ਪੰਜਾਬ ਵਿਧਾਨ ਸਭਾ ''ਚ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਅਹਿਮ ਮਤਾ ਪਾਸ
Tuesday, Feb 25, 2020 - 06:36 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਤੀਜਾ ਦਿਨ ਵੀ ਹੰਗਾਮਾ ਭਰਪੂਰ ਰਿਹਾ। ਇਸ ਹੰਗਾਮੇ ਦੌਰਾਨ ਪੰਜਾਬ ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸੰਬੰਧੀ ਅਹਿਮ ਮਤਾ ਪਾਸ ਕੀਤਾ ਗਿਆ। ਜਿਸ 'ਚ ਕਰਤਾਰਪੁਰ ਜਾਣ ਲਈ ਸ਼ਰਧਾਲੂਆਂ ਤੋਂ ਵਸੂਲੀ ਜਾ ਰਹੀ 20 ਡਾਲਰ ਦੀ ਫੀਸ ਘਟਾਉਣ ਅਤੇ ਪਾਸਪੋਰਟ ਦੀ ਸ਼ਰਤ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਇਹ ਮਤਾ ਸਦਨ ਵਿਚ ਲਿਆਂਦਾ ਗਿਆ, ਜਿਸ ਦੀ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵਲੋਂ ਹਮਾਇਤ ਕੀਤੀ ਗਈ।
ਵਿਧਾਨ ਸਭਾ 'ਚ ਪਾਸ ਕੀਤਾ ਮਤਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਬ ਪਾਰਟੀ ਵਫਦ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਦਾ ਯਤਨ ਕਰੇਗਾ। ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਗਾਈਆਂ ਗਈਆਂ ਸ਼ਰਤਾਂ ਬਹੁਤ ਸਖਤ ਹਨ। ਜਿਨ੍ਹਾਂ ਨੂੰ ਸੌਖਿਆਂ ਪੂਰਾ ਨਹੀਂ ਕੀਤਾ ਸਕਦਾ।
ਉਨ੍ਹਾਂ ਕਿਹਾ ਕਿ ਬਹੁ ਗਿਣਤੀ ਲੋਕਾਂ ਕੋਲ ਪਾਸਪੋਰਟ ਹੀ ਨਹੀਂ ਹੈ, ਜਿਸ ਕਾਰਨ ਵੱਡੀ ਗਿਣਤੀ ਸੰਗਤ ਦਰਸ਼ਨਾਂ ਤੋਂ ਵਾਂਝੀ ਹੈ। ਲਿਹਾਜ਼ਾ ਪਾਸਪੋਰਟ ਦੇ ਪ੍ਰੋਸੈੱਸ ਨੂੰ ਹਟਾ ਕੇ ਸ਼ਰਤਾਂ ਘਟਾਉਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਕਰਤਾਪੁਰ ਸਾਹਿਬ ਲਾਂਘੇ 'ਤੇ ਸਬਸਿਡੀ ਦੇਣੀ ਚਾਹੀਦੀ ਹੈ ਅਤੇ ਟੈਕਸ ਵੀ ਹਟਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਮਤੇ ਦੀ ਕਾਪੀ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜੀ ਜਾਵੇ ਤਾਂ ਜੋ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਸਕਣ।