ਪੰਜਾਬ ਪੁਲਸ ਨੇ ਕਿਸਾਨਾਂ 'ਤੇ ਸੁੱਟੇ ਅੱਥਰੂ ਗੈਸ ਦੇ ਗੋਲ਼ੇ! ਭੱਖ ਗਿਆ ਮਾਹੌਲ; ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ
Wednesday, Feb 18, 2026 - 01:23 PM (IST)
ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਬਠਿੰਡਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘੇਰਾਓ ਕਰਨ ਜਾ ਰਹੇ ਕਿਸਾਨਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਟਕਰਾਅ ਹੋ ਗਿਆ ਹੈ। ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਜਿਓਂਦ ਪਿੰਡ ਨੇੜੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ ਜਦੋਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਐੱਸ.ਐੱਸ.ਪੀ. ਅਨੁਸਾਰ ਪੁਲਸ ਸਥਿਤੀ ਨੂੰ ਕੰਟਰੋਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਇਸ ਕਾਰਵਾਈ ਦੇ ਵਿਰੋਧ ਵਿਚ ਕਿਸਾਨਾਂ ਨੇ ਰਾਮਪੁਰਾ ਫੂਲ ਨੇੜੇ ਬਠਿੰਡਾ-ਚੰਡੀਗੜ੍ਹ ਹਾਈਵੇਅ 'ਤੇ ਧਰਨਾ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਹੈ। ਪੁਲਸ ਵੱਲੋਂ ਟ੍ਰੈਫਿਕ ਨੂੰ ਪਿੰਡਾਂ ਦੇ ਰਸਤਿਆਂ ਰਾਹੀਂ ਡਾਇਵਰਟ ਕੀਤਾ ਗਿਆ ਹੈ। ਰਿਪੋਰਟਾਂ ਅਨੁਸਾਰ ਸਿਰਫ਼ ਬਠਿੰਡਾ ਹੀ ਨਹੀਂ, ਸਗੋਂ ਪਟਿਆਲਾ ਦੇ ਸਮਾਣਾ ਅਤੇ ਸੰਗਰੂਰ ਦੇ ਪਿੰਡ ਸ਼ੇਰੋਂ ਵਿਚ ਵੀ ਕਿਸਾਨਾਂ ਅਤੇ ਪੁਲਸ ਵਿਚਾਲੇ ਧੱਕਾ-ਮੁੱਕੀ ਹੋਈ, ਜਿਸ ਤੋਂ ਬਾਅਦ ਕਈ ਹੋਰ ਕਿਸਾਨਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।
ਕਿਸਾਨਾਂ ਦੀ ਇਸ ਮੁਹਿੰਮ ਦੀ ਮੁੱਖ ਮੰਗ ਪਿਛਲੇ 9 ਮਹੀਨਿਆਂ ਤੋਂ ਜੇਲ੍ਹ ਵਿਚ ਬੰਦ ਆਪਣੇ ਦੋ ਸਾਥੀਆਂ, ਬਲਦੇਵ ਸਿੰਘ (ਪਿੰਡ ਚਾਓਕੇ) ਅਤੇ ਸ਼ਗਨਦੀਪ ਸਿੰਘ (ਪਿੰਡ ਜਿਓਂਦ) ਦੀ ਤੁਰੰਤ ਰਿਹਾਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਇਹ ਸੰਘਰਸ਼ ਜਾਰੀ ਰਹੇਗਾ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ ਤਾਂ ਜੋ ਸਥਿਤੀ ਨੂੰ ਹੋਰ ਵਿਗੜਨ ਤੋਂ ਰੋਕਿਆ ਜਾ ਸਕੇ।
