10ਵੀਂ ਜਮਾਤ ਦੇ ਨਤੀਜਿਆਂ ਤੋਂ ਮੁੱਖ ਮੰਤਰੀ ਨਾ-ਖੁਸ਼, ਦਿੱਤੇ ਸਖਤ ਹੁਕਮ

05/24/2017 7:25:25 AM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੋਮਵਾਰ ਨੂੰ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ''ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਮਾੜੇ ਨਤੀਜਿਆਂ ''ਤੇ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੂੰ ਸਿੱਖਿਆ ''ਚ ਸੁਧਾਰ ਪ੍ਰਸਾਰ ਲਈ ਬਲੂ ਪ੍ਰਿੰਟ ਜਾਰੀ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਨਾਲ ਗੱਲ ਕਰਕੇ ਦਸਵੀਂ ਦੇ ਨਤੀਜਿਆਂ ਵਿਚ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਹੈਰਾਨੀਕੁੰਨ 15 ਅੰਕ ਹੇਠਾਂ ਆਉਣ ''ਤੇ ਨਿਰਾਸ਼ਾ ਜ਼ਾਹਰ ਕੀਤੀ। ਇਨ੍ਹਾਂ ਨਤੀਜਿਆਂ ਵਿਚ 40 ਫੀਸਦੀ ਤੋਂ ਵੱਧ ਵਿਦਿਆਰਥੀ ਫੇਲ੍ਹ ਹੋ ਗਏ ਹਨ। ਉਨ੍ਹਾਂ ਸਿੱਖਿਆ ਮੰਤਰੀ ਨੂੰ ਸੂਬੇ ਵਿਚ ਸਿੱਖਿਆ ਦੇ ਖੇਤਰ ਵਿਚ ਵੱਡੇ ਸੁਧਾਰ ਲਿਆਉਣ ਦੇ ਏਜੰਡੇ ਦੇ ਕੰਮ ਦੀ ਨਿਗਰਾਨੀ ਖੁਦ ਕਰਨ ਦੀ ਹਦਾਇਤ ਕੀਤੀ ਤਾਂ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਨੌਕਰੀਆਂ ਅਤੇ ਵਧੀਆ ਕਿੱਤੇ ਅਪਣਾਉਣ ਦੇ ਹਾਣ ਦਾ ਬਣਾਇਆ ਜਾ ਸਕੇ।
ਨਤੀਜਿਆਂ ਮੁਤਾਬਕ ਸਰਕਾਰੀ ਸਕੂਲਾਂ ਦੇ ਸਿਰਫ 24 ਵਿਦਿਆਰਥੀ ਹੀ ਮੈਰਿਟ ਲਿਸਟ ਵਿਚ ਸ਼ਾਮਲ ਹੋਣ ਸਬੰਧੀ ਗੰਭੀਰ ਫਿਕਰਮੰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਮਾੜੀ ਕਾਰਗੁਜ਼ਾਰੀ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਦੇ ਮੋਢਿਆਂ ''ਤੇ ਪਾਉਂਦਿਆਂ ਆਖਿਆ ਕਿ ਸਰਕਾਰੀ ਸਕੂਲਾਂ ਦਾ ਮਿਆਰ ਕਾਇਮ ਰੱਖਣ ਦੇ ਨਾਲ-ਨਾਲ ਸਿੱਖਿਆ ਦਾ ਪੱਧਰ ਸੁਧਾਰਨ ਦੀ ਜ਼ਿੰਮੇਵਾਰੀ ਵਿਭਾਗ ਦੀ ਹੀ ਬਣਦੀ ਹੈ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਸਿੱਖਿਆ ਦਾ ਉੱਚ ਮਿਆਰ ਕਾਇਮ ਕਰਨ ਲਈ ਕਈ ਨਵੀਆਂ ਨੀਤੀਆਂ ਅਮਲ ਵਿਚ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਸਿੱਖਿਆ ਵਿਭਾਗ ਦੀ ਜਾਇਜ਼ਾ ਮੀਟਿੰਗ ਦੌਰਾਨ ਉਨ੍ਹਾਂ ਨੇ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਅਧਿਆਪਕਾਂ ਦੀ ਬਦਲੀ ਆਨਲਾਈਨ ਪ੍ਰਣਾਲੀ ਰਾਹੀਂ ਕਰਨ ਵਾਸਤੇ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨੀਤੀ ਗੁਆਂਢੀ ਸੂਬੇ ਹਰਿਆਣਾ ਸਮੇਤ ਕਈ ਹੋਰ ਸੂਬਿਆਂ ਦੀ ਮੌਜੂਦਾ ਪ੍ਰਣਾਲੀ ਦੀ ਤਰਜ਼ ''ਤੇ ਹੀ ਬਣਾਈ ਗਈ ਹੈ।  
ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਵਿੱਤ ਨੂੰ ਆਖਿਆ ਕਿ ਸਾਰੇ ਸਰਕਾਰੀ ਸਕੂਲਾਂ ''ਚ ਬਿਜਲੀ, ਫਰਨੀਚਰ, ਪਖਾਨੇ ਅਤੇ ਖੇਡ ਦੇ ਮੈਦਾਨ ਵਰਗੇ ਠੋਸ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਅਗਾਮੀ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਵਧੀਕ ਮੁੱਖ ਸਕੱਤਰ (ਸਕੂਲ ਸਿੱਖਿਆ) ਨੂੰ ਵੀ ਇਸ ਸਬੰਧ ਵਿਚ ਅਨੁਮਾਨਿਤ ਖਰਚੇ ਬਾਰੇ ਰਿਪੋਰਟ ਤਿਆਰ ਕਰਨ ਲਈ ਆਖਿਆ ਤਾਂ ਕਿ ਵਿੱਤ ਵਿਭਾਗ ਨਾਲ ਲੋੜੀਂਦੀ ਮੰਗ ਵਿਚਾਰੀ ਜਾ ਸਕੇ।


Gurminder Singh

Content Editor

Related News