ਪੰਜਾਬ ਦੇ ਬਿਜਲੀ ਮੰਤਰੀ ਦਾ PSPCL ਮੁਲਾਜ਼ਮਾਂ ਨੂੰ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

Monday, Sep 09, 2024 - 10:01 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ ਅਧਿਕਾਰੀਆਂ ਨੂੰ ਪੂਰੇ ਸੂਬੇ ’ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਬਿਜਲੀ ਚੋਰੀ ਨੂੰ ਰੋਕਿਆ ਜਾ ਸਕੇ। ਇੱਥੇ ਜਾਰੀ ਇਕ ਬਿਆਨ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ। ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ ’ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਬਿਜਲੀ ਚੋਰੀ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖ਼ਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਲਈ ਵਾਪਸ (ਵੀਡੀਓ)

ਬਿਜਲੀ ਮੰਤਰੀ ਨੇ ਸਬੰਧਿਤ ਪੀ. ਐੱਸ. ਪੀ. ਸੀ. ਐੱਲ. ਦੇ ਅਧਿਕਾਰੀਆਂ ਨੂੰ ਚੈਕਿੰਗ ਬਾਰੇ ਰੋਜ਼ਾਨਾ ਆਧਾਰ ’ਤੇ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕਿਹਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਤੇ ਉਦਯੋਗਿਕ ਸਮੇਤ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਤੇ ਰੋਜ਼ਾਨਾ ਆਧਾਰ ’ਤੇ ਰਿਪੋਰਟ ਦੇਣ ’ਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਾਵਰਕਾਮ/ਪੀ. ਐੱਸ. ਟੀ. ਸੀ. ਐੱਲ./ਪੀ. ਐੱਸ. ਟੀ. ਸੀ. ਐੱਲ. ਦੇ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਬਿਜਲੀ ਚੋਰੀ ’ਚ ਸ਼ਾਮਲ ਪਾਏ ਗਏ ਤਾਂ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਕਿਸੇ ਵੀ ਰੈਂਕ ਦੇ ਅਧਿਕਾਰੀ ਨੂੰ ਨਿਯਮਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਜੁਰਮਾਨਾ ਲਾਉਣ ਅਤੇ ਐੱਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀ. ਐੱਸ. ਪੀ. ਸੀ. ਐੱਲ. ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗਾਂ ਨੇ ਸੂਬੇ ’ਚ ਹਾਲ ਹੀ ’ਚ ਚਲਾਈਆਂ ਗਈਆਂ ਮੁਹਿੰਮਾਂ ਦੌਰਾਨ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਅਤੇ ਚੋਰੀ ਦਾ ਪਤਾ ਲਗਾਉਣ ਵਿਚ ਸ਼ਾਨਦਾਰ ਕੰਮ ਕੀਤਾ ਹੈ। ਹੁਣ ਤੱਕ ਕੁੱਲ 81,262 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤੀ ਚੋਣਾਂ ਦੀ ਤਿਆਰੀ ਸ਼ੁਰੂ, ਪਿੰਡਾਂ 'ਚ ਤਿਆਰ ਹੋਣ ਲੱਗੇ ਸਿਆਸੀ ਮੈਦਾਨ

ਇਨ੍ਹਾਂ ਕੁਨੈਕਸ਼ਨਾਂ ’ਚੋਂ ਚੋਰੀ ਦਾ ਪਤਾ ਲਗਾਇਆ ਗਿਆ ਅਤੇ ਡਿਫਾਲਟਰਾਂ ’ਤੇ ਕਰੀਬ 13.30 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ। ਜ਼ੋਨ-ਵਾਰ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ ਅੰਮ੍ਰਿਤਸਰ ’ਚ ਕੁੱਲ 27,285 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ’ਚੋਂ 989 ਕੇਸਾਂ ’ਚ ਚੋਰੀ ਦਾ ਪਤਾ ਲਾਇਆ ਗਿਆ ਤੇ 3.01 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਪੱਛਮੀ ਜ਼ੋਨ ਬਠਿੰਡਾ ’ਚ ਕੁੱਲ 6,079 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ’ਚੋਂ 872 ਕੇਸਾਂ ’ਚ ਚੋਰੀ ਦਾ ਪਤਾ ਲਾਇਆ ਗਿਆ ਅਤੇ 3.03 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ। ਉੱਤਰੀ ਜ਼ੋਨ ਜਲੰਧਰ ’ਚ ਕੁੱਲ 10,718 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ’ਚੋਂ 741 ਕੇਸਾਂ ’ਚ ਚੋਰੀ ਦਾ ਪਤਾ ਲਾਇਆ ਗਿਆ ਅਤੇ 1.25 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ। ਸੈਂਟਰਲ ਜ਼ੋਨ ਲੁਧਿਆਣਾ ’ਚ ਕੁੱਲ 10,699 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ’ਚੋਂ 707 ਕੇਸਾਂ ’ਚ ਚੋਰੀ ਦਾ ਪਤਾ ਲਾਇਆ ਗਿਆ ਅਤੇ 2.43 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ। ਦੱਖਣੀ ਜ਼ੋਨ ਪਟਿਆਲਾ ’ਚ ਕੁੱਲ 18,096 ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਕੁਨੈਕਸ਼ਨਾਂ ’ਚੋਂ 1,116 ਕੇਸਾਂ ਵਿਚ ਚੋਰੀ ਦਾ ਪਤਾ ਲਾਇਆ ਗਿਆ ਅਤੇ 2.47 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


Babita

Content Editor

Related News