ਪੰਜਾਬ ਦੀ ਸਿਆਸਤ 'ਚ ਹਲਚਲ! ਸ਼੍ਰੋਮਣੀ ਅਕਾਲੀ ਦਲ ਨੇ ਚੋਣ ਨਤੀਜਿਆਂ ਤੋਂ ਪਹਿਲਾਂ ਹੀ ਬਰਖ਼ਾਸਤ ਕੀਤਾ ਇਹ ਲੀਡਰ
Wednesday, Dec 17, 2025 - 08:26 AM (IST)
ਭਗਤਾ ਭਾਈ (ਪਰਵੀਨ)- ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪੰਚਾਇਤ ਮੰਤਰੀ ਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਪੱਪੀ ਸਲਾਬਤਪੁਰਾ ਨੂੰ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰਦੇ ਛੇ ਸਾਲਾਂ ਲਈ ਪਾਰਟੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਜਾਣਕਾਰੀ ਦਿੰਦਿਆਂ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਗੁਰਮੀਤ ਸਿੰਘ ਪੱਪੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਦਰੂਨੀ ਤੌਰ ’ਤੇ ਕਾਂਗਰਸ ਪਾਰਟੀ ਦੀ ਮਦਦ ਕੀਤੀ ਗਈ ਸੀ। ਇਸ ਤੋਂ ਬਾਅਦ ਵੀ ਉਸ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲਦੀਆਂ ਰਹੀਆਂ। ਸਾਬਕਾ ਮੰਤਰੀ ਮਲੂਕਾ ਨੇ ਦੱਸਿਆ ਕਿ ਹਾਲ ਹੀ ਵਿਚ ਸੰਪੰਨ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵੀ ਗੁਰਮੀਤ ਸਿੰਘ ਪੱਪੀ ਨੇ ਖੁੱਲ੍ਹੇਆਮ ਕਾਂਗਰਸ ਦੀ ਮਦਦ ਕੀਤੀ।
ਪੋਲਿੰਗ ਸਮੇਂ ਕਾਂਗਰਸ ਦੇ ਪੋਲਿੰਗ ਬੂਥ ’ਤੇ ਬੈਠੇ ਉਸ ਦੀਆਂ ਤਸਵੀਰਾਂ ਅਕਾਲੀ ਵਰਕਰਾਂ ਵੱਲੋਂ ਪਾਰਟੀ ਕੋਲ ਪੇਸ਼ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਮੀਤ ਸਿੰਘ ਪੱਪੀ ਨੂੰ ਪੂਰਾ ਮਾਣ ਸਨਮਾਨ ਦਿੱਤਾ ਗਿਆ ਸੀ ਅਤੇ ਉਸਨੂੰ ਚੇਅਰਮੈਨ ਸਮੇਤ ਕਈ ਮਹੱਤਵਪੂਰਨ ਅਹੁਦੇ ਸੌਂਪੇ ਗਏ ਪਰ ਇਸ ਦੇ ਬਾਵਜੂਦ ਉਸ ਨੇ ਪਾਰਟੀ ਨਾਲ ਗੱਦਾਰੀ ਕਰਦੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ। ਮਲੂਕਾ ਨੇ ਸਪਸ਼ਟ ਕੀਤਾ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਭਾਵੇਂ ਦੋਸ਼ੀ ਵਿਅਕਤੀ ਕਿੰਨਾ ਵੀ ਵੱਡਾ ਆਗੂ ਕਿਉਂ ਨਾ ਹੋਵੇ।
