6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਕਰਾਂਗੇ ਘਰਾਓ : MP ਅਮਰ ਸਿੰਘ
Tuesday, Mar 03, 2026 - 05:41 PM (IST)
ਫਤਿਹਗੜ੍ਹ ਸਾਹਿਬ (ਜਗਦੇਵ) : ਹਲਕਾ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰਸ ਦੌਰਾਨ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਭਾਰਤ-ਅਮਰੀਕਾ ਸਮਝੌਤੇ ਅਤੇ ਮਨਰੇਗਾ ਨੂੰ ਖਤਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਪ੍ਰਤੀ ਲਾਮਬੰਦ ਕਰਦੇ ਹੋਏ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ ਅਤੇ ਕੇਂਦਰ ਦੇ ਮੁੱਦਿਆਂ, ਪੰਜਾਬ ਦੀ ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ 6 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਰਾਓ ਕੀਤਾ ਜਾਵੇਗਾ।
ਡਾ. ਅਮਰ ਸਿੰਘ ਨੇ ਕਿਹਾ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਆਪਸ ਵਿਚ ਰਲੇ ਹੋਏ ਹਨ। ਇਸੇ ਲਈ ਹੀ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਜੋ ਪਾਲਿਸੀਆਂ ਪੰਜਾਬ ਵਿਰੋਧੀ ਲਿਆਂਦੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਵਿਰੋਧ ਨਹੀਂ ਕਰ ਰਹੀ। ਡਾ. ਅਮਰ ਸਿੰਘ ਨੇ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਹਿਤੈਸ਼ੀ ਹੈ ਤਾਂ ਅਜਿਹੇ ਮੁੱਦਿਆਂ ਨੂੰ ਲੈ ਕੇ ਵਿਧਾਇਕਾਂ ਵੱਲੋਂ ਪ੍ਰਧਾਨ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਭਾਰਤ ਅਮਰੀਕਾ ਸਮਝੌਤੇ ਦੇ ਤਹਿਤ ਅਜਿਹੇ ਕਾਲਮ ਰੱਖੇ ਗਏ ਹਨ ਜਿਸ ਵਿਚ ਕਿਸੇ ਵੀ ਫਸਲ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ, ਇਸ ਲਈ ਇਹ ਸਮਝੌਤਾ ਭਵਿੱਖ ਵਿਚ ਕਿਸਾਨੀ ਲਈ ਬਹੁਤ ਖਤਰਨਾਕ ਸਾਬਤ ਹੋਵੇਗਾ।
