ਹਰਿਆਣਾ ਨੂੰ ਪਾਣੀ ਛੱਡਣ ਦੇ ਮੁੱਦੇ ’ਤੇ ਪੰਜਾਬ ਨੇ ਮੰਗੀ ਮੋਹਲਤ; ਸੁਣਵਾਈ ਅੱਜ
Wednesday, May 21, 2025 - 02:43 AM (IST)

ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਤੇ ਭਾਖੜਾ-ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐੱਮ.ਬੀ) ਵਲੋਂ ਦਾਖ਼ਲ ਕੀਤੇ ਗਏ ਜਵਾਬਾਂ ’ਤੇ ਆਪਣਾ ਪੱਖ ਰੱਖਣ ਲਈ ਪੰਜਾਬ ਸਰਕਾਰ ਨੂੰ ਬੁੱਧਵਾਰ ਤਕ ਲਈ ਆਖ਼ਰੀ ਮੌਕਾ ਦਿੱਤਾ ਹੈ। ਹਾਈ ਕੋਰਟ ’ਚ 6 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਚ ਹਰਿਆਣਾ ਨੂੰ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਵਾਧੂ ਪਾਣੀ ਦੇਣ ਦਾ ਹੁਕਮ ਦਿੱਤਾ ਗਿਆ ਸੀ।
ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੀ ਡਿਵੀਜ਼ਨ ਬੈਂਚ ਨੇ ਉਸ ਸਮੇਂ ਇਕ ਦਿਨ ਦੀ ਮੋਹਲਤ ਦਿੱਤੀ ਜਦੋਂ ਪੰਜਾਬ ਵਲੋਂ ਸੀਨੀਅਰ ਵਕੀਲ ਗੁਰਮਿੰਦਰ ਸਿੰਘ ਨੇ ਜਵਾਬ ਦਾਖ਼ਲ ਕਰਨ ਲਈ ਵਾਧੂ ਸਮੇਂ ਦੀ ਮੰਗ ਕੀਤੀ ਸੀ। ਮਾਮਲੇ ਦੀ ਸੁਣਵਾਈ ਅੱਜ 22 ਮਈ ਨੂੰ ਹੋਵੇਗੀ। ਤਾਜ਼ਾ ਅੜਿੱਕਾ 23 ਅਪ੍ਰੈਲ ਤੋਂ ਸ਼ੁਰੂ ਹੋਇਆ ਸੀ ਜਦੋਂ ਹਰਿਆਣਾ ਨੇ ਭਾਖੜਾ-ਨੰਗਲ ਪ੍ਰਾਜੈਕਟ ਤੋਂ 8,500 ਕਿਊਸਿਕ ਪਾਣੀ ਮੰਗਿਆ, ਜੋ ਕਿ 4,500 ਕਿਊਸਿਕ ਪਾਣੀ ਦਾ ਵਾਧੂ ਹਿੱਸਾ ਹੈ। ਇਸ ਮੰਗ ਦਾ ਪੰਜਾਬ ਸਰਕਾਰ ਨੇ ਸਖ਼ਤ ਵਿਰੋਧ ਕੀਤਾ ਸੀ।