ਤਰਨਤਾਰਨ ਚਰਚ ਦੀ ਭੰਨਤੋੜ ਦੀ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਪੁਲਸ, ਚੁੱਕਿਆ ਵੱਡਾ ਕਦਮ
Friday, Sep 02, 2022 - 06:42 PM (IST)
ਸਮਰਾਲਾ (ਗਰਗ) : ਪੰਜਾਬ ਦੇ ਤਰਨਤਾਰਨ ਵਿਚ ਚਰਚ ਦੀ ਹੋਈ ਭੰਨਤੋੜ ਅਤੇ ਪਾਦਰੀ ਦੀ ਗੱਡੀ ਨੂੰ ਅੱਗ ਲਗਾਉਣ ਦੀ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਪੁਲਸ ਨੇ ਸੂਬੇ ਭਰ ’ਚ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਚਾਨਕ ਵਧਾ ਦਿੱਤੀ ਹੈ। ਪੰਜਾਬ ਪੁਲਸ ਦੇ ਏ. ਡੀ. ਜੀ. ਪੀ. ਅਮਰਦੀਪ ਸਿੰਘ ਰਾਏ ਵੱਲੋਂ ਧਾਰਮਿਕ ਸਥਾਨਾਂ ਦਾ ਅੱਜ ਦੌਰਾ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਤੇ ਵੀ ਧਾਰਮਿਕ ਸਥਾਨ ਨੂੰ ਨੁਕਸਾਨ ਪਹੁੰਚਾਉਂਦੀ ਭਵਿੱਖ ਵਿਚ ਮੁੜ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਏ. ਡੀ. ਜੀ. ਪੀ. ਅਮਰਦੀਪ ਸਿੰਘ ਰਾਏ ਅਤੇ ਐੱਸ. ਐੱਸ. ਪੀ. ਖੰਨਾ ਸਮੇਤ ਕਈ ਪੁਲਸ ਅਧਿਕਾਰੀਆਂ ਦੀ ਟੀਮ ਅੱਜ ਅਚਾਨਕ ਸਮਰਾਲਾ ਪਹੁੰਚੀ ਅਤੇ ਇੱਥੋਂ ਦੇ ਮਸ਼ਹੂਰ ਚਰਚ ਸਮੇਤ ਚਹਿਲਾਂ ਦੇ ਪ੍ਰਾਚੀਨ ਸ਼ਿਵ ਮੰਦਰ ਸਮੇਤ ਹੋਰ ਕਈ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਨੂੰ ਦਿੱਤੀ ਧਮਕੀ
ਇਸ ਮੌਕੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਦੇਖ-ਰੇਖ ਕਰ ਰਹੇ ਪ੍ਰਬੰਧਕਾਂ ਅਤੇ ਧਰਮ ਗੁਰੂਆਂ ਨਾਲ ਵੀ ਪੁਲਸ ਅਧਿਕਾਰੀਆਂ ਨੇ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਉਹ ਖੁਦ ਵੀ ਚੌਕੰਨੇ ਰਹਿਣ ਅਤੇ ਇਨ੍ਹਾਂ ਧਾਰਮਿਕ ਸਥਾਨਾਂ ਦੀ ਚੌਕਸੀ ਲਈ ਸੀ. ਸੀ. ਟੀ. ਵੀ. ਕੈਮਰਿਆਂ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਾਰੇ ਕੀਤੇ ਜਾਣ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਏ. ਡੀ. ਜੀ. ਪੀ. ਅਮਰਦੀਪ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਭਰ ਦੇ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਸ ਦੇ ਹੈੱਡਕੁਆਰਟਰ ਪੱਧਰ ਦੇ ਉੱਚ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਸਾਰੇ ਅਧਿਕਾਰੀ ਸੂਬੇ ਭਰ ਵਿਚ ਧਾਰਮਿਕ ਸਥਾਨਾਂ ’ਤੇ ਜਾ ਕੇ ਉਥੋਂ ਦੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰ ਰਹੇ ਹਨ।
ਇਹ ਵੀ ਪੜ੍ਹੋ : ਮੋਗਾ ਦੇ ਪਿੰਡ ਘੋਲੀਆ ’ਚ ਸ਼ਾਇਆ ਮਾਤਮ, ਕੈਨੇਡਾ ਗਏ ਨੌਜਵਾਨ ਦੀ ਦਿਲ ਕੰਬਾਊ ਹਾਦਸੇ ’ਚ ਮੌਤ
ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਸ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਅਤੇ ਧਰਮ ਗੁਰੂਆਂ ਨੂੰ ਇਸ ਗੱਲ ਦਾ ਵੀ ਵਿਸ਼ਵਾਸ ਦਿਵਾ ਰਹੀ ਹੈ ਕਿ ਪੰਜਾਬ ਪੁਲਸ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੂਰੀ ਤਰ੍ਹਾਂ ਚੌਕੰਨੀ ਹੈ ਅਤੇ ਸੁਰੱਖਿਆ ਪ੍ਰਬੰਧਾਂ ’ਚ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਸ ਭਵਿੱਖ ਵਿਚ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦੇਵੇਗੀ ਅਤੇ ਮਾਹੌਲ ਵਿਗਾੜਨ ’ਚ ਲੱਗੇ ਮੌਕਾਪ੍ਰਸਤ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਪਾਕਿਸਤਾਨ ’ਚ ਬੈਠੇ ਗੈਂਗਸਟਰ ਰਿੰਦਾ ਦੀ ਪੰਜਾਬ ਪੁਲਸ ਨੂੰ ਧਮਕੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।