ਅਧਿਆਪਕ ਸੂਬਾ ਕਨਵੀਨਰ ਬਸੋਤਾ ਦਾ ਦੂਰ ਤਬਾਦਲਾ, ਕਈ ਹੋਣਗੇ ਡਿਸਮਿਸ

11/28/2018 11:05:48 AM

ਚੰਡੀਗਡ਼੍ਹ, (ਭੁੱਲਰ)-ਪੰਜਾਬ ਸਰਕਾਰ ਨੇ ਸੂਬੇ ਵਿਚ ਚੱਲ ਰਹੇ ਅਧਿਆਪਕਾਂ ਦੇ ਅੰਦੋਲਨ ਨੂੰ ਦਬਾਉਣ ਲਈ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਜਿਥੇ ਅਧਿਆਪਕ ਮੋਰਚੇ ਦੇ ਸੂਬਾ ਕਨਵੀਨਰ ਹਰਜੀਤ ਬਸੋਤਾ ਦਾ 100 ਕਿਲੋਮੀਟਰ ਦੂਰ ਤਬਾਦਲਾ ਕਰ ਦਿੱਤਾ ਗਿਆ ਹੈ, ਉਥੇ ਹੀ ਕਈ ਹੋਰ ਪ੍ਰਮੁੱਖ ਆਗੂਆਂ ਦੀ ਮੁਅੱਤਲੀ ਤੋਂ ਬਾਅਦ ਉਨ੍ਹਾਂ ਨੂੰ ਅਗਲੀ ਸੁਣਵਾਈ ਲਈ ਬੁਲਾ ਕੇ ਡਿਸਮਿਸ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸਾਂਝੇ ਅਧਿਆਪਕ ਮੋਰਚੇ ਵਲੋਂ ਵੀ ਸਖ਼ਤ ਰੁਖ ਅਖ਼ਤਿਆਰ ਕਰਦਿਆਂ 2 ਦਸੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਦੀ ਘੇਰਾਬੰਦੀ ਕਰਕੇ ਢੁੱਕਵਾਂ ਜਵਾਬ ਦੇਣ ਦਾ ਐਲਾਨ ਕੀਤਾ ਗਿਆ ਹੈ।

 ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਬਲਕਾਰ ਸਿੰਘ ਵਲਟੋਹਾ, ਦਵਿੰਦਰ ਸਿੰਘ ਪੂਨੀਆ ਅਤੇ ਬਾਜ ਸਿੰਘ ਖਹਿਰਾ ਅਤੇ ਹੋਰਨਾਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਤਾਜ਼ਾ ਘਟਨਾਕ੍ਰਮ ਤਹਿਤ ਸਿੱਖਿਆ ਸਕੱਤਰ ਵਲੋਂ ਅਧਿਆਪਕਾਂ ਦੇ ਸੰਘਰਸ਼ ਵਿਚ ਮੋਹਰੀ ਭੂਮਿਕਾ ਨਿਭਾਅ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਹਰਜੀਤ ਸਿੰਘ ਬਸੋਤਾ ਨਾਲ ਧੱਕੇਸ਼ਾਹੀ ਕਰਦਿਅਾਂ ਉਨ੍ਹਾਂ ਦੀ ਬਦਲੀ ਮੋਹਾਲੀ ਤੋਂ ਗੁਰਦਾਸਪੁਰ ਜ਼ਿਲੇ ਦੇ ਡੇਰਾ ਬਾਬਾ ਨਾਨਕ ਇਲਾਕੇ ਵਿਚ ਕਰਨ ਦਾ ਫਰਮਾਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਨਖਾਹ  ’ਚ ਕਟੌਤੀ ਦਾ ਫੈਸਲਾ ਵਾਪਸ ਕਰਵਾਉਣ ਅਤੇ ਕਈ ਕਈ ਸਾਲਾਂ ਤੋਂ ਸ਼ੋਸ਼ਣ ਦਾ ਸ਼ਿਕਾਰ ਸਾਰੇ ਕੱਚੇ, ਠੇਕਾ ਅਾਧਾਰਿਤ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ’ਤੇ ਰੈਗੂਲਰ ਕਰਵਾਉਣ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਮੋਰਚੇ ਦੇ ਸੰਘਰਸ਼ ਵਿਚ ਗਤੀਸ਼ੀਲ ਅਧਿਆਪਕ ਆਗੂਆਂ ਹਰਦੀਪ ਟੋਡਰਪੁਰ, ਦੀਦਾਰ ਮੁੱਦਕੀ, ਭਰਤ ਕੁਮਾਰ, ਹਰਵਿੰਦਰ ਰੱਖਡ਼ਾ ਅਤੇ ਹਰਜੀਤ ਜੀਦਾ ਨੂੰ ਮੁਅੱਤਲ ਕਰਨ ਤੋਂ ਬਾਅਦ 28 ਨਵੰਬਰ ਨੂੰ ਮੁਹਾਲੀ ਵਿਖੇ ਨਿੱਜੀ ਸੁਣਵਾਈ ’ਤੇ ਬੁਲਾ ਕੇ ਸੇਵਾਵਾਂ ਖਤਮ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਦੱਸਿਆ ਕਿ ਤਨਖਾਹ ਕਟੌਤੀ ਨੂੰ ‘ਆਪਸ਼ਨ’ ਵਜੋਂ ਪ੍ਰਚਾਰਨ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਫੈਸਲੇ ਨੂੰ ਧੱਕੇਸ਼ਾਹੀ ਨਾਲ ਲਾਗੂ ਕਰਵਾਉਣ ਲਈ ਐੱਸ.ਐੱਸ.ਏ, ਰਮਸਾ, ਆਦਰਸ਼ ਅਤੇ ਮਾਡਲ ਸਕੂਲ ਅਧਿਆਪਕਾਂ ਦੀ ਪੰਜ ਮਹੀਨੇ ਤੋਂ ਤਨਖਾਹ ਰੋਕਣ, ਤਨਖਾਹ ’ਚ ਕਟੌਤੀ ਨੂੰ ਮਨਜ਼ੂਰ ਨਾ ਕਰਨ ਵਾਲੇ ਅਧਿਆਪਕਾਂ ਦੀਆਂ ਅਸਾਮੀਆਂ ਖਾਲੀ ਦਿਖਾ ਕੇ ਹੋਰਨਾਂ ਅਧਿਆਪਕਾਂ ਨੂੰ ਉਨ੍ਹਾਂ ਦੀ ਥਾਂ ਜਬਰੀ ਹਾਜ਼ਰ ਕਰਵਾਉਣ ਦੇ ਬਾਵਜੂਦ ਵੀ ਸੰਘਰਸ਼ ਨੂੰ ਦਬਾਉਣ ਵਿਚ ਅਸਫਲ ਰਹਿਣ ਤੋਂ ਬਾਅਦ ਹੁਣ ਆਖਰੀ ਹਥਕੰਡਾ ਵਰਤਦਿਆਂ ਆਪਣੇ ਸਿੱਖਿਆ ਸਕੱਤਰ ਰਾਹੀਂ ਜ਼ਿਲਾ ਸਿੱਖਿਆ ਅਫਸਰਾਂ, ਬਲਾਕ ਸਿੱਖਿਆ ਅਫਸਰਾਂ ਅਤੇ ਕੁੱਝ ਸਕੂਲ ਮੁਖੀਆਂ ਰਾਹੀਂ ਵੀ ਅਧਿਆਪਕਾਂ ਨੂੰ ਤਰ੍ਹਾਂ-ਤਰ੍ਹਾਂ ਦੇ ਡਰਾਵੇ ਅਤੇ ਧਮਕੀਆਂ ਦੇ ਕੇ ਤਨਖਾਹ ’ਚ ਕਟੌਤੀ ਦੇ ਫੈਸਲੇ ਨੂੰ ਲਾਗੂ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ।