ਪੰਜਾਬ ਪੁਲਸ ਸਮਾਜ ਦੇ ਸਹਿਯੋਗ ਨਾਲ ਨਸ਼ਿਆਂ ਦੀ ਲਾਹਣਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ : SSP

Monday, Jul 22, 2024 - 04:17 PM (IST)

ਗੁਰਦਾਸਪੁਰ (ਵਿਨੋਦ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵੱਲੋਂ ਆਮ ਜਨਤਾ ਅਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ‘ਮਿਸ਼ਨ ਨਿਸ਼ਚੇ’ ਤਹਿਤ ਵਿਸ਼ੇਸ਼ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਦੀ ਲੜੀ ਤਹਿਤ ਦਾਯਮਾ ਹਰੀਸ਼ ਕੁਮਾਰ, ਆਈ. ਪੀ. ਐੱਸ, ਸੀਨੀਅਰ ਕਪਤਾਨ ਪੁਲਸ, ਗੁਰਦਾਸਪੁਰ ਦੀ ਅਗਵਾਈ ਹੇਠ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਅੱਜ ਸਥਾਨਕ ਪੁਲਸ ਲਾਈਨ ਵਿਖੇ ਸਰਹੱਦੀ ਪਿੰਡਾਂ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ ਦੀ ਸਾਂਝੀ ਟੀਮ ਅਤੇ ਪੁਲਸ ਵਿਭਾਗ ਦੀ ਟੀਮ ਦਰਮਿਆਨ ਇੱਕ ਕ੍ਰਿਕਟ ਮੈਚ ਕਰਵਾਇਆ ਗਿਆ।

ਇਸ ਰੋਮਾਂਚਕ ਮੈਚ 'ਚ ਸਰਹੱਦੀ ਪਿੰਡਾਂ ਦੀ ਕ੍ਰਿਕੇਟ ਟੀਮ ਜੇਤੂ ਰਹੀ। ਇਸ ਮੈਚ ਨੂੰ ਦੇਖਣ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਐੱਸ. ਐੱਸ. ਪੀ. ਗੁਰਦਾਸਪੁਰ ਦਾਯਮਾ ਹਰੀਸ਼ ਕੁਮਾਰ ਅਤੇ ਹੋਰ ਪੁਲਸ ਅਧਿਕਾਰੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਗੁਰਦਾਸਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪੰਜਾਬ ਪੁਲਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਉੱਥੇ ਹੀ ਨੌਜਵਾਨਾਂ 'ਚ ਜਾਗਰੂਕਤਾ ਵੀ ਪੈਦਾ ਕੀਤੀ ਜਾ ਰਹੀ ਹੈ ਕਿ ਉਹ ਨਸ਼ਿਆਂ ਦੀ ਦਲਦਲ 'ਚ ਨਾ ਫਸਣ।

ਉਨ੍ਹਾਂ ਕਿਹਾ ਕਿ ਅੱਜ ਦਾ ਇਹ ਮੈਚ ਕਰਵਾਉਣ ਦਾ ਮਕਸਦ ਵੀ ਇਹ ਹੀ ਹੈ ਕਿ ਨੌਜਵਾਨ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਪੁਲਸ ਵੱਲੋਂ ਇਹ ਉਪਰਾਲੇ ਭਵਿੱਖ 'ਚ ਵੀ ਜਾਰੀ ਰਹਿਣਗੇ। ਇਸ ਦੌਰਾਨ ਐੱਸ. ਐੱਸ. ਪੀ. ਗੁਰਦਾਸਪੁਰ ਵੱਲੋਂ ‘ਨਸ਼ਿਆਂ ਨੂੰ ਨਾਂਹ, ਪੰਜਾਬ ਨੂੰ ਹਾਂ’ ਦਾ ਨਾਅਰਾ ਵੀ ਦਿੱਤਾ ਗਿਆ।  ਕ੍ਰਿਕੇਟ ਮੈਚ ਦੀ ਜੇਤੂ ਟੀਮ ਅਤੇ ਰਨਰ ਅੱਪ ਟੀਮ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲਸ ਨੂੰ ਦੇਣ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸਮਾਜ ਦੇ ਹਰ ਵਰਗ ਦਾ ਸਹਿਯੋਗ ਲੈ ਕੇ ਨਸ਼ਿਆਂ ਦੀ ਲਾਹਣਤ ਨੂੰ ਸਖ਼ਤੀ ਨਾਲ ਖ਼ਤਮ ਕਰੇਗੀ।
 


Babita

Content Editor

Related News