ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪੰਜਾਬ ਪੁਲਸ ਮੁਖੀ ਨੂੰ ਪੜਤਾਲੀਆ ਸੈੱਲ ਸਥਾਪਿਤ ਕਰਨ ਦੇ ਹੁਕਮ
Wednesday, Jul 28, 2021 - 05:29 PM (IST)
ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਇੱਕ ਪੱਤਰ ਰਾਹੀਂ ਪੰਜਾਬ ਪੁਲਸ ਦੇ ਮੁਖੀ ਨੂੰ ਹੁਕਮ ਦਿੱਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਸ਼ਿਕਾਇਤਾਂ ਦੀ ਪੜਤਾਲ ਲਈ ਪੜਤਾਲੀਆ ਸੈੱਲ ਸਥਾਪਿਤ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਸਬੰਧ ਵਿੱਚ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਤੋਂ ਪ੍ਰਾਪਤ ਪੜਤਾਲੀਆ ਰਿਪੋਰਟਾਂ ਨੂੰ ਵਾਚਣ ਅਤੇ ਸ਼ਿਕਾਇਤ ਕਰਤਾਵਾਂ ਨੂੰ ਸੁਣਨ ਉਪਰੰਤ ਕਮਿਸ਼ਨ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਸ਼ਿਕਾਇਤਾਂ ਸੱਚੀਆਂ ਹੋਣ ਦੇ ਬਾਵਜੂਦ ਵੀ ਪੜਤਾਲੀਆ ਰਿਪੋਰਟਾਂ ਐਸ. ਸੀ. ਵਰਗ ਦੇ ਖ਼ਿਲਾਫ਼ ਹੀ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਵਰਤਾਰੇ ਨੂੰ ਵੇਖਦੇ ਹੋਏ ਕਮਿਸ਼ਨ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ-2004 ਦੀ ਧਾਰਾ 3(2) ਦੀ ਸਬ ਧਾਰਾ (ਸੀ) ਤਹਿਤ ਕਮਿਸ਼ਨ ਦੇ ਐਕਸ ਆਫੀਸੀਓ ਮੈਂਬਰ ਅਤੇ ਡੀ.ਜੀ.ਪੀ. ਪੰਜਾਬ ਪੁਲਸ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਪੰਜਾਬ ਦੀਆਂ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਹਿੱਤ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਵਿੱਚ ਇੱਕ ਚਾਰ ਮੈਂਬਰੀ ਪੜਤਾਲੀਆ ਸੈੱਲ ਗਠਿਤ ਕੀਤਾ ਜਾਵੇ, ਜਿਸ ਦਾ ਮੁਖੀ ਅਨੁਸੂਚਿਤ ਜਾਤੀ ਨਾਲ ਸਬੰਧਿਤ ਆਈ. ਜੀ. ਰੈਂਕ ਦਾ ਪੁਲਸ ਅਧਿਕਾਰੀ ਹੋਵੇ ਅਤੇ ਡੀ.ਆਈ.ਜੀ. ਅਤੇ ਏ.ਆਈ.ਜੀ. ਰੈਂਕ ਦੇ ਅਧਿਕਾਰੀ ਮੈਂਬਰ ਹੋਣ। ਇਸ ਤੋਂ ਇਲਾਵਾ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਾਨੂੰਨੀ ਸਲਾਹਕਾਰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੀਤੀ ਗਈ ਕਾਰਵਾਈ ਬਾਰੇ 15 ਦਿਨਾਂ ਵਿੱਚ ਕਮਿਸ਼ਨ ਨੂੰ ਜਾਣੂੰ ਕਰਵਾਉਣ ਬਾਰੇ ਵੀ ਹਦਾਇਤ ਕੀਤੀ ਗਈ ਹੈ।