DGP ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਸ ਨੇ ਵੱਡੇ ਪੱਧਰ 'ਤੇ ਚਲਾਈ ਤਲਾਸ਼ੀ ਮੁਹਿੰਮ, 93 ਲੋਕਾਂ ਨੂੰ ਲਿਆ ਹਿਰਾਸਤ 'ਚ
Saturday, Nov 12, 2022 - 09:03 AM (IST)
ਚੰਡੀਗੜ੍ਹ/ਜਲੰਧਰ/ਮੋਹਾਲੀ (ਰਮਨਜੀਤ ਸਿੰਘ, ਧਵਨ, ਪਰਦੀਪ ) : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀ. ਜੀ. ਪੀ.) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬਾ ਪੁਲਸ ਨੇ ਰੋਪੜ ਰੇਂਜ ਅਧੀਨ ਆਉਂਦੇ ਤਿੰਨ ਜ਼ਿਲ੍ਹਿਆਂ 'ਚ ਵਿਆਪਕ ਅਤੇ ਤੀਬਰ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੀ ਅਗਵਾਈ ਰੋਪੜ ਰੇਂਜ ਦੇ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਕਰ ਰਹੇ ਸਨ। ਉਨ੍ਹਾਂ ਦੇ ਨਾਲ ਹੋਰ ਸੀਨੀਅਰ ਪੁਲਸ ਅਧਿਕਾਰੀ ਵੀ ਤਲਾਸ਼ੀ ਮੁਹਿੰਮ ’ਚ ਸ਼ਾਮਲ ਹੋਏ। ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ, ਐੱਸ. ਐੱਸ. ਪੀਜ਼ ਅਤੇ ਹੋਰ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪੋ-ਆਪਣੇ ਖੇਤਰਾਂ ’ਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਖ਼ੁਦ ਫੀਲਡ ’ਚ ਜਾਣ ਅਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ।
ਪੰਜਾਬ ਪੁਲਸ ਵੱਲੋਂ ਰੋਪੜ ਰੇਂਜ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਸ਼ੱਕ ਦੇ ਆਧਾਰ ’ਤੇ 93 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ, ਜਿਨ੍ਹਾਂ ਤੋਂ ਪੁਲਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ। ਇਹ ਤਲਾਸ਼ੀ ਮੁਹਿੰਮ ਰੋਪੜ, ਐੱਸ. ਏ. ਐੱਸ. ਨਗਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ ਚੱਲੀ। ਤਲਾਸ਼ੀ ਮੁਹਿੰਮ ’ਚ ਹਿੱਸਾ ਲੈਣ ਵਾਲੀਆਂ ਪੁਲਸ ਟੀਮਾਂ ਨੂੰ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ’ਚ ਜਾ ਕੇ ਬਾਰੀਕੀ ਨਾਲ ਜਾਂਚ ਕਰਨੀ ਹੈ।
ਇਹ ਵੀ ਪੜ੍ਹੋ : ਮਾਛੀਵਾੜਾ 'ਚ ਦਿਨ-ਦਿਹਾੜੇ ਕਿਸਾਨ ਨਾਲ ਲੁੱਟ, CCTV 'ਚ ਕੈਦ ਹੋਈ ਥਾਣੇ ਨੇੜੇ ਵਾਪਰੀ ਵਾਰਦਾਤ
ਮੋਹਾਲੀ ਦੇ ਭੀੜ-ਭੜੱਕੇ ਵਾਲੇ ਬਜ਼ਾਰਾਂ ’ਚ ਵੀ ਤਲਾਸ਼ੀ ਮੁਹਿੰਮ ਜਾਰੀ ਰਹੀ। ਡੀ. ਜੀ. ਪੀ. ਗੌਰਵ ਯਾਦਵ ਨੇ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਹਰ ਰੋਜ਼ ਅਜਿਹੇ ਸਰਚ ਆਪਰੇਸ਼ਨ ਚਲਾਏ ਜਾਣ। ਇਸ ਨਾਲ ਲੋਕਾਂ ਨੂੰ ਇਹ ਮਹਿਸੂਸ ਹੋਵੇਗਾ ਕਿ ਪੰਜਾਬ ਪੁਲਸ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਅੰਦਰ ਅਸੁਰੱਖਿਆ ਦੀ ਭਾਵਨਾ ਨੂੰ ਦੂਰ ਕਰਨ ’ਚ ਮਦਦ ਮਿਲੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ