2 ਤੋਂ 6 ਅਗਸਤ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
Wednesday, Jul 24, 2019 - 06:49 PM (IST)

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 6 ਅਗਸਤ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ 'ਚ ਹੋਈ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ। ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ ਵਿਧਾਨ ਸਭਾ ਦਾ ਅੱਠਵਾਂ ਇਜਲਾਸ ਸੱਦਣ ਲਈ ਪੰਜਾਬ ਦੇ ਰਾਜਪਾਲ ਨੂੰ ਅਧਿਕਾਰਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਇਹ ਇਜਲਾਸ 2 ਅਗਸਤ ਨੂੰ ਬਾਅਦ ਦੁਪਹਿਰ ਸ਼ੁਰੂ ਹੋਵੇਗਾ ਅਤੇ ਪਹਿਲੇ ਦਿਨ ਵਿੱਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸੇ ਤਰਾਂ ਵਿਧਾਨਕ ਕੰਮਕਾਰ 5 ਅਗਸਤ ਨੂੰ ਸਵੇਰੇ 11 ਵਜੇ ਅਤੇ 6 ਅਗਸਤ ਨੂੰ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਗਸਤ ਨੂੰ ਤਜਵੀਜ਼ਤ ਵਿਧਾਨਕ ਕੰਮਕਾਰ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਜਾਵੇਗਾ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਕੈਬਨਿਟ 'ਚੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਕੈਬਨਿਟ ਦੀ ਇਹ ਪਹਿਲੀ ਬੈਠਕ ਸੀ, ਜਿਸ 'ਚ ਮਾਨਸੂਨ ਸੈਸ਼ਨ ਦੀ ਤਰੀਕ ਦਾ ਐਲਾਨ ਕਰਨ ਦੇ ਨਾਲ-ਨਾਲ ਕਈ ਅਹਿਮ ਫੈਸਲਿਆਂ 'ਤੇ ਮੋਹਰ ਲਗਾਈ ਗਈ ਹੈ।