ਪੰਜਾਬ ਪੁਲਸ ਦੇ DIG ਦਫ਼ਤਰ ''ਚ ਤਾਇਨਾਤ ਮੁਲਾਜ਼ਮ ਦੇ ਕਤਲ ਦੀ ਕੋਸ਼ਿਸ਼! ਜਾਣੋ ਪੂਰਾ ਮਾਮਲਾ
Tuesday, Nov 25, 2025 - 04:51 PM (IST)
ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਡੀ. ਆਈ. ਜੀ. ਦਫ਼ਤਰ ਵਿਚ ਤਾਇਨਾਤ ਪੁਲਸ ਮੁਲਾਜ਼ਮਾਂ ਦੇ ਨਾਲ ਕੁੱਟਮਾਰ ਕਰਨ ਤੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਮਾਲਪੁਰ ਪੁਲਸ ਕਾਲੋਨੀ ਦੇ ਰਹਿਣ ਵਾਲੇ ਕਾਂਸਟੇਬਲ ਗਗਨਦੀਪ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਸਿਮਰਨਜੀਤ ਸਿੰਘ, ਉਸ ਦੇ ਪਿਤਾ ਅਤੇ ਤਿੰਨ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਕਾਂਗਸਟੇਬਲ ਗਗਨਦੀਪ ਸਿੰਘ ਨੇ ਦੱਸਿਆ ਕਿ 13 ਨਵੰਬਰ ਨੂੰ ਉਹ ਆਪਣੇ ਦੋਸਤਾਂ ਦੇ ਨਾਲ ਕਾਰ ਵਿਚ ਸਵਾਰ ਹੋ ਕੇ ਗੜ੍ਹੀ ਫਾਜ਼ਿਲ ਕੀ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣਿਓਂ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਸਿਮਰਨਜੀਤ ਸਿੰਘ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਮਗਰੋਂ ਸਿਮਰਨਜੀਤ ਸਿੰਘ ਵੱਲੋਂ ਉਨ੍ਹਾਂ ਨਾਲ ਬਹਿਸਬਾਜ਼ੀ ਸ਼ੁਰੂ ਕਰ ਦਿੱਤੀ ਗਈ। ਇਸੇ ਦੌਰਾਨ ਉਸ ਨੇ ਫ਼ੋਨ ਕਰ ਕੇ ਆਪਣੇ ਪਿਤਾ ਤੇ ਤਿੰਨ ਹੋਰ ਸਾਥੀਆਂ ਨੂੰ ਮੌਕੇ 'ਤੇ ਬੁਲਾ ਲਿਆ ਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਗਿਆ।
ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਤਕ ਉਕਤ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ । ਸਾਰੇ ਮੁਲਜ਼ਮ ਅਜੇ ਫ਼ਰਾਰ ਹਨ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
