ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰਵਾਇਆ ਹੈੱਪੀ ਪਾਸੀਆ
Friday, Apr 18, 2025 - 02:19 PM (IST)

ਜਲੰਧਰ/ਚੰਡੀਗੜ੍ਹ/ਅਮਰੀਕਾ (ਵੈੱਬ ਡੈਸਕ)- ਪੰਜਾਬ ਪੁਲਸ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਪੰਜਾਬ ਵਿਚ ਕਈ ਗ੍ਰਨੇਡ ਹਮਲਿਆਂ ਦਾ ਇਕ ਮੁੱਖ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈੱਪੀ ਪਾਸੀਆ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਨੇਡ ਹਮਲੇ ਤੋਂ ਬਾਅਦ ਹੀ ਕਾਊਂਟਰ ਇੰਟੈਲੀਜੈਂਸ ਲਗਾਤਾਰ ਹੈੱਪੀ ਪਾਸੀਆ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀ ਸੀ। ਕਾਊਂਟਰ ਇੰਟੈਲੀਜੈਂਸ ਦੀ ਇਨਪੁੱਟ ਦੇ ਆਧਾਰ 'ਤੇ ਹੀ ਹੈੱਪੀ ਪਾਸੀਆ ਦੀ ਅਮਰੀਕਾ ਵਿਚ ਗ੍ਰਿਫ਼ਤਾਰੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਲੱਗੀ ਪਾਬੰਦੀ, ਸਵੇਰੇ ਤੋਂ 9 ਤੋਂ ਸ਼ਾਮ 5 ਵਜੇ ਤੱਕ...
ਦੱਸਣਯੋਗ ਹੈ ਕਿ ਅਮਰੀਕਾ ਸਥਿਤ ਖਾਲਿਸਤਾਨੀ ਅੱਤਵਾਦੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ICE) ਨੇ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਸ ਅਤੇ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ) ਦੇ ਅਨੁਸਾਰ ਪਾਸੀਆ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਨਾਲ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਇਹ ਗੈਂਗਸਟਰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਕਈ ਗ੍ਰਨੇਡ ਹਮਲਿਆਂ ਲਈ ਜ਼ਿੰਮੇਵਾਰ ਹੈ। ਉਸ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੇ ਜ਼ਿਲ੍ਹਿਆਂ ਅਤੇ ਸਰਹੱਦੀ ਇਲਾਕਿਆਂ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਖ਼ਤਮ ਕਰਨ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਖੜ੍ਹੀ ਹੋਈ ਨਵੀਂ ਮੁਸੀਬਤ
ਹੈੱਪੀ ਪਾਸੀਆ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖ਼ਲ ਹੋਇਆ ਸੀ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਬਰਨਰ ਫੋਨਾਂ ਦੀ ਵਰਤੋਂ ਕਰਦਾ ਸੀ। ਪਾਸੀਆ 14 ਗ੍ਰਨੇਡ ਹਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ 11 ਸਤੰਬਰ 2024 ਨੂੰ ਚੰਡੀਗੜ੍ਹ ਗ੍ਰਨੇਡ ਧਮਾਕਾ ਵੀ ਸ਼ਾਮਲ ਸੀ, ਜਿਸ ਨੂੰ ਉਸ ਦੇ ਨਿਰਦੇਸ਼ਾਂ 'ਤੇ ਦੋ ਨੌਜਵਾਨਾਂ ਨੇ ਅੰਜਾਮ ਦਿੱਤਾ ਸੀ। ਹੈੱਪੀ ਪਾਸੀਆ ਨੇ ਹੀ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਪੁਲਸ ਸਟੇਸ਼ਨਾਂ 'ਤੇ ਹੋਏ ਧਮਾਕਿਆਂ ਦੇ ਨਾਲ-ਨਾਲ ਲੁਧਿਆਣਾ ਕੋਰਟ ਧਮਾਕੇ ਦੀ ਜ਼ਿੰਮੇਵਾਰੀ ਵੀ ਲਈ ਸੀ। NIA ਨੇ ਉਸ 'ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਪਿਛਲੇ 7 ਮਹੀਨਿਆਂ ਵਿੱਚ ਪੰਜਾਬ 16 ਗ੍ਰਨੇਡ ਹਮਲਿਆਂ ਨਾਲ ਹਿੱਲ ਗਿਆ ਹੈ, ਜਿਸ ਵਿੱਚ ਪੁਲਸ ਚੌਂਕੀਆਂ ਅਤੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਵਰਗੀਆਂ ਰਾਜਨੀਤਿਕ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਸਤੰਬਰ 2024 ਵਿੱਚ ਚੰਡੀਗੜ੍ਹ ਦੇ ਸੈਕਟਰ 10 ਵਿੱਚ ਹੋਏ ਹੈਂਡ ਗ੍ਰਨੇਡ ਹਮਲੇ ਦੀ ਜਾਂਚ ਤੋਂ ਪਤਾ ਲੱਗਾ ਸੀ ਕਿ ਪਾਸੀਆ ਨੇ ਹੀ ਇਸ ਹਮਲੇ ਦੀ ਯੋਜਨਾ ਬਣਾਈ ਸੀ। ਇਸ ਹਮਲੇ ਵਿੱਚ ਰਿੰਦਾ ਅਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਸ਼ਾਮਲ ਸਨ। ਐੱਨ. ਆਈ. ਏ. ਨੇ ਪਾਸੀਆ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਅਤੇ ਜਨਵਰੀ 2025 ਵਿੱਚ ਉਸ 'ਤੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ: ਜਲੰਧਰ 'ਚ ਪਤੀ-ਪਤਨੀ ਨਾਲ ਵਾਪਰੇ ਹਾਦਸੇ ਦੀ ਰੂਹ ਕੰਬਾਊ CCTV ਆਈ ਸਾਹਮਣੇ, ਦੂਰ ਤੱਕ ਘੜੀਸਦੀ ਲੈ ਗਈ ਕਾਰ
ਪੰਜਾਬ ਪੁਲਸ ਨੇ ਦਸੰਬਰ 2024 ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਸ ਥਾਣਿਆਂ 'ਤੇ ਹੋਏ ਹੈਂਡ ਗ੍ਰਨੇਡ ਹਮਲਿਆਂ ਦੇ ਸਬੰਧ ਵਿੱਚ ਪੰਜ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਹਮਲਿਆਂ ਦੀ ਯੋਜਨਾ ਪਾਸੀਆ ਅਤੇ ਰਿੰਦਾ ਨੇ ਬਣਾਈ ਸੀ ਅਤੇ ਆਈ. ਐੱਸ. ਆਈ. ਨੇ ਇਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਪੁਲਸ ਦੇ ਅਨੁਸਾਰ ਪਾਸੀਆ 2021 ਵਿੱਚ ਮੈਕਸੀਕਨ ਸਰਹੱਦ ਰਾਹੀਂ ਗੈਰ-ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖ਼ਲ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਰਕਾਰੀ ਹਸਪਤਾਲ ਦੇ ਦੋ ਮੁਲਾਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e