ਪੰਜਾਬ ਪੁਲਸ ਵੱਲੋਂ ਗੈਂਗਵਾਰ ’ਚ ਸ਼ਾਮਲ ਅਪਰਾਧਿਕ ਗਿਰੋਹ ਦਾ ਪਰਦਾਫਾਸ਼, ਪਿਸਤੌਲ ਸਮੇਤ ਇੱਕ ਗ੍ਰਿਫ਼ਤਾਰ
Friday, May 26, 2023 - 09:52 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਐੱਸ.ਏ.ਐੱਸ.ਨਗਰ ਨੇ ਅੱਜ ਇੱਕ ਅਪਰਾਧੀ ਗਿਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਉਸ ਦੇ ਕਬਜ਼ੇ 'ਚੋਂ 30 ਬੋਰ ਦੇ ਪਿਸਤੌਲ ਸਮੇਤ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਆਕਾਸ਼ ਵਾਸੀ ਪਿੰਡ ਨੌਰੰਗ ਕੇ ਲੇਲੀ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਸ ਨੇ ਉਸ ਦੇ ਨਜ਼ਦੀਕੀ ਸਾਥੀ ਸੁੱਖ ਉਰਫ਼ ਸੁਭਾਸ਼ ਵਾਸੀ ਪਿੰਡ ਬਾਬਰਾ ਆਜ਼ਮ ਸ਼ਾਹ, ਫਿਰੋਜ਼ਪੁਰ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਹੈ। ਇਹ ਦੋਵੇਂ ਦੋਸ਼ੀ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਦੋਹਰੇ ਕਤਲ, ਇਰਾਦਾ ਕਤਲ ਤੇ ਅਸਲਾ ਐਕਟ ਸਮੇਤ ਘਿਨਾਉਣੇ ਅਪਰਾਧਿਕ ਮਾਮਲਿਆਂ ’ਚ ਸ਼ਾਮਲ ਹਨ। ਵੇਰਵੇ ਦਿੰਦਿਆਂ, ਏ.ਆਈ.ਜੀ.ਐੱਸ.ਐੱਸ.ਓ.ਸੀ. ਐਸਏਐਸ ਨਗਰ ਅਸ਼ਵਨੀ ਕਪੂਰ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਦੋਸ਼ੀ ਰਾਹੁਲ ਅਤੇ ਸੁੱਖ, ਜੋ ਜ਼ਮਾਨਤ 'ਤੇ ਹਨ, ਵਿਰੋਧੀ ਗਰੋਹਾਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣੇ ਅਣਪਛਾਤੇ ਸਾਥੀਆਂ ਤੋਂ ਹੋਰ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਵੀ ਕਰ ਰਹੇ ਸਨ।
ਇਹ ਵੀ ਪੜ੍ਹੋ : ਵਿਰੋਧੀ ਪਾਰਟੀਆਂ ਵਲੋਂ ਨਵੇਂ ਸੰਸਦ ਭਵਨ ਦੇ ਉਦਘਾਟਨ ਦੇ ਵਿਰੋਧ ਕਰਨ ਦੇ ਫੈਸਲੇ ਦੀ ਤਰੁਣ ਚੁਘ ਨੇ ਕੀਤੀ ਸਖ਼ਤ ਨਿਖੇਧੀ
ਏ.ਆਈ.ਜੀ. ਕਪੂਰ ਨੇ ਦੱਸਿਆ ਕਿ ਐੱਸ.ਐੱਸ.ਓ.ਸੀ. ਮੁਹਾਲੀ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਉਰਫ਼ ਆਕਾਸ਼ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਪਿਸਤੌਲ ਬਰਾਮਦ ਕੀਤਾ, ਜਦੋਂ ਕਿ ਸੁੱਖ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਸਿੱਕਾ ਪ੍ਰਾਪਤ ਕਰਨ ਦੇ ਸਰੋਤ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਐੱਸ.ਏ.ਐੱਸ.ਨਗਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਮੁਕੱਦਮਾ ਨੰਬਰ 08 ਮਿਤੀ 25/05/2023 ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਰਨਾਟਕ ਤੋਂ ਬਾਅਦ ਰਾਜਸਥਾਨ ਨੂੰ ਲੈ ਕੇ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ ਭਾਜਪਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani