ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ, 5 ਲੱਖ ਦੇ ਕਰੀਬ ਖਿਡਾਰੀ ਲੈਣਗੇ ਹਿੱਸਾ

08/17/2022 4:30:35 PM

ਮੋਹਾਲੀ (ਪਰਦੀਪ) : ਖੇਡ ਵਿਭਾਗ ਵੱਲੋਂ ਸੂਬੇ 'ਚ ਖਿਡਾਰੀਆਂ ਦੇ ਹੁਨਰ ਦੀ ਸ਼ਨਾਖ਼ਤ, ਖੇਡਾਂ ਪੱਖੀ ਮਾਹੌਲ ਸਿਰਜਣ, ਸਿਹਤ ਪ੍ਰਤੀ ਜਾਗਰੂਕਤਾ, ਆਪਸੀ ਸਦਭਾਵਨਾ ਤੇ ਭਾਈਚਾਰਾ ਵਧਾਉਣ ਅਤੇ ਸਿਹਤਮੰਦ ਤੇ ਰੰਗਲਾ ਪੰਜਾਬ ਸਿਰਜਣ ਦੇ ਮੰਤਵ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਥੀਮ ਤਹਿਤ ਕਰਵਾਏ ਜਾ ਰਹੇ ਪੰਜਾਬ ਖੇਡ ਮੇਲੇ ਦਾ ਆਗਾਜ਼ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਕੀਤਾ ਜਾਵੇਗਾl ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ. ਏ. ਐੱਸ. ਨਗਰ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉੱਚ ਪੱਧਰੀ ਸਿਵਲ ਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀl ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡਾਂ 'ਚ ਗੁਆਚੀ ਸ਼ਾਨ ਮੁੜ ਬਹਾਲ ਕਰਨ ਦੀ ਵਚਨ ਬੱਧਤਾ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਥੀਮ ਖੇਡ ਵਿਭਾਗ ਵੱਲੋਂ ਉਲੀਕੇ ਖੇਡ ਮੇਲੇ 'ਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ ਪੋਰਟਲ www.punjabkhedmela2022.in 'ਤੇ ਜਾ ਕੇ 25 ਅਗਸਤ ਤੱਕ ਰਜਿਸਟ੍ਰੇਸ਼ਨ ਕਰਵਾ ਸਕਣਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਮਿਲੀ ਵੱਡੀ ਰਾਹਤ, 'ਥਾਣੇਦਾਰ ਦੀ ਪੈਂਟ ਗਿੱਲੀ' ਬਿਆਨ ਵਾਲਾ ਕੇਸ ਅਦਾਲਤ ਨੇ ਕੀਤਾ ਰੱਦ

ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਪੰਜਾਬ 'ਚ ਆਪਣੀ ਕਿਸਮ ਦੇ ਕਰਵਾਏ ਜਾ ਰਹੇ ਇਸ ਖੇਡ ਮੇਲੇ ਦੀ ਆਨਲਾਈਨ ਰਜਿਸਟ੍ਰੇਸ਼ਨ ਨਾਲ ਖਿਡਾਰੀਆਂ ਦਾ ਉਮਰ ਵਰਗ ਤੇ ਖੇਡ ਅਨੁਸਾਰ ਡਾਟਾਬੇਸ ਤਿਆਰ ਹੋਵੇਗਾ। ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਣ ਵਾਲਾ ਪੰਜਾਬ ਖੇਡ ਮੇਲਾ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ ਉਦਘਾਟਨੀ ਸਮਾਰੋਹ ਨਾਲ ਸ਼ੁਰੂ ਹੋਵੇਗਾ। ਬਲਾਕ ਪੱਧਰੀ ਮੁਕਾਬਲੇ 1 ਤੋਂ 7 ਸਤੰਬਰ, ਜ਼ਿਲ੍ਹਾ ਪੱਧਰੀ ਮੁਕਾਬਲੇ 12 ਤੋਂ 22 ਸਤੰਬਰ ਅਤੇ ਰਾਜ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ 6 ਗਰੁੱਪਾਂ ਦੇ 28 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਪੰਜਾਬ ਦੇ 5 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਮਾਨਤਾ ਪ੍ਰਾਪਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਆਪੋ-ਆਪਣੀਆਂ ਖੇਡਾਂ 'ਚ ਗਰੇਡਿੰਗ ਕਰਵਾ ਸਕਣਗੇ।

ਇਹ ਵੀ ਪੜ੍ਹੋ : ਪਲਾਸਟਿਕ ਡੋਰ ਨੇ ਘੁੰਮਣ ਨਿਕਲੇ ਪਰਿਵਾਰ ਦੀਆਂ ਖੋਹੀਆਂ ਖੁਸ਼ੀਆਂ, ਮਾਸੂਮ ਦੀ ਗਲਾ ਵੱਢੇ ਜਾਣ ਕਾਰਨ ਮੌਤ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਉਮਰ ਵਰਗ ਅੰਡਰ 14, ਅੰਡਰ 17, ਅੰਡਰ 21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਹੋਵੇਗਾ। ਖੇਡ ਮੇਲੇ 'ਚ ਪੈਰਾ ਸਪੋਰਟਸ ਵਾਲੇ ਖਿਡਾਰੀ ਲਈ ਵੀ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਾ ਜੇਤੂਆਂ ਨੂੰ 10 ਹਜ਼ਾਰ ਰੁਪਏ, 7 ਹਜ਼ਾਰ ਰੁਪਏ ਤੇ 5 ਹਜ਼ਾਰ ਰੁਪਏ ਅਤੇ ਸਰਟੀਫਿਕੇਟ ਮਿਲਣਗੇ। ਕੁੱਲ 6 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਜਾਵੇਗੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਮਾਨ ਵੱਲੋਂ ਪਟਿਆਲਾ ਵਿਖੇ 'ਪੰਜਾਬ ਐਵੀਏਸ਼ਨ ਮਿਊਜ਼ੀਅਮ' ਸਥਾਪਿਤ ਕਰਨ ਦੀ ਪ੍ਰਵਾਨਗੀ

ਖੇਡ ਮੰਤਰੀ ਨੇ ਦੱਸਿਆ ਕਿ ਸਾਰੇ ਜੇਤੂ ਖਿਡਾਰੀ ਸੂਬੇ ਦੀ ਗਰੇਡਸ਼ਨ ਨੀਤੀ 'ਚ ਕਵਰ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਦੌਰਾਨ ਜੇਤੂਆਂ ਤੋਂ ਇਲਾਵਾ ਹੋਰਨਾਂ ਖਿਡਾਰੀਆਂ ਵਿੱਚੋਂ ਵੀ ਡੋਪ ਟੈਸਟ ਕੀਤੇ ਜਾਣਗੇ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਡਾਇਰੈਕਟਰ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਪੂਜਾ ਐੱਸ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਅਮਰਦੀਪ ਸਿੰਘ ਗੁਜਰਾਲ, ਐੱਸ. ਡੀ. ਐੱਮ. ਮੋਹਾਲੀ ਸਰਬਜੀਤ ਕੌਰ, ਐੱਸ. ਡੀ. ਐੱਮ. ਖਰੜ ਰਵਿੰਦਰ ਸਿੰਘ ਅਤੇ ਹੋਰ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News