ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...

Thursday, Apr 30, 2026 - 05:01 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...

ਲੁਧਿਆਣਾ (ਰਾਜ): ਮਹਾਨਗਰ ਦੇ ਜਮਾਲਪੁਰ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਣ ਵਾਲੇ ਸ਼ਰਾਰਤੀ ਅਨਸਰਾਂ ਨੇ ਪੁਲਸ ਪਾਰਟੀ 'ਤੇ ਜਾਨਲੇਵਾ ਹਮਲਾ ਕਰਕੇ ਸਨਸਨੀ ਫੈਲਾ ਦਿੱਤੀ। ਚੌਕੀ ਰਾਮਗੜ੍ਹ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਇਕ ਹੈੱਡ ਕਾਂਸਟੇਬਲ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ ਦੇ ਸਿਰ 'ਤੇ ਦਾਤਰ ਨਾਲ ਤਾਬੜਤੋੜ ਵਾਰ ਕਰ ਦਿੱਤੇ। ਇਸ ਹਮਲੇ ਵਿਚ ਪੁਲਸ ਮੁਲਾਜ਼ਮ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ, ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਵਾਂ ਮੁਲਜ਼ਮਾਂ ਨੂੰ ਦਬੋਚ ਲਿਆ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਨੇ ਦੱਸਿਆ ਕਿ 29 ਅਪ੍ਰੈਲ ਨੂੰ ਉਹ ਹੈੱਡ ਕਾਂਸਟੇਬਲ ਦਲਵੀਰ ਸਿੰਘ (ਨੰਬਰ 3463), ਪੀ.ਐੱਚ.ਜੀ. ਸੁਰਿੰਦਰ ਮੋਹਨ ਅਤੇ ਪੀ.ਐੱਚ.ਜੀ. ਗੋਲਡੀ ਦੇ ਨਾਲ ਗਸ਼ਤ ਦੇ ਸਬੰਧ ਵਿਚ ਬੁੱਢੇਵਾਲ ਰੋਡ ਸਥਿਤ ਪੈਟਰੋਲ ਪੰਪ ਦੇ ਕੋਲ ਮੌਜੂਦ ਸਨ। ਇਸੇ ਦੌਰਾਨ ਇਕ ਐਕਟਿਵਾ (ਨੰਬਰ PB 10 JK 3552) 'ਤੇ ਸਵਾਰ ਦੋ ਸ਼ੱਕੀ ਨੌਜਵਾਨ ਆਉਂਦੇ ਦਿਖਾਈ ਦਿੱਤੇ। ਜਦੋਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਜਦੋਂ ਉਨ੍ਹਾਂ ਨੂੰ ਘੇਰਾ ਪਾ ਕੇ ਕਾਬੂ ਕੀਤਾ ਅਤੇ ਚੈਕਿੰਗ ਸ਼ੁਰੂ ਕੀਤੀ, ਤਾਂ ਐਕਟਿਵਾ ਦੇ ਪਿੱਛੇ ਬੈਠੇ ਨੌਜਵਾਨ ਨੇ ਅਚਾਨਕ ਤੈਸ਼ ਵਿਚ ਆ ਕੇ ਦਾਤਰ ਕੱਢ ਲਿਆ।

PunjabKesari

ਮੁਲਜ਼ਮ ਨੇ ਹੈੱਡ ਕਾਂਸਟੇਬਲ ਦਲਵੀਰ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ਦੇ ਸਿਰ ਦੇ ਖੱਬੇ ਪਾਸੇ ਦਾਤਰ ਨਾਲ ਤਿੰਨ-ਚਾਰ ਵਾਰ ਕੀਤੇ। ਅਚਾਨਕ ਹੋਏ ਇਸ ਹਮਲੇ ਵਿਚ ਦਲਵੀਰ ਸਿੰਘ ਲਹੂ-ਲੁਹਾਨ ਹੋ ਕੇ ਉੱਥੇ ਹੀ ਡਿੱਗ ਪਏ, ਜਦਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਏ। ਜ਼ਖ਼ਮੀ ਮੁਲਾਜ਼ਮ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਤਤਪਰਤਾ ਨਾਲ ਕਾਰਵਾਈ ਕਰਦੇ ਹੋਏ ਤਫ਼ਤੀਸ਼ ਦੌਰਾਨ ਦੋਵਾਂ ਹਮਲਾਵਰਾਂ ਦੀ ਪਛਾਣ ਕਰ ਲਈ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਨ ਸਿੰਘ ਅਤੇ ਗਗਨਦੀਪ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
 


author

Anmol Tagra

Content Editor

Related News