ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

Monday, Oct 05, 2020 - 11:58 AM (IST)

ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ

ਪਟਿਆਲਾ/ਰੱਖੜਾ (ਰਾਣਾ) : ਸੂਬੇ ਅੰਦਰ ਹਵਾ ਗੁਣਵੱਤਾ ਨੂੰ ਸ਼ੁੱਧ ਰੱਖਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਸਖ਼ਤ ਹੁਕਮ ਕੀਤੇ ਗਏ ਹਨ ਕਿ ਜੇਕਰ ਕੋਈ ਕਿਸਾਨ ਪਰਾਲੀ ਦੀ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾਉਂਦਾ ਹੈ ਤਾਂ ਉਸ ਨੂੰ ਜ਼ੁਰਮਾਨੇ ਦੇ ਨਾਲ-ਨਾਲ ਕਾਨੂੰਨੀ ਸਜ਼ਾ ਵੀ ਹੋਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕੋਰੋਨਾ ਲਾਗ ਨੂੰ ਦੇਖਦੇ ਹੋਏ ਪੰਜਾਬ ਦੇ ਸਮੁੱਚੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਾੜ ਨੂੰ ਅੱਗ ਨਾ ਲਾਉਣ ਕਿਉਂਕਿ ਅੱਗ ਲਾਉਣ ਨਾਲ ਜਿੱਥੇ ਸਾਹ ਦੀ ਬੀਮਾਰੀ ਦੇ ਮਰੀਜ਼ਾਂ ਨੂੰ ਪਰਾਲੀ ਦਾ ਧੂੰਆਂ ਨੁਕਸਾਨ ਪਹੁੰਚਾ ਸਕਦਾ ਹੈ, ਉਥੇ ਹੀ ਹੋਰਨਾ ਬੀਮਾਰੀਆਂ ਨਾਲ ਪੀੜਤ ਮਰੀਜ਼ ਵੀ ਧੂੰਏ ਤੋਂ ਫੈਲਣ ਵਾਲੇ ਪ੍ਰਦੂਸ਼ਣ ਦੀ ਲਪੇਟ ’ਚ ਆ ਸਕਦੇ ਹਨ।

ਉਨ੍ਹਾਂ ਦੀ ਸਿਹਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਨਾੜ ਨੂੰ ਅੱਗ ਨਾ ਲਾਉਣ ਲਈ ਵੱਖ-ਵੱਖ ਸੰਸਥਾਵਾਂ ਅਤੇ ਯੂਨੀਵਰਸਿਟੀ, ਕਾਲਜਾਂ, ਸਕੂਲਾਂ ਦੇ 500 ਵਿਦਿਆਰਥੀਆਂ ਨੂੰ ਹਰ ਪਿੰਡ, ਸ਼ਹਿਰ, ਕਸਬਿਆਂ ’ਚ ਜਾਗਰੂਕਤਾ ਮੁਹਿੰਮ ’ਚ ਸਹਿਯੋਗ ਦਿੱਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਦੀ ਨਾਡ਼ ਨੂੰ ਅੱਗ ਲਾਉਣ ਤੋਂ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਖੇਤਾਂ ’ਚ ਫ਼ਸਲਾਂ ਦੀ ਰਹਿੰਦ-ਖੂੰਹਦ ਨਹੀਂ ਸਾੜਨੀ ਚਾਹੀਦੀ, ਜਿਸ ਨਾਲ ਹਵਾ ਦੀ ਗੁਣਵੱਤਾ ਵਿਗੜ ਜਾਂਦੀ ਹੈ। ਇਸ ਨਾਲ ਸਾਹ ਦੀਆਂ ਬੀਮਾਰੀਆਂ ਕਾਰਣ ਕੋਵਿਡ-19 ਦੀ ਲਾਗ ਫੈਲ ਜਾਂਦੀ ਹੈ।

ਇਸ ਤੋਂ ਇਲਾਵਾ ਪੌਸ਼ਟਿਕ ਤੱਤਾਂ ਅਤੇ ਘਾਟ/ਜਾਨਵਰਾਂ ਦੇ ਨੁਕਸਾਨ ਕਾਰਣ ਮਿੱਟੀ ਦੀ ਸਿਹਤ ’ਤੇ ਅਸਰ ਪੈਂਦਾ ਹੈ। ਚੇਅਰਮੈਨ ਪ੍ਰੋ. ਐੱਸ. ਐੱਸ. ਮਰਵਾਹਾ ਨੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਰੋਕ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਇਸ ਲਈ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਸਾਰੀਆਂ ਉਪਲੱਬਧ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੀ. ਏ. ਯੂ. ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਫਸਲਾਂ ਸਾੜਨ ਦੀਆਂ ਘਟਨਾਵਾਂ ’ਚ 60 ਫ਼ੀਸਦੀ ਦੀ ਗਿਰਾਵਟ ਆਈ ਹੈ। 


author

Babita

Content Editor

Related News