‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Friday, Apr 04, 2025 - 11:19 PM (IST)

‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐੱਫਆਈਆਰਜ਼ ਦਰਜ ਕਰਨ ਤੋਂ ਬਾਅਦ 46 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 35 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4874 ਹੋ ਗਈ ਹੈ।

ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 643 ਗ੍ਰਾਮ ਹੈਰੋਇਨ, 450 ਗ੍ਰਾਮ ਅਫੀਮ, 4318 ਨਸ਼ੀਲੀਆਂ ਗੋਲੀਆਂ ਅਤੇ 5760 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ  ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 497 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਤੱਕ ਜਾਰੀ ਰਹਿਣਗੇ।

ਜ਼ਿਕਰਯੋਗ ਹੈ ਕਿ ਪੁਲਸ ਟੀਮਾਂ ਨੇ ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਸੰਗਰੂਰ ਅਤੇ ਐੱਸਏਐੱਸ ਨਗਰ ਸਮੇਤ ਛੇ ਜ਼ਿਲ੍ਹਿਆਂ ਵਿੱਚ 315 ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਵੀ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਦੁਕਾਨਾਂ ’ਤੇ, ਨਸ਼ੀਲੀਆਂ ਗੋਲੀਆਂ ਜਾਂ ਕੋਈ ਹੋਰ ਆਦਤ ਪਾਉਣ ਵਾਲੀਆਂ ਦਵਾਈਆਂ ਤਾਂ ਨਹੀਂ ਵੇਚੀਆਂ ਜਾ ਰਹੀਆਂ ਅਤੇ ਦਵਾਈਆਂ ਦੀ ਵਿਕਰੀ ਸੰਬੰਧੀ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News