ਮੁੱਖ ਮੰਤਰੀ ਦਾ ਝੂਠਾ ਬਿਆਨ ਟਵੀਟ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲਸ ਨੂੰ ਕਾਰਵਾਈ ਕਰਨ ਦਾ ਹੁਕਮ
Sunday, Aug 15, 2021 - 04:41 PM (IST)

ਜਲੰਧਰ (ਧਵਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਪੁਲਸ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਟਵਿਟਰ ਇੰਡੀਆ ਨੂੰ ਵੀ ਕਿਹਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਉਨ੍ਹਾਂ ਦੇ (ਮੁੱਖ ਮੰਤਰੀ) ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ। ਟਵਿਟਰ ’ਤੇ ਮੁੱਖ ਮੰਤਰੀ ਦਾ ਗਲਤ ਬਿਆਨ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ’ਚ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਲਿਖਿਆ ਗਿਆ ਕਿ ਕਿਸਾਨਾਂ ਦੇ ਸੰਘਰਸ਼ ਨੂੰ ਖਾਲਿਸਤਾਨੀ ਅਤੇ ਪਾਕਿਸਤਾਨੀ ਸਮਰਥਕ ਅਨਸਰਾਂ ਨੇ ਹਾਈਜੈਕ ਕਰ ਲਿਆ ਹੈ ਜਦਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਅਜਿਹਾ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਵਲੋਂ ਪੀ. ਗੁਰੂਜ ਨੇ ਇਹ ਵੀ ਟਵੀਟ ਕੀਤਾ ਕਿ ਪ੍ਰਦਰਸ਼ਨਕਾਰੀ ਕਿਸਾਨ ਸਿਰਫ ਕੋਵਿਡ ਦਾ ਪ੍ਰਸਾਰ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਵਿਕਾਸ ’ਚ ਕੋਈ ਵੀ ਯੋਗਦਾਨ ਨਹੀਂ ਦੇ ਰਹੇ ਹਨ। ਸਭ ਤੋਂ ਹੇਠਾਂ ਇਹ ਲਿਖਿਆ ਗਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਕੀਤੀਆਂ ਹਨ।
ਇਹ ਵੀ ਪੜ੍ਹੋ : ‘ਆਫ਼ਤ ਦੀ ਇਸ ਘੜੀ ’ਚੋਂ ਅਸੀਂ ਜੇਤੂ ਹੋ ਕੇ ਨਿਕਲਾਂਗੇ’: ਕੈਪਟਨ ਅਮਰਿੰਦਰ ਸਿੰਘ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਸੰਘਰਸ਼ ਕਮਜ਼ੋਰ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਵੀ ਸ਼ਿਕਾਇਤ ਮੁੱਖ ਮੰਤਰੀ ਵਲੋਂ ਕੇਸ ਦਰਜ ਕਰਨ ਲਈ ਭੇਜੀ ਜਾ ਰਹੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕਿਸਾਨ ਅੰਦੋਲਨ ਨੂੰ ਲੈ ਕੇ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਭਵਿੱਖ ’ਚ ਵੀ ਕਿਸਾਨਾਂ ਦਾ ਪੂਰਾ ਸਾਥ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹੀ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ ’ਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਉਸ ’ਚ ਪ੍ਰਸਤਾਵ ਪਾਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਕਤੀਆਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਇਸ ਮਾਮਲੇ ’ਚ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਨਾਲ ਮੁਲਾਕਾਤ ਸਬੰਧੀ ਤੱਥਾਂ ’ਤੇ ਆਧਾਰਤ ਸੱਚ ਸੁਖਬੀਰ ਬਾਦਲ ਨੇ ਕੀਤਾ ਜਨਤਕ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ