ਪੰਜਾਬ 'ਚ ਇਨ੍ਹਾਂ ਵਾਹਨਾਂ ਵਾਲਿਆਂ ਲਈ ਖ਼ਤਰੇ ਦੀ ਘੰਟੀ, ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ
Monday, Nov 23, 2026 - 12:04 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦੇ ਮਕਸਦ ਨਾਲ ਅਭਿਮੰਨਿਊ ਰਾਣਾ ਐੱਸ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲੇ ਭਰ ’ਚ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲੇ ਦੀਆਂ ਚਾਰਾਂ ਸਬ-ਡਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਚ ਪੁਲਸ ਟੀਮਾਂ ਵੱਲੋਂ ਰਾਤ ਸਮੇਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਵੱਲੋਂ ਖੁਦ ਵੀ ਵੱਖ-ਵੱਖ ਇਲਾਕਿਆਂ ਅਤੇ ਨਾਕਿਆਂ ’ਤੇ ਪਹੁੰਚ ਕੇ ਚੈਕਿੰਗ ਮੁਹਿੰਮ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਤਾਇਨਾਤ ਪੁਲਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜਿਸ ਦੀਆਂ ਲੱਤਾਂ ਭਾਰ ਨਹੀਂ ਝੱਲਦੀਆਂ ਉਹ ਪਾਰਟੀ ਛੱਡ ਸਕਦਾ, ਪਰਗਟ ਸਿੰਘ ਦੀ ਚਿਤਾਵਨੀ
ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਾਹਨਾਂ ’ਤੇ ਪੁਲਸ ਦੀ ਵਿਸ਼ੇਸ਼ ਨਜ਼ਰ
ਨਾਈਟ ਡੋਮੀਨੇਸ਼ਨ ਮੁਹਿੰਮ ਦੌਰਾਨ ਬਿਨਾਂ ਨੰਬਰ ਪਲੇਟਾਂ ਦੇ ਘੁੰਮ ਰਹੇ ਵਾਹਨਾਂ, ਸ਼ੱਕੀ ਹਾਲਤ ਵਿਚ ਘੁੰਮ ਰਹੇ ਵਿਅਕਤੀਆਂ ਅਤੇ ਵਾਹਨਾਂ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਨੰਬਰ ਪਲੇਟਾਂ ਦੀ ਤਸਦੀਕ ਕੀਤੀ ਜਾ ਰਹੀ ਹੈ। ਬਿਨਾਂ ਨੰਬਰ ਪਲੇਟਾਂ, ਮੋਡੀਫਾਈਡ ਸਾਇਲੈਂਸਰ, ਡਿਮ ਲਾਈਟਾਂ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ ਚਲਾਨ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ, ਤਾਂ ਜੋ ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਈ ਜਾ ਸਕੇ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਮੁੱਖ ਸੜਕਾਂ, ਬਾਜ਼ਾਰਾਂ, ਗਲੀ-ਮੁਹੱਲਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪਛਾਣ ਅਤੇ ਪੁਲਸ ਰਿਕਾਰਡ ਦੀ ਜਾਂਚ ਲਈ ਪਾਇਸ ਐਪ ਦੀ ਵਰਤੋਂ ਕੀਤੀ ਜਾ ਰਹੀ ਹੈ, ਜਦਕਿ ਸ਼ੱਕੀ ਵਾਹਨਾਂ ਦੀ ਤਸਦੀਕ ਲਈ ਵਾਹਨ ਐਪ ਰਾਹੀਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਟੀਮਾਂ ਵੱਲੋਂ ਰਾਤ ਸਮੇਂ ਗਸ਼ਤ ਨੂੰ ਵੀ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਐਤਵਾਰ ਨੂੰ ਹੋਏ ਲਾਵਾਂ-ਫੇਰੇ, ਬੁੱਧਵਾਰ ਵਾਪਰੇ ਹਾਦਸੇ ਨੇ ਉਜਾੜਿਆ ਨਵ-ਵਿਆਹੇ ਜੋੜੇ ਦਾ ਸੰਸਾਰ
ਡਰਿੰਕ ਐਂਡ ਡਰਾਈਵ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਸਖ਼ਤੀ
ਨਾਈਟ ਚੈਕਿੰਗ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ (ਡਰਿੰਕ ਐਂਡ ਡਰਾਈਵ), ਬਿਨਾਂ ਨੰਬਰ ਪਲੇਟਾਂ, ਟ੍ਰਿਪਲ ਰਾਈਡਿੰਗ, ਬਿਨਾਂ ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ ਵੀ ਵਿਸ਼ੇਸ਼ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਅਜਿਹੇ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਦੇਣ ਦੇ ਨਾਲ-ਨਾਲ ਕਾਨੂੰਨ ਅਨੁਸਾਰ ਚਲਾਨ ਅਤੇ ਲੋੜ ਅਨੁਸਾਰ ਵਾਹਨ ਇੰਪਾਊਂਡ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲਿਆਂ 'ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
ਨਵੰਬਰ ਮਹੀਨੇ ਦੌਰਾਨ 4,333 ਚਲਾਨ ਅਤੇ 127 ਵਾਹਨ ਇੰਪਾਊਂਡ
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਵੰਬਰ ਮਹੀਨੇ ਦੌਰਾਨ ਮਿਤੀ 20.11.2026 ਤੱਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ ਕੁੱਲ 4,333 ਚਲਾਨ ਕੀਤੇ ਗਏ ਹਨ ਅਤੇ ਮੋਟਰ ਵ੍ਹੀਕਲ ਐਕਟ ਤਹਿਤ 127 ਵਾਹਨ ਇੰਪਾਊਂਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਾਲੀਆਂ ਫਿਲਮਾਂ ਵਾਲੇ 40, ਬਿਨਾਂ ਨੰਬਰ ਪਲੇਟਾਂ ਸਬੰਧੀ 284, ਟ੍ਰਿਪਲ ਰਾਈਡਿੰਗ ਦੇ 239 ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 3,643 ਚਲਾਨ ਕੀਤੇ ਗਏ ਹਨ।
ਲੋਕਾਂ ਨੂੰ ਜਾਗਰੂਕ ਕਰਨ ਲਈ 120 ਟ੍ਰੈਫਿਕ ਸੈਮੀਨਾਰ
ਐੱਸ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਇਕ ਮਹੀਨੇ ਦੌਰਾਨ ਸਕੂਲਾਂ, ਕਾਲਜਾਂ, ਪਿੰਡਾਂ, ਸ਼ਹਿਰਾਂ ਅਤੇ ਹੋਰ ਜਨਤਕ ਥਾਵਾਂ ’ਤੇ ਲਗਭਗ 120 ਟ੍ਰੈਫਿਕ ਜਾਗਰੂਕਤਾ ਸੈਮੀਨਾਰ ਲਾਏ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨ। ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਤੋਂ ਗੁਰੇਜ਼ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ। ਉਨ੍ਹਾਂ ਖ਼ਾਸ ਤੌਰ ’ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਾਬਾਲਗ ਬੱਚਿਆਂ ਨੂੰ ਕਿਸੇ ਵੀ ਹਾਲਤ ’ਚ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ, ਕਿਉਂਕਿ ਬਿਨਾਂ ਲਾਇਸੈਂਸ ਵਾਹਨ ਚਲਾਉਣਾ ਬੱਚਿਆਂ ਦੀ ਆਪਣੀ ਅਤੇ ਦੂਜਿਆਂ ਦੀ ਜਾਨ ਲਈ ਖ਼ਤਰਾ ਬਣ ਸਕਦਾ ਹੈ। ਇਸ ਦੇ ਨਾਲ ਹੀ ਬਾਜ਼ਾਰਾਂ ਵਿੱਚ ਵਾਹਨ ਨਿਰਧਾਰਤ ਪਾਰਕਿੰਗ ਥਾਵਾਂ ’ਤੇ ਹੀ ਖੜ੍ਹੇ ਕਰਨ ਤਾਂ ਜੋ ਆਵਾਜਾਈ ’ਚ ਕੋਈ ਰੁਕਾਵਟ ਨਾ ਆਵੇ। ਐੱਸ. ਐੱਸ. ਪੀ. ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਅਮਨ-ਸ਼ਾਂਤੀ ਭੰਗ ਕਰਨ, ਅਪਰਾਧਿਕ ਗਤੀਵਿਧੀਆਂ ’ਚ ਸ਼ਾਮਲ ਹੋਣ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੰਤ ’ਚ ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਪੁਲਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਸੂਚਿਤ ਕਰਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
