ਚੋਣ ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰ ਕੱਢਣਗੇ ਜਲੂਸ ਤਾਂ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

Wednesday, Mar 09, 2022 - 01:48 PM (IST)

ਚੋਣ ਨਤੀਜਿਆਂ ਤੋਂ ਬਾਅਦ ਜੇਤੂ ਉਮੀਦਵਾਰ ਕੱਢਣਗੇ ਜਲੂਸ ਤਾਂ ਹੋਵੇਗੀ ਸਖ਼ਤ ਕਾਰਵਾਈ: ਡਿਪਟੀ ਕਮਿਸ਼ਨਰ

ਜਲੰਧਰ (ਚੋਪੜਾ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।  ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ 'ਤੇ ਰੋਕ ਲਗਾਈ ਗਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਐਗਜ਼ਿਟ ਪੋਲ ਅਨੁਸਾਰ ਆਏ ਨਤੀਜੇ ਤਾਂ ਪੰਜਾਬ ’ਚ ਫੇਲ ਸਾਬਿਤ ਹੋਵੇਗਾ ਡੇਰਾ ਫੈਕਟਰ
ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।

ਇਹ ਵੀ ਪੜ੍ਹੋ: ਜਲੰਧਰ ਵਿਖੇ ਨਿੱਜੀ ਹਸਪਤਾਲ ਦੀ ਨਰਸ ਨੇ ਕੀਤੀ ਖ਼ੁਦਕੁਸ਼ੀ, ਹੋਸਟਲ ਦੇ ਕਮਰੇ ’ਚ ਲਟਕਦੀ ਮਿਲੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News