ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ ਨੇ ਜਾਰੀ ਕੀਤੇ ਹੁਕਮ

Thursday, Mar 06, 2025 - 06:17 PM (IST)

ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ/ਮੁਹਾਲੀ : ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ ਜਨਤਾ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਨਵੀਆਂ ਅਰਬਨ ਅਸਟੇਟਾਂ ਬਣਾਉਣ ਦੀ ਹਦਾਇਤ ਕੀਤੀ। ਅੱਜ ਇੱਥੇ ਪੁੱਡਾ ਭਵਨ, ਮੁਹਾਲੀ ਵਿਖੇ ਵਿਭਾਗ ਅਧੀਨ ਕੰਮ ਕਰਦੀਆਂ ਵਿਕਾਸ ਅਥਾਰਟੀਆਂ ਅਤੇ ਨਗਰ ਅਤੇ ਗ੍ਰਾਮ ਯੋਜਨਾਬੰਦੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਮੁੰਡੀਆਂ ਨੇ ਅਧਿਕਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਡੇ ਸ਼ਹਿਰਾਂ ਦੇ ਨਾਲ-ਨਾਲ ਛੋਟੇ ਸ਼ਹਿਰਾਂ ਵਿਚ ਵੀ ਨਵੀਂਆਂ ਅਰਬਨ ਅਸਟੇਟਾਂ ਬਣਾਈਆਂ ਜਾਣ ਅਤੇ ਇਸ ਲਈ ਲੋੜ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾਵੇ। ਇਸ ਨਾਲ ਜਿੱਥੇ ਲੋਕਾਂ ਨੂੰ ਸਸਤੇ ਮੁੱਲ ਉਤੇ ਰਿਹਾਇਸ਼ ਉਪਲੱਬਧ ਹੋ ਸਕੇਗੀ, ਇਸ ਦੇ ਨਾਲ ਹੀ ਉਹ ਅਣਅਧਿਕਾਰਤ ਕਲੋਨੀਆਂ ਵਿਚ ਪ੍ਰਾਪਰਟੀ ਖਰੀਦਣ ਲਈ ਮਜਬੂਰ ਨਹੀਂ ਹੋਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦਾ ਪੰਜਾਬ ਵਾਸੀਆਂ ਨੂੰ ਸੁਨੇਹਾ, ਕਿਹਾ ਤੁਸੀਂ ਸਾਥ ਦਿਓ ਅਸੀਂ...

PunjabKesari

ਮੁੰਡੀਆਂ ਨੇ ਕਿਹਾ ਕਿ ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਕੀਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਛੋਟੇ ਤੋਂ ਲੈ ਕੇ ਵੱਡੇ ਪੱਧਰ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ। ਵਿਕਾਸ ਅਥਾਰਟੀਆਂ ਦੇ ਅਧਿਕਾਰ ਖੇਤਰ ਵਿਚ ਪੈਂਦੀਆਂ ਪ੍ਰਾਪਰਟੀਆਂ ਦੀ ਸਮੀਖਿਆ ਕਰਦੇ ਹੋਏ ਮੁੰਡੀਆਂ ਨੇ ਅਧਿਕਾਰੀਆਂ ਨੂੰ ਅਗਲੇ ਹਫਤੇ ਤੋਂ ਪ੍ਰਾਪਰਟੀਆਂ ਦੀ ਈ-ਨੀਲਾਮੀ ਕਰਨ ਦੇ ਹੁਕਮ ਦਿੱਤੇ ਤਾਂ ਜੋ ਲੋਕ ਆਪਣੇ ਘਰ ਬਣਾਉਣ ਜਾਂ ਵਪਾਰ ਸ਼ੁਰੂ ਕਰਨ ਲਈ ਪ੍ਰਾਪਰਟੀ ਖਰੀਦ ਸਕਣ। ਉਨ੍ਹਾਂ ਕਿਹਾ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਨਿਲਾਮੀ ਪੂਰੇ ਨਿਰਪੱਖ ਢੰਗ ਨਾਲ ਹੋਵੇ। ਉਨ੍ਹਾਂ ਡਿਫਾਲਟ ਪ੍ਰਾਜੈਕਟਾਂ ਸੰਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਸਿੱਖਿਆ ਵਿਭਾਗ ਨੇ ਪੰਜਾਬ ਦੇ ਕਈ ਸਕੂਲਾਂ ਦੀ ਮਾਨਤਾ ਕੀਤਾ ਰੱਦ

ਮੀਟਿੰਗ ਵਿਚ ਕੈਬਨਿਟ ਮੰਤਰੀ ਨੇ ਸੂਬੇ ਅੰਦਰ ਕੀਤੇ ਜਾ ਰਹੇ ਸ਼ਹਿਰੀ ਵਿਕਾਸ ਤਹਿਤ ਵਿਭਾਗ ਵੱਲੋਂ ਨੋਟੀਫਾਈ ਕੀਤੇ ਮਾਸਟਰ ਪਲਾਨਾਂ ਅਤੇ ਲੋਕਲ ਪਲਾਨਿੰਗ ਏਰੀਆ ਆਦਿ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਕਾਸ ਗਰਗ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਦੀ ਆਮ ਜਨਤਾ ਦੀ ਖੱਜਲ-ਖੁਆਰੀ ਬੰਦ ਕਰਨ ਦੀ ਨੀਤੀ ਤੇ ਅਮਲ ਕਰਨ ਅਤੇ ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਵਿਭਾਗ ਵੱਲੋਂ ਆਮ ਜਨਤਾ ਨੂੰ ਮੌਜੂਦਾ ਸਮੇਂ ਦਿੱਤੀਆਂ ਜਾ ਰਹੀਆਂ ਆਨ ਲਾਈਨ ਸੇਵਾਵਾਂ ਤੋਂ ਇਲਾਵਾ ਜੋ ਸੇਵਾਵਾਂ ਅਜੇ ਆਫ਼ ਲਾਈਨ ਦਿੱਤੀਆਂ ਜਾ ਰਹੀਆਂ ਹਨ ਨੂੰ ਵੀ ਆਨ ਲਾਈਨ ਕਰਨ ਲਈ ਕਦਮ ਚੁੱਕਣ। ਮੀਟਿੰਗ ਵਿਚ ਵਿਭਾਗ ਦੇ ਵਿਸ਼ੇਸ਼ ਸਕੱਤਰ ਅਪਨੀਤ ਰਿਆਤ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਨੀਰੂ ਕਤਿਆਲ ਗੁਪਤਾ, ਮੁੱਖ ਪ੍ਰਸ਼ਾਸਕ ਗਮਾਡਾ ਵਿਸ਼ੇਸ਼ ਸਾਰੰਗਲ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸੰਦੀਪ ਕੁਮਾਰ, ਪੀ.ਡੀ.ਏ-ਕਮ-ਬੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਜੇ.ਡੀ.ਏ -ਕਮ -ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ ਅਤੇ ਵਿਕਾਸ ਅਥਾਰਟੀਆਂ ਦੇ ਹੋਰ ਅਧਿਕਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ : Jalandhar ਹਾਈਵੇਅ 'ਤੇ ਦਿਲ ਕੰਬਾਊ ਹਾਦਸਾ, ਸਰੀਰਾਂ ਦੇ ਉੱਡੇ ਚਿੱਥੜੇ, ਆਧਾਰ ਕਾਰਡ ਤੋਂ ਹਾਈ ਪਛਾਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News