ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ ਮਾਮਲੇ ''ਚ ਨਵਾਂ ਮੋੜ, ਸਾਹਮਣੇ ਆਈ ਵੱਡੀ ਵਜ੍ਹਾ
Thursday, May 07, 2026 - 01:16 PM (IST)
ਸੰਗਰੂਰ (ਰਵੀ): ਸੰਗਰੂਰ ਪੁਲਸ ਨੇ 15 ਸਾਲਾ ਨੌਜਵਾਨ ਅਰਸ਼ਦੀਪ ਸਿੰਘ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਅਰਸ਼ਦੀਪ ਸਿੰਘ 10ਵੀਂ ਜਮਾਤ ਦਾ ਵਿਦਿਆਰਥੀ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕੁੜੀ ਕਾਰਨ ਇਹ ਲੜਾਈ ਹੋਈ ਸੀ, ਜਿਸ ਵਿਚ 15 ਸਾਲਾ ਅਰਸ਼ਦੀਪ ਸਿੰਘ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਤੇ ਉਸ ਦੇ ਭਰਾ ਅਵਨੀਤ ਨੂੰ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਰੋਸ ਵਜੋਂ ਪਰਿਵਾਰ ਤੇ ਸ਼ਹਿਰ ਵਾਸੀਆਂ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਸੰਗਰੂਰ ਦੇ ਬਾਜ਼ਾਰ ਬੰਦ ਕੀਤੇ ਸੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਜਦੋਂ ਤਕ ਦੋਸ਼ੀ ਫੜੇ ਨਹੀਂ ਜਾਂਦੇ, ਉਦੋਂ ਤਕ ਪੁੱਤ ਦਾ ਸਸਕਾਰ ਨਹੀਂ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ 4 ਤਾਰੀਖ਼ ਦੀ ਦੇਰ ਸ਼ਾਮ ਪੁਲਸ ਨੂੰ ਇਕ ਲੜਾਈ ਦੀ ਸੂਚਨਾ ਮਿਲੀ ਸੀ, ਜਿੱਥੇ ਦੋ ਵਿਅਕਤੀਆਂ ਨੇ ਦੋ ਨੌਜਵਾਨ ਬੱਚਿਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਹਸਪਤਾਲ ਲਿਜਾਣ 'ਤੇ ਅਰਸ਼ਦੀਪ ਸਿੰਘ ਨਾਂ ਦੇ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਉਸ ਦੇ ਸਾਥੀ ਅਵਨੀਤ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਐੱਸ.ਐੱਸ.ਪੀ. ਅਨੁਸਾਰ ਅਵਨੀਤ ਦੀ ਹਾਲਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ।
ਐੱਸ.ਐੱਸ.ਪੀ. ਚਾਹਲ ਨੇ ਅੱਗੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਥਾਣਾ ਸਿਟੀ ਸੰਗਰੂਰ ਵਿਚ ਐੱਫ.ਆਈ.ਆਰ. ਦਰਜ ਕਰਕੇ ਪੁਲਸ ਟੀਮਾਂ ਬਣਾਈਆਂ ਗਈਆਂ। ਪੁਲਸ ਨੇ ਉਸੇ ਰਾਤ ਛਾਪੇਮਾਰੀ ਕਰਕੇ 4 ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਸੀ। ਅਗਲੀ ਸਵੇਰ ਟੈਕਨੀਕਲ ਜਾਂਚ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਕੇਸ ਦੇ ਦੋ ਮੁੱਖ ਮੁਲਜ਼ਮਾਂ, ਮੁਹੰਮਦ ਨੋਮਨ ਅਤੇ ਉਮਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਉਮਰ ਲਗਭਗ 18 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਦੀ ਇਨ੍ਹਾਂ ਬੱਚਿਆਂ ਨਾਲ ਨਿੱਜੀ ਰੰਜਿਸ਼ ਸੀ, ਜਿਸ ਕਾਰਨ ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।
ਮੁਲਜ਼ਮਾਂ ਖਿਲਾਫ਼ ਕਤਲ ਅਤੇ ਹੋਰ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕੀ ਮੁਲਜ਼ਮਾਂ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਨੂੰ ਪਨਾਹ ਦੇਣ ਵਿਚ ਕੋਈ ਭੂਮਿਕਾ ਨਿਭਾਈ ਹੈ। ਜੇਕਰ ਕਿਸੇ ਦਾ ਰੋਲ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਸ ਵੱਲੋਂ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
