ਪੰਜਾਬ ਵਿਧਾਨ ਸਭਾ 'ਚ PU ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਪਾਸ, ਭਾਜਪਾ ਨੇ ਜਤਾਇਆ ਵਿਰੋਧ
Thursday, Jun 30, 2022 - 01:14 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੇ ਮੁੱਦੇ 'ਤੇ ਪ੍ਰਸਤਾਵ ਪਾਸ ਕੀਤਾ ਗਿਆ। ਇਹ ਪ੍ਰਸਤਾਵ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿਹੜਾ ਮਤਾ ਅਸੀਂ ਪੇਸ਼ ਕਰ ਰਹੇ ਹਾਂ, ਕੇਂਦਰ ਤੋਂ ਭੀਖ ਨਹੀਂ ਮੰਗ ਰਹੇ ਕਿਉਂਕਿ ਪੰਜਾਬ ਯੂਨੀਵਰਸਿਟੀ 'ਤੇ ਸਾਡਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹਾਲਾਤ 'ਚ ਕੇਂਦਰ ਨੂੰ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਕਰਨ ਦਿੱਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਦਿਅਕ ਅਦਾਰੇ ਦੇ ਨਾਲ-ਨਾਲ ਸਾਡੀ ਵਿਰਾਸਤ ਵੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਿਸਿਟੀ ਦੇ ਕੇਂਦਰੀਕਰਨ 'ਤੇ ਸਰਕਾਰ ਚਿੰਤਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਚੰਡੀਗੜ੍ਹ, ਪੰਜਾਬ ਦੇ ਪਾਣੀਆਂ 'ਤੇ ਵੀ ਸਾਡਾ ਹੱਕ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪਿੰਡ ਉਜਾੜ ਕੇ ਹੀ ਯੂਨੀਵਰਸਿਟੀ ਬਣਾਈ ਗਈ ਹੈ ਤਾਂ ਫਿਰ ਇਸ ਦਾ ਕੇਂਦਰੀਕਰਨ ਅਸੀਂ ਕਿਸ ਤਰ੍ਹਾਂ ਕਰਨ ਦੇ ਦੇਈਏ। ਇਸ ਮਤੇ ਦਾ ਭਾਜਪਾ ਵੱਲੋਂ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ SYL ਗੀਤ ਬੈਨ ਦਾ ਮੁੱਦਾ ਉੱਠਿਆ, ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਖ਼ਾਸ ਮੰਗ
ਭਾਜਪਾ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਕੋਈ ਮੰਸ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੂਨੀਵਰਸਿਟੀ 'ਚ 40 ਫ਼ੀਸਦਾ ਹਿੱਸਾ ਪਾਉਣਾ ਹੁੰਦਾ ਹੈ ਪਰ ਸਰਕਾਰ ਵੱਲੋਂ ਸਿਰਫ 10 ਫ਼ੀਸਦੀ ਹਿੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ 'ਤੇ ਮਤਾ ਲਿਆ ਕੇ ਜਨਤਾ ਨੂੰ ਗੁੰਮਰਾਹ ਨਾ ਕਰੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ ਇਸ ਮਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਮਤੇ ਨੂੰ ਵਿਧਾਨ ਸਭਾ 'ਚ ਲਿਆਉਣ ਦੀ ਕੋਈ ਲੋੜ ਹੀ ਨਹੀਂ ਸੀ ਅਤੇ ਮਤਾ ਲਿਆਉਣ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਇਸ ਬਾਰੇ ਸੋਚ ਲੈਣਾ ਚਾਹੀਦਾ ਸੀ। ਇਸ ਸਭ ਤੋਂ ਬਾਅਦ ਭਾਜਪਾ ਦੇ ਵਿਰੋਧ ਦੇ ਬਾਵਜੂਦ ਇਸ ਮਤੇ ਨੂੰ ਸਦਨ 'ਚ ਪਾਸ ਕਰ ਦਿੱਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ