ਵੋਟਾਂ ਦੀ ਗਿਣਤੀ ਭਲਕੇ, ਕੇਂਦਰਾਂ ’ਤੇ ਤਾਇਨਾਤ ਹੋਣਗੇ 681 ਪੁਲਸ ਤੇ ਸੁਰੱਖਿਆ ਬਲ ਦੇ ਜਵਾਨ
Wednesday, Mar 09, 2022 - 05:40 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਸ਼ਹੀਦ ਭਗਤ ਸਿੰਘ ਨਗਰ ਪੁਲਸ ਨੇ 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਲਈ 681 ਪੁਲਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨ ਤਾਇਨਾਤ ਕੀਤੇ ਹਨ। ਅੱਜ ਗਿਣਤੀ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸੀਨੀਅਰ ਕਪਤਾਨ ਪੁਲਸ (ਐੱਸ. ਐੱਸ. ਪੀ.) ਕੰਵਰਦੀਪ ਕੌਰ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਧਾਨ ਸਭਾ ਹਲਕਿਆਂ ਦੇ ਤਿੰਨਾਂ ਗਿਣਤੀ ਕੇਂਦਰਾਂ ’ਤੇ ਪਹਿਲਾਂ ਹੀ ਤਿੰਨ ਪੜਾਵੀ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ।
ਕੰਵਰਦੀਪ ਕੌਰ ਨੇ ਕਿਹਾ ਕਿ ਤਿੰਨ ਪੁਲਸ ਸੁਪਰਡੈਂਟ (ਐੱਸ. ਪੀ.), 9 ਡਿਪਟੀ ਪੁਲਸ ਸੁਪਰਡੈਂਟ ਅਤੇ 33 ਇੰਸਪੈਕਟਰ ਪੂਰੀ ਫ਼ੋਰਸ ਦੇ ਨਾਲ ਸ਼ੁੱਕਰਵਾਰ ਨੂੰ ਪੂਰੇ ਸੁਰੱਖਿਆ ਘੇਰੇ ਦੀ ਨਿਗਰਾਨੀ ਕਰਨਗੇ ਅਤੇ ਉਹ ਗਿਣਤੀ ਕੇਂਦਰਾਂ ਦੇ ਸੁਰੱਖਿਆ ਪ੍ਰਬੰਧਾਂ ’ਤੇ ਤਿੱਖੀ ਨਜ਼ਰ ਰੱਖਣਗੇ। ਐੱਸ. ਐੱਸ. ਪੀ. ਨੇ ਦੱਸਿਆ ਕਿ ਗਿਣਤੀ ਕੇਂਦਰ ਵਿਚ ਆਉਣ ਵਾਲੇ ਉਮੀਦਵਾਰਾਂ, ਏਜੰਟਾਂ ਅਤੇ ਮੀਡੀਆ ਕਰਮੀਆਂ ਨੂੰ ਆਪਣੇ ਵਾਹਨ ਨਿਰਧਾਰਿਤ ਪਾਰਕਿੰਗ ਯਾਰਡਾਂ ਵਿਚ ਹੀ ਪਾਰਕ ਕਰਨੇ ਹੋਣਗੇ ਅਤੇ ਕਿਸੇ ਕਿਸਮ ਦੀ ਭੀੜ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ: ਤਾਂ ਕੀ ਕਾਂਗਰਸ ਤੇ ਭਾਜਪਾ ਦਾ ਇਹ ਦਾਅ ਹੋ ਗਿਆ ਹੈ ਫਲਾਪ ?
ਉਨ੍ਹਾਂ ਅੱਗੇ ਕਿਹਾ ਕਿ ਅਣ-ਅਧਿਕਾਰਤ ਵਾਹਨਾਂ ਅਤੇ ਵਿਅਕਤੀਆਂ ਨੂੰ ਇਨ੍ਹਾਂ ਭਾਰੀ ਸੁਰੱਖਿਆ ਵਾਲੇ ਕੇਂਦਰਾਂ ਤੋਂ ਦੂਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ, ਏਜੰਟਾਂ ਜਾਂ ਅਧਿਕਾਰੀਆਂ ਸਮੇਤ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਵਿਚ ਮੋਬਾਇਲ ਜਾਂ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਸ਼੍ਰੀਮਤੀ ਕੌਰ ਨੇ ਕਿਹਾ ਕਿ ਜਿਹੜੇ ਲੋਕ ਜ਼ਿਲਾ ਚੋਣ ਅਫਸਰ/ਰਿਟਰਨਿੰਗ ਅਫਸਰ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਸ਼ਨਾਖਤੀ ਕਾਰਡ ਲੈ ਕੇ ਆਉਂਦੇ ਹਨ, ਉਨ੍ਹਾਂ ਨੂੰ ਹੀ ਗਿਣਤੀ ਕੇਂਦਰ ਤੱਕ ਜਾਣ ਦੀ ਇਜਾਜ਼ਤ ਹੋਵੇਗੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਗਿਣਤੀ ਕੇਂਦਰ ਦੇ ਅੰਦਰ ਅਤੇ ਬਾਹਰ ਸੀ. ਸੀ. ਟੀ. ਵੀ. ਕੈਮਰੇ ਲਾਏ ਗਏ ਹਨ। ਸ਼੍ਰੀਮਤੀ ਕੌਰ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਸਵੇਰੇ 8 ਵਜੇ ਪੋਸਟਲ ਬੈਲਟ ਦੀ ਗਿਣਤੀ ਸ਼ੁਰੂ ਕੀਤੀ ਜਾਵੇਗੀ, ਜਿਸ ਤੋਂ ਬਾਅਦ ਈ. ਵੀ. ਐੱਮਜ਼ ਦੀ ਗਿਣਤੀ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ: ਤਾਂ ਕੀ ਪੰਜਾਬ ’ਚ ਪਹਿਲੀ ਵਾਰ ਬਣੇਗੀ ਗੈਰ ਪੰਥਕ ਪਾਰਟੀ ਦੀ ਸਰਕਾਰ?
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ