਰਸਾਈਕਲ 'ਤੇ ਆਪਣੇ ਘਰੋਂ ਨਿਕਲ ਰਿਹਾ ਸੀ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 12 ਪੈਕੇਟ ਹੈਰੋਇਨ (1.5 ਕਿਲੋ ਹਰੇਕ), ਜਿਸਦਾ ਕੁੱਲ ਵਜ਼ਨ 18 ਕਿਲੋ 227 ਗ੍ਰਾਮ ਹੈ, ਬਰਾਮਦ ਕੀਤੀ ਹੈ।

ਏਡੀਜੀਪੀ ਨੇ ਕਿਹਾ ਕਿ ਹੈਰੋਇਨ ਸਪਲਾਈ ਦੀ ਲੜੀ ਨੂੰ ਤੋੜਨ ਲਈ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਬਾਅਦ ਤੱਥਾਂ ਦੇ ਆਧਾਰ 'ਤੇ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਐਸਏਐਸ ਨਗਰ ਥਾਣਾ ਏਐਨਟੀਐਫ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ, 25 ਅਤੇ 29 ਤਹਿਤ ਐਫਆਈਆਰ ਨੰਬਰ 94 ਮਿਤੀ 10.04.2025 ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ-  ਪੰਜਾਬ 'ਚ ਪੁਲਸ ਥਾਣੇ ਨੇੜੇ ਲਗਾਤਾਰ ਤਿੰਨ Blast
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            