ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ 'ਚ ਲਿਆਉਣ ਲਈ ਹਰੀ ਝੰਡੀ

07/29/2021 8:17:43 PM

ਚੰਡੀਗੜ੍ਹ- ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ।
‘ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ
ਜਦੋਂ ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸਭ ਤੋਂ ਵੱਧ, 31.94 ਫੀਸਦੀ ਹੈ। ਸੂਬੇ ਵਿਚ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਸਮਾਜਿਕ-ਆਰਥਿਕ ਅਤੇ ਸਿੱਖਿਆ ਦੇ ਵਿਕਾਸ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਇਸ ਭਾਈਚਾਰੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਨੂੰ ਵੱਡਾ ਹੁਲਾਰਾ ਦੇਵੇਗਾ।

ਇਹ ਵੀ ਪੜ੍ਹੋ- ਗਰੀਬ ਪਰਿਵਾਰ ’ਤੇ ਕਹਿਰ ਬਣ ਵਰ੍ਹਿਆ ਮੀਂਹ, ਘਰ ਦੀ ਛੱਤ ਡਿਗਣ ਨਾਲ ਇੱਕ ਦੀ ਮੌਤ

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਬ-ਪਲਾਨ ਦੇ ਗਠਨ ਤੋਂ ਇਲਾਵਾ ਇਸ ਦੇ ਅਮਲੀਕਰਨ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟੋਰੇਟ, ਅਨੁਸੂਚਿਤ ਜਾਤੀਆਂ ਸਬ-ਪਲਾਨ ਨੋਡਲ ਏਜੰਸੀ ਹੋਵੇਗਾ। ਸੂਬੇ ਦੇ ਸਾਲਾਨਾ ਬਜਟ ਅਨੁਮਾਨਾਂ ਨੂੰ ਪ੍ਰਵਾਨ ਕਰਨ ਦੀ ਸਮਰੱਥ ਅਥਾਰਟੀ, ਪੰਜਾਬ ਵਿਧਾਨ ਸਭਾ ਵਿਚ ਸੌਂਪਣ ਤੋਂ ਪਹਿਲਾਂ ਸਬੰਧਤ ਵਿੱਤੀ ਸਾਲ ਦੇ ਸੂਬਾਈ ਸਾਲਾਨਾ ਬਜਟ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਵੀ ਮਨਜ਼ੂਰੀ ਦੇਵੇਗਾ। ਅਨੁਸੂਚਿਤ ਜਾਤੀਆਂ ਸਬ-ਪਲਾਨ ਤਹਿਤ ਫੰਡਾਂ ਜਾਰੀ ਕਰਨ ਲਈ ਇਕ ਹੀ ਵਿਧੀ ਹੋਵੇਗੀ ਅਤੇ ਇਸ ਉਦੇਸ਼ ਲਈ ਵਿੱਤ ਵਿਭਾਗ ਨਿਯੰਤਰਣ ਅਥਾਰਟੀ ਹੋਵੇਗਾ।

ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਅਤੇ ਨਿਗਰਾਨੀ ਤੈਅ ਪ੍ਰਕਿਰਿਆ ਅਤੇ ਨਿਰਧਾਰਤ ਕਮੇਟੀ ਵੱਲੋਂ ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰ ਉਤੇ ਕੀਤੀ ਜਾਵੇਗੀ। ਹਰੇਕ ਵਿਭਾਗ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਵਿਚ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ।

ਇਹ ਵੀ ਪੜ੍ਹੋ- ਪਰਗਟ ਸਿੰਘ ਦਾ ਵੱਡਾ ਬਿਆਨ, ਚੋਣ ਪ੍ਰਚਾਰ ਲਈ ਤਾਂ ਹੀ ਜਾਵਾਂਗੇ ਜਦੋਂ ਸਾਰੇ ਵਾਅਦੇ ਹੋਣਗੇ ਪੂਰੇ

ਕਾਨੂੰਨ ਦੀ ਪ੍ਰਭਾਵਸ਼ੀਲਤਾ ਨੂੰ ਸੂਬੇ ਵਿਚ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਉਲੀਕਣ ਅਤੇ ਲਾਗੂ ਕਰਨ ਬਾਰੇ ਸਮੂਹ ਪਹਿਲੂਆਂ ਅਤੇ ਯੋਜਨਾਬੱਧ ਅਤੇ ਨਿਪੁੰਨ ਪ੍ਰਕਿਰਿਆਵਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਬ-ਪਲਾਨ ਲਾਗੂ ਕਰ ਰਹੇ ਵਿਭਾਗ ਇਸ ਨੂੰ ਸੂਬੇ ਦੀ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਲਾਭ ਲਈ ਸੱਚੀ ਭਾਵਨਾ ਨਾਲ ਅਮਲ ਵਿਚ ਲਿਆਉਣ ਲਈ ਜ਼ਿੰਮੇਵਾਰ ਹੋਣਗੇ। ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਲਈ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ। ਸਰਕਾਰੀ ਅਧਿਕਾਰੀ ਵੱਲੋਂ ਕਾਨੂੰਨ ਹੇਠ ਕਿਸੇ ਵੀ ਨਿਯਮ ਦੀ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਲਈ ਦੰਡ ਦੇਣ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਉਤਸ਼ਾਹ ਵਧਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।

Bharat Thapa

This news is Content Editor Bharat Thapa