ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵੱਲੋਂ ਮੰਗਾਂ ਨਾ ਮੰਨੇ ਜਾਣ ''ਤੇ ਸੰਘਰਸ਼ ਦੀ ਚਿਤਾਵਨੀ

Wednesday, Dec 20, 2017 - 11:55 AM (IST)

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਵੱਲੋਂ ਮੰਗਾਂ ਨਾ ਮੰਨੇ ਜਾਣ ''ਤੇ ਸੰਘਰਸ਼ ਦੀ ਚਿਤਾਵਨੀ


ਕੋਟਕਪੂਰਾ (ਨਰਿੰਦਰ) - ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਸਟੇਟ ਆਗੂ ਅਤੇ ਮੰਡੀ ਬੋਰਡ ਦੇ ਸੂਬਾ ਪ੍ਰਧਾਨ ਵੀਰਇੰਦਰਜੀਤ ਸਿੰਘ ਪੁਰੀ ਅਤੇ ਜ਼ਿਲਾ ਫ਼ਰੀਦਕੋਟ ਦੇ ਜਨਰਲ ਸਕੱਤਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈੱਡਰੇਸ਼ਨ ਸਟੇਟ ਕਮੇਟੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ 'ਚ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ, ਆਂਗਣਵਾੜੀ, ਮਿਡ-ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਯੋਗ ਤਨਖਾਹ ਦਿਵਾਉਣ, ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ 'ਬਰਾਬਰ ਕੰਮ-ਬਰਾਬਰ ਤਨਖਾਹ' ਦਿਵਾਉਣ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਸਬੰਧ 'ਚ 23 ਦਸੰਬਰ ਤੱਕ ਬਲਾਕ ਪੱਧਰੀ ਅਰਥੀ ਫ਼ੂਕ ਮੁਜ਼ਾਹਰੇ ਕਰਨ ਦੇ ਫ਼ੈਸਲੇ ਅਨੁਸਾਰ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ 23 ਦਸੰਬਰ ਨੂੰ ਬਲਾਕ ਕੋਟਕਪੂਰਾ, ਬੱਤੀਆਂ ਵਾਲਾ ਚੌਕ 'ਚ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਜਾਵੇਗਾ, ਜਿਸ 'ਚ ਵਿਸ਼ੇਸ਼ ਤੌਰ 'ਤੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ ਵੀ ਸ਼ਾਮਲ ਹੋਣਗੇ। ਇਸ ਸਮੇਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ, ਪੇ-ਕਮਿਸ਼ਨ ਦੀ ਰਿਪੋਰਟ ਅਤੇ ਰਹਿੰਦੇ ਡੀ. ਏ. ਦੀਆਂ ਕਿਸ਼ਤਾਂ ਜਲਦੀ ਤੋਂ ਜਲਦੀ ਜਾਰੀ ਨਾ ਕੀਤੀਆਂ ਗਈਆਂ ਤਾਂ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।


Related News