ਪੰਜਾਬ ਦੇ ਨਿੱਜੀ ਸਕੂਲਾਂ ਦਾ ਫੀਸ ਮਾਮਲਾ, ਹਾਈਕੋਰਟ ''ਚ ਟਲੀ ਸੁਣਵਾਈ

Friday, Jul 17, 2020 - 02:00 PM (IST)

ਪੰਜਾਬ ਦੇ ਨਿੱਜੀ ਸਕੂਲਾਂ ਦਾ ਫੀਸ ਮਾਮਲਾ, ਹਾਈਕੋਰਟ ''ਚ ਟਲੀ ਸੁਣਵਾਈ

ਚੰਡੀਗੜ੍ਹ : ਪੰਜਾਬ 'ਚ ਨਿੱਜੀ ਸਕੂਲਾਂ ਦੇ ਫੀਸ ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਤੇ ਮਾਪਿਆਂ ਨੇ ਸਿੰਗਲ ਬੈਂਚ ਵੱਲੋਂ ਨਿੱਜੀ ਸਕੂਲਾਂ ਦੇ ਹੱਕ 'ਚ ਸੁਣਾਏ ਗਏ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਡਬਲ ਬੈਂਚ ਦਾ ਰੁਖ ਕੀਤਾ ਸੀ ਪਰ ਕਿਸੇ ਖਾਸ ਕਾਰਨਾਂ ਕਰਕੇ ਅੱਜ ਦੁਬਾਰਾ ਇਸ ਮਾਮਲੇ 'ਤੇ ਕੋਈ ਫ਼ੈਸਲਾ ਨਹੀਂ ਸੁਣਾਇਆ ਗਿਆ, ਜਿਸ ਤੋਂ ਬਾਅਦ ਹੁਣ ਸੋਮਵਾਰ ਨੂੰ ਮੁੜ ਹਾਈਕੋਰਟ 'ਚ ਸੁਣਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਇਕਹਿਰੇ ਜੱਜ ਨੇ ਨਿੱਜੀ ਸਕੂਲਾਂ ਨੂੰ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਿੱਜੀ ਸਕੂਲਾਂ ਵੱਲੋਂ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ।


author

Babita

Content Editor

Related News