ਸੂਬੇ ਭਰ ਦੇ 262 ਬੱਸ ਅੱਡਿਆਂ ''ਤੇ ਪੰਜਾਬ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ, ਹਿਰਾਸਤ ''ਚ ਲਏ 175 ਬੰਦੇ

Sunday, Mar 09, 2025 - 08:09 PM (IST)

ਸੂਬੇ ਭਰ ਦੇ 262 ਬੱਸ ਅੱਡਿਆਂ ''ਤੇ ਪੰਜਾਬ ਪੁਲਸ ਨੇ ਚਲਾਈ ਤਲਾਸ਼ੀ ਮੁਹਿੰਮ, ਹਿਰਾਸਤ ''ਚ ਲਏ 175 ਬੰਦੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਗਾਮੀ ਹੋਲੀ ਦੇ ਤਿਉਹਾਰ ਦੇ ਸ਼ਾਂਤੀਪੂਰਨ ਜਸ਼ਨ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 262 ਬੱਸ ਅੱਡਿਆਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਈ ਗਈ।

PunjabKesari

ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਸਨੀਫਰ ਡੌਗ ਦੀ ਸਹਾਇਤਾ ਨਾਲ ਬੱਸ ਸਟੈਂਡਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਉਨ੍ਹਾਂ ਅੱਗੇ ਕਿਹਾ ਕਿ ਟੀਮਾਂ ਵੱਲੋਂ ਜਾਂਚ ਲਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਉਨ੍ਹਾਂ ਕਿਹਾ, "ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਹਨਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।" 

PunjabKesari

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸੂਬੇ ਭਰ ਵਿੱਚ 121 ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 400 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ ਜਿਹਨਾਂ ਨੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਯਕੀਨੀ ਬਣਾਉਂਦਿਆਂ ਸੂਬੇ ਦੇ ਵੱਖ-ਵੱਖ ਬੱਸ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।

ਉਨ੍ਹਾਂ ਦੱਸਿਆ ਕਿ ਸੂਬੇ ਦੇ ਲਗਭਗ 262 ਬੱਸ ਅੱਡਿਆਂ 'ਤੇ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਲਗਭਗ 3868 ਲੋਕਾਂ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 175 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਆਪ੍ਰੇਸ਼ਨ ਦੌਰਾਨ ਦੋ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਹਨ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। 

PunjabKesari

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਬੱਸ ਅੱਡਿਆਂ ਅਤੇ ਇਸ ਦੇ ਆਲੇ-ਦੁਆਲੇ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 208 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 14 ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੁਹਰਾਇਆ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Baljit Singh

Content Editor

Related News