ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਵੱਲੋਂ ਮਿਲਣ ਲੱਗੇ Laptop
Friday, Feb 14, 2025 - 04:19 PM (IST)
![ਪੰਜਾਬ ਦੇ ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ, ਸਰਕਾਰ ਵੱਲੋਂ ਮਿਲਣ ਲੱਗੇ Laptop](https://static.jagbani.com/multimedia/2025_2image_16_19_369096270laptop.jpg)
ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਸੂਬੇ ਦੇ ਸਿੱਖਿਆ ਢਾਂਚੇ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਡਿਜੀਟਲ ਸਿੱਖਿਆ ਦੇ ਮਾਹੌਲ ਵਿਚ ਲਾਜ਼ਮੀ ਉਪਕਰਨਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਦੀ ਸੁਰੱਖਿਆ ਤੇ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਂਦਿਆਂ ਇਹ ਲੈਪਟਾਪ ਡਿਜੀਟਲ ਸਿੱਖਿਆ ਦੇ ਪਸਾਰ ਦੀਆਂ ਵਿਆਪਕ ਕੋਸ਼ਿਸ਼ਾਂ ਦਾ ਹਿੱਸਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਦੇ ਪਹਿਲੇ ਪੜਾਅ ਅਧੀਨ ਦਿੱਤੇ ਜਾ ਰਹੇ ਪ੍ਰਾਈਮ ਬੁੱਕ 4ਜੀ ਲੈਪਟਾਪ ਵਿਸ਼ਵ ਦੇ ਸਭ ਤੋਂ ਕਿਫ਼ਾਇਤੀ ਅਤੇ ਖ਼ਾਸ ਤੌਰ ਉਤੇ ਵਿਦਿਆਰਥੀਆਂ ਦੀਆਂ ਜ਼ਰੂਰਤਾਂ ਦੇ ਮੱਦੇਨਜ਼ਰ ਵਧੀਆ ਪ੍ਰਦਰਸ਼ਨ ਲਈ ਤਿਆਰ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ ਭਾਰਤੀਆਂ ਦੀ Deportation ਨਾਲ ਜੁੜੀ ਵੱਡੀ ਖ਼ਬਰ, PM ਮੋਦੀ ਨੇ ਟਰੰਪ ਨਾਲ ਖੜ੍ਹ ਆਖ਼'ਤੀ ਵੱਡੀ ਗੱਲ
ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਇਹ ਲੈਪਟਾਪ ਈ.ਆਈ., ਪੀ.ਏ.ਐਲ. ਮਾਈਂਡਸਪਾਰਕ ਸਾਫ਼ਟਵੇਅਰ ਮਾਡਿਊਲ ਨਾਲ ਲੈਸ ਹਨ, ਜੋ ਵਿਅਕਤੀਗਤ ਅਨੁਕੂਲ ਸਿਖਲਾਈ ਮੁਹੱਈਆ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਪ੍ਰਾਜੈਕਟ ਦਾ ਮੰਤਵ ਵਿਦਿਆਰਥੀਆਂ ਦੀ ਡਿਜੀਟਲ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣਾ ਹੈ ਤਾਂ ਜੋ ਹਰੇਕ ਤਰ੍ਹਾਂ ਦੇ ਪਿਛੋਕੜ ਵਾਲੇ ਵਿਦਿਆਰਥੀਆਂ ਦੀ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਵਿਚ ਸੁਧਾਰ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਈ.ਆਈ., ਪੀ.ਏ.ਐੱਲ. ਮਾਈਂਡਸਪਾਰਕ ਤਕਨਾਲੋਜੀ ਵਿਦਿਆਰਥੀਆਂ ਦੀ ਏ.ਆਈ. ਤਕਨੀਕ ਤੱਕ ਪਹੁੰਚ ਦੇ ਨਾਲ-ਨਾਲ ਵਿਅਕਤੀਗਤ ਲੋੜਾਂ ਮੁਤਾਬਕ ਸਿੱਖਿਆ ਉਤੇ ਜ਼ੋਰ ਦਿੰਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੈਪਟਾਪ ਕਿਫ਼ਾਇਤੀ ਤੇ ਟਿਕਾਊ ਹੋਣ ਦੇ ਨਾਲ-ਨਾਲ ਸੁਰੱਖਿਅਤ ਅਪਰੇਟਿੰਗ ਸਿਸਟਮ, ਕੰਟਰੋਲਡ ਪਹੁੰਚ ਅਤੇ ਡੇਟਾ ਇਨਕ੍ਰਿਪਸ਼ਨ ਵਰਗੇ ਆਧੁਨਿਕ ਡਿਜੀਟਲ ਸੁਰੱਖਿਆ ਮਾਪਦੰਡਾਂ ਨਾਲ ਲੈਸ ਹਨ, ਜਿਸ ਨਾਲ ਅਧਿਆਪਨ ਤਜਰਬਾ ਸੁਰੱਖਿਅਤ ਤੇ ਸੁਚਾਰੂ ਹੋਣਾ ਯਕੀਨੀ ਬਣੇਗਾ। ਉਨ੍ਹਾਂ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਪ੍ਰਸ਼ਾਸਨ ਨੂੰ ਮੁਬਾਰਕਬਾਦ ਦਿੱਤੀ। ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਰੱਦ ਹੋਣਗੇ ਵੀਜ਼ੇ! ਕੈਨੇਡਾ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟਿਸ
ਇਸ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਅਕ ਨਤੀਜਿਆਂ ਵਿਚ ਸੁਧਾਰ ਲਿਆਉਣ ਲਈ ਇਕ ਤਜਰਬੇ ਦੇ ਮਾਡਲ ਉਤੇ ਆਧਾਰਤ ਹੈ, ਜਿਸ ਤਹਿਤ ਕਿਫ਼ਾਇਤੀ ਤੇ ਉੱਚ ਸਪੈਸੀਫਿਕੇਸ਼ਨਾਂ ਵਾਲੇ ਲੈਪਟਾਪ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਡਿਜੀਟਲ ਹੁਨਰ ਤੇ ਗਿਆਨ ਮੁਹੱਈਆ ਕਰੇਗਾ ਅਤੇ ਸਿਖਿਆਰਥੀਆਂ ਨੂੰ ਅਧਿਆਪਨ ਜੁਗਤਾਂ ਵਿਚ ਡਿਜੀਟਲ ਸਰੋਤਾਂ ਦੇ ਰਲੇਵੇਂ ਦਾ ਮੌਕਾ ਦੇਵੇਗਾ। ਜੋਰਵਾਲ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪ੍ਰਸ਼ਾਸਨ ਨੇ ਡਿਜੀਟਲ ਪਾੜੇ ਨੂੰ ਪੂਰਨ ਅਤੇ ਵਿਦਿਆਰਥੀ ਕੇਂਦਰਿਤ ਮਿਆਰੀ ਸਿੱਖਿਆ ਤੇ ਸੁਰੱਖਿਆ ਮੁਹੱਈਆ ਕਰਨ ਲਈ ਵੱਡਾ ਕਦਮ ਚੁੱਕਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8