ਨਸ਼ਿਆਂ ਖ਼ਿਲਾਫ਼ ਜੰਗ : ਪੰਜਾਬ ਪੁਲਸ ਨੇ ਹਫ਼ਤੇ ਅੰਦਰ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ

Monday, Jul 25, 2022 - 04:21 PM (IST)

ਨਸ਼ਿਆਂ ਖ਼ਿਲਾਫ਼ ਜੰਗ : ਪੰਜਾਬ ਪੁਲਸ ਨੇ ਹਫ਼ਤੇ ਅੰਦਰ 7.93 ਲੱਖ ਫਾਰਮਾ ਓਪੀਔਡਜ਼ ਤੇ ਨਸ਼ੀਲੇ ਟੀਕੇ ਕੀਤੇ ਬਰਾਮਦ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੌਰਾਨ ਪੰਜਾਬ ਪੁਲਸ ਵੱਲੋਂ ਪਿਛਲੇ ਹਫ਼ਤੇ ਸੂਬੇ ਭਰ 'ਚੋਂ ਫਾਰਮਾ ਓਪੀਔਡਜ਼ ਦੀਆਂ 7.93 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਬਰਾਮਦ ਕੀਤੇ ਗਏ ਹਨ। 7.93 ਲੱਖ ਫਾਰਮਾ ਓਪੀਔਡਜ਼ 'ਚ 6.82 ਲੱਖ ਨਸ਼ੀਲੀਆਂ ਗੋਲੀਆਂ, 17169 ਨਸ਼ੀਲੇ ਟੀਕੇ, 85442 ਨਸ਼ੀਲੇ ਕੈਪਸੂਲ ਅਤੇ 8648 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸ਼ਾਮਲ ਹਨ। ਇੰਸਪੈਕਟਰ ਜਨਰਲ ਆਫ਼ ਪੁਲਸ ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਾਣਕਾਰੀ ਦਿੱਤੀ ਕਿ ਫ਼ਤਹਿਗੜ੍ਹ ਸਾਹਿਬ ਪੁਲਸ ਨੇ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ 'ਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਫਾਰਮਾਸਿਊਟੀਕਲ ਡਰੱਗ ਕਾਰਟਲ ਦਾ ਪਰਦਾਫਾਸ਼ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੁੜ ਆਪਣੇ ਰੰਗ 'ਚ ਮੁੜੇਗਾ ਮਾਨਸੂਨ

ਆਈ. ਜੀ. ਪੀ. ਨੇ ਕਿਹਾ ਕਿ ਪਿਛਲੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ, ਜਿਸ 'ਚ ਪੁਲਸ ਨੇ ਬੁਪ੍ਰੇਨੋਰਫਾਈਨ ਦੇ 175 ਟੀਕੇ ਅਤੇ ਐਵੀਲ ਦੀਆਂ 175 ਸ਼ੀਸ਼ੀਆਂ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਜਿਸ ਨਾਲ ਮੁੱਖ ਸਪਲਾਇਰ ਨੂੰ ਫੜ੍ਹਨ 'ਚ ਫ਼ਤਹਿਗੜ੍ਹ ਸਾਹਿਬ ਪੁਲਿਸ ਨੂੰ ਮਦਦ ਮਿਲੀ। ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀ. ਜੀ. ਪੀ.) ਗੌਰਵ ਯਾਦਵ ਨੇ ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ, ਖ਼ਾਸ ਤੌਰ 'ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਿਤ ਮਾਮਲੇ 'ਚ ਅਗਲੇ-ਪਿਛਲੇ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਥੋੜ੍ਹੀ ਮਾਤਰਾ 'ਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਹੋਵੇ। ਨਸ਼ਿਆਂ ਬਾਰੇ ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਸੂਬੇ ਭਰ 'ਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐੱਨ. ਡੀ. ਪੀ. ਐੱਸ.) ਐਕਟ ਅਧੀਨ 389 ਐੱਫ. ਆਈ. ਆਰਜ਼., ਜਿਨ੍ਹਾਂ 'ਚ 40 ਵਪਾਰਕ ਨਸ਼ਾ ਤਸਕਰੀ ਨਾਲ ਸਬੰਧਿਤ ਹਨ, ਦਰਜ ਕਰਕੇ 508 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਮਾਈਨਿੰਗ 'ਤੇ ਪੰਜਾਬ ਸਰਕਾਰ ਨੇ ਤਿਆਰ ਕੀਤੀ ਪਹਿਲੀ ਵਿਸਤ੍ਰਿਤ ਰਿਪੋਰਟ, ਵਾਤਾਵਰਣ ਮੰਤਰਾਲੇ ਨੂੰ ਭੇਜੀ

ਇਸ ਤੋਂ ਇਲਾਵਾ ਪੁਲਸ ਨੇ ਪਿਛਲੇ ਹਫ਼ਤੇ ਐੱਨ. ਡੀ. ਪੀ. ਐੱਸ ਕੇਸਾਂ 'ਚ ਲੋੜੀਂਦੇ 31 ਭਗੌੜਿਆਂ ਅਤੇ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਵੱਡੀ ਮਾਤਰਾ 'ਚ ਫਾਰਮਾ ਓਪੀਔਡਜ਼ ਬਰਾਮਦ ਕਰਨ ਤੋਂ ਇਲਾਵਾ, ਸੂਬੇ ਭਰ ਦੇ ਸੰਵੇਦਨਸ਼ੀਲ ਰਸਤਿਆਂ 'ਤੇ ਨਾਕੇ ਲਗਾ ਕੇ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 8.37 ਕਿੱਲੋ ਹੈਰੋਇਨ, 32.28 ਕਿਲੋ ਅਫ਼ੀਮ, 53.2 ਕਿਲੋ ਗਾਂਜਾ ਅਤੇ 140 ਕੁਇੰਟਲ ਭੁੱਕੀ ਬਰਾਮਦ ਕਰਨ ਤੋਂ ਇਲਾਵਾ 11.73 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਨਸ਼ਾ ਤਸਕਰੀ ਦੇ ਰੁਝਾਨ ਬਾਰੇ ਗੱਲ ਕਰਦਿਆਂ ਆਈ. ਜੀ. ਪੀ. ਸੁਖਚੈਨ ਗਿੱਲ ਨੇ ਕਿਹਾ ਕਿ ਨਸ਼ਾ ਤਸਕਰੀ ਲਈ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਵਾਲੇ ਵਾਹਨਾਂ ਦੀ ਵਰਤੋਂ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ

ਜ਼ਿਕਰਯੋਗ ਹੈ ਕਿ ਮੋਹਾਲੀ ਪੁਲਸ ਨੇ ਐਤਵਾਰ ਨੂੰ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਪਿੰਡ ਦੱਪਰ ਨੇੜੇ ਸਪੈਸ਼ਲ ਨਾਕਾਬੰਦੀ ਦੌਰਾਨ ਐਂਬੂਲੈਂਸ 'ਚ ਪਏ ਨਕਲੀ ਮਰੀਜ਼ ਦੇ ਸਿਰ ਦੇ ਹੇਠਾਂ ਰੱਖੇ ਸਿਰਹਾਣੇ 'ਚ ਛੁਪਾ ਕੇ ਰੱਖੀ 8 ਕਿੱਲੋ ਅਫੀਮ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਮੱਦੇਨਜ਼ਰ, ਸਾਰੇ ਸੀ. ਪੀਜ਼./ਐੱਸ. ਐੱਸ. ਪੀਜ਼. ਨੂੰ ਅਸਲ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਹਸਪਤਾਲਾਂ ਅਤੇ ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਰੀਜ਼ਾਂ ਨੂੰ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾ ਸਕੇ ਅਤੇ ਗਲਤ ਕੰਮਾਂ ਲਈ ਐਮਰਜੈਂਸੀ ਸੇਵਾ ਵਾਹਨਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News