ਪੰਜਾਬ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਵੱਡੀ ਕਾਰਵਾਈ, ਸੂਬੇ ਭਰ 'ਚ 110 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ

Thursday, Mar 02, 2023 - 08:47 PM (IST)

ਪੰਜਾਬ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ 'ਤੇ ਵੱਡੀ ਕਾਰਵਾਈ, ਸੂਬੇ ਭਰ 'ਚ 110 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ

ਚੰਡੀਗੜ੍ਹ (ਬਿਊਰੋ) : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਅੱਜ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਜੁੜੇ 110 ਤੋਂ ਵੱਧ ਸਥਾਨਾਂ 'ਤੇ ਵਿਆਪਕ ਘੇਰਾਬੰਦੀ ਕਰਕੇ ਸਰਚ ਆਪ੍ਰੇਸ਼ਨ ਲਾਇਆ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਕੋ ਸਮੇਂ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ : LIVE: ਤਿੰਨ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਭਾਜਪਾ ਹੈੱਡਕੁਆਰਟਰ 'ਚ ਜਸ਼ਨ, ਕੁਝ ਦੇਰ 'ਚ ਪਹੁੰਚਣਗੇ PM ਮੋਦੀ

PunjabKesari

ਇਸ ਆਪ੍ਰੇਸ਼ਨ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐੱਸਐੱਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿੱਚ ਪੁਲਸ ਟੀਮਾਂ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਹੀ 'ਚ ਗ੍ਰਿਫ਼ਤਾਰ ਕੀਤੇ ਗੈਂਗਸਟਰਾਂ ਅਤੇ ਅਪਰਾਧੀਆਂ ਤੋਂ ਪੁੱਛਗਿੱਛ ਉਪਰੰਤ ਕੀਤੇ ਖੁਲਾਸਿਆਂ ਬਾਅਦ ਛਾਪੇਮਾਰੀ ਦੀ ਯੋਜਨਾ ਬਣਾਈ ਗਈ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ SHO ਨੂੰ ਰੰਗੇ ਹੱਥੀਂ ਕੀਤਾ ਕਾਬੂ

PunjabKesari

ਜ਼ਿਕਰਯੋਗ ਹੈ ਕਿ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਪੰਜਾਬ ਪੁਲਸ ਦੀਆਂ 110 ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਸ ਮੁਲਾਜ਼ਮ ਸ਼ਾਮਲ ਸਨ, ਨੂੰ ਤਾਇਨਾਤ ਕੀਤਾ ਗਿਆ ਸੀ। ਏ.ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਘਰਾਂ ਤੇ ਹੋਰ ਥਾਵਾਂ 'ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਮੋਬਾਇਲਾਂ ਤੇ ਹੋਰ ਇਲੈਕਟ੍ਰਾਨਿਕ ਉਪਕਰਨਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੀ ਜਾਂਚ ਲਈ ਕੁਝ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ ਅਤੇ ਉਨ੍ਹਾਂ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਟਲੀ 'ਚ ਪੰਜਾਬੀਆਂ ਦੀਆਂ ਆਪਸੀ ਰੰਜਿਸ਼ਾਂ ਸਮੁੱਚੇ ਭਾਈਚਾਰੇ ਲਈ ਬਣ ਰਹੀਆਂ ਸ਼ਰਮਿੰਦਗੀ ਦਾ ਵੱਡਾ ਕਾਰਨ

PunjabKesari

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਹੈ ਅਤੇ ਅਸਲੇ ਦੀ ਸੋਰਸਿੰਗ ਬਾਰੇ ਵੀ ਪੁੱਛਗਿੱਛ ਕੀਤੀ ਹੈ। ਇਸ ਤੋਂ ਇਲਾਵਾ ਅਗਲੀ ਜਾਂਚ ਲਈ ਵਿਦੇਸ਼ ਅਧਾਰਿਤ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਹਨ। ਏ.ਡੀ.ਜੀ.ਪੀ. ਨੇ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਸੀ, ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਆਪ੍ਰੇਸ਼ਨ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਵਿੱਚ ਵੀ ਸਹਾਈ ਹੁੰਦੇ ਹਨ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News